ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ

Thursday, Aug 04, 2022 - 02:10 AM (IST)

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਲਈ ਕਿਹਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਪਾਰਟੀ ਵਿਧਾਇਕਾਂ ਨੂੰ ਸੂਬਾ ਸਰਕਾਰ ਦੀਆਂ ਲੋਕ ਪੱਖੀ ਤੇ ਵਿਕਾਸ ਮੁਖੀ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਸਮਾਜ ਦੇ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਪਾਰਟੀ ਦੇ ਵਿਧਾਇਕਾਂ ਨਾਲ ਵਿਚਾਰ-ਚਰਚਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮਿਸ਼ਨ ਨੂੰ ਬਹੁਤ ਯੋਜਨਾਬੱਧ ਢੰਗ ਨਾਲ ਉਲੀਕਿਆ ਗਿਆ ਹੈ ਅਤੇ ਹੁਣ ਇਸ ਨੂੰ ਬਿਨਾਂ ਕਿਸੇ ਔਕੜ ਤੋਂ ਅਮਲੀਜਾਮਾ ਪਹਿਨਾਇਆ ਜਾਵੇ ਤਾਂ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਇਸ ਮਨੋਰਥ ਲਈ ਵਿਧਾਇਕਾਂ ਨੂੰ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਵਾਸੀ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬਦਲਿਆ ਫ਼ੈਸਲਾ, ਨਹੀਂ ਹੋਵੇਗਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ

ਮੁੱਖ ਮੰਤਰੀ ਨੇ ਵਿਧਾਇਕਾਂ ਪਾਸੋਂ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ 'ਚ ਦਰਪੇਸ਼ ਸਮੱਸਿਆਵਾਂ ਬਾਰੇ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਵਿਧਾਇਕਾਂ ਨੂੰ ਜਾਣਕਾਰੀ ਦਿੱਤੀ ਕਿ ਆਉਂਦੇ ਆਜ਼ਾਦੀ ਦਿਹਾੜੇ 'ਤੇ 15 ਅਗਸਤ ਨੂੰ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ, ਜਿਸ ਨਾਲ ਪੰਜਾਬ ਵਾਸੀਆਂ ਨੂੰ ਮਿਆਰੀ ਇਲਾਜ ਹਾਸਲ ਹੋਣ ਨਾਲ ਸੂਬੇ ਦੇ ਸਿਹਤ ਸੰਭਾਲ ਖੇਤਰ 'ਚ ਨਵੇਂ ਦਿਸਹੱਦੇ ਕਾਇਮ ਹੋਣਗੇ। ਮਾਨ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕੇ ਦੇ ਜ਼ਰੂਰੀ ਕੰਮਾਂ ਬਾਰੇ ਪ੍ਰਮੁੱਖਤਾ ਨਾਲ ਪਤਾ ਲਾਉਣ ਲਈ ਆਖਿਆ ਤਾਂ ਕਿ ਇਨ੍ਹਾਂ ਕੰਮਾਂ ਨੂੰ ਮੁਕੰਮਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਹਥਿਆਰਬੰਦ ਲੁਟੇਰਿਆਂ ਨੇ ਇਕ ਮਹੀਨੇ 'ਚ 2 ਵਾਰ ਲੁੱਟਿਆ ਪੈਟਰੋਲ ਪੰਪ, ਘਟਨਾ CCTV 'ਚ ਕੈਦ

ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨਵੀਆਂ ਸਕੀਮਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਸਕੀਮਾਂ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਉਨ੍ਹਾਂ ਦੇ ਸੁਝਾਅ ਵੀ ਮੰਗੇ। ਉਨ੍ਹਾਂ ਕਿਹਾ ਕਿ ਕਾਰਜ ਪਾਲਿਕਾ ਤੇ ਵਿਧਾਨ ਪਾਲਿਕਾ, ਦੋਵੇਂ ਹੀ ਜਮਹੂਰੀਅਤ ਦੇ ਮਹੱਤਵਪੂਰਨ ਥੰਮ੍ਹ ਹਨ ਅਤੇ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਦੋਵਾਂ ਦਰਮਿਆਨ ਸੰਪੂਰਨ ਸੰਤੁਲਨ ਬਿਠਾਉਣ ਦੀ ਲੋੜ ਹੈ। ਸੀ.ਐੱਮ. ਨੇ ਸੂਬੇ ਦੀ ਸਰਬਪੱਖੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਭਵਿੱਖਮੁਖੀ ਰੂਪ-ਰੇਖਾ ਬਾਰੇ ਵੀ ਵਿਧਾਇਕਾਂ ਨਾਲ ਵਿਚਾਰ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News