ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ’ਚ ਦਾਖ਼ਲ : ਹਰਜੋਤ ਬੈਂਸ

Thursday, Apr 06, 2023 - 05:24 PM (IST)

ਪੰਜਾਬ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ’ਚ ਦਾਖ਼ਲ : ਹਰਜੋਤ ਬੈਂਸ

ਮੋਹਾਲੀ (ਨਿਆਮੀਆਂ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਕੂਲੀ ਸਿੱਖਿਆ ਦੇਣ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨਵੇਂ ਦੌਰ ’ਚ ਦਾਖ਼ਲ ਹੋ ਗਈ ਹੈ। ਸਕੂਲਾਂ ’ਚ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਸ਼ਾਨਦਾਰ ਮਾਹੌਲ ਸਿਰਜਣ ਦੀ ਪ੍ਰਕਿਰਿਆ ਆਰੰਭੀ ਗਈ ਹੈ। ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਆਦੇਸ਼ਾਂ ਦੇ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਉਹ ਖੁਦ ਸਕੂਲਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ  ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੇ ਦਾਖ਼ਲੇ ’ਚ ਵੀ ਵਾਧਾ ਹੋਇਆ ਹੈ। ਇਸ ਸਾਲ ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਆਪਣੇ  ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ’ਚ ਦਾਖ਼ਲਾ ਕਰਵਾਇਆ ਹੈ।

PunjabKesari

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸੂਬੇ ਦੇ 80 ਫ਼ੀਸਦੀ ਸਰਕਾਰੀ ਸਕੂਲਾਂ ’ਚ ਕਿਤਾਬਾਂ ਪਹੁੰਚਾ ਦਿੱਤੀਆਂ ਹਨ ਅਤੇ ਬਾਕੀ ਸਕੂਲਾਂ ’ਚ 10 ਅਪ੍ਰੈਲ ਤੱਕ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਬੱਚਿਆਂ ਨੂੰ ਸਤੰਬਰ-ਅਕਤੂਬਰ ਤੱਕ ਵੀ ਕਿਤਾਬਾਂ ਨਹੀਂ ਮਿਲਦੀਆਂ ਸਨ, ਜਿਸ ਨਾਲ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੁੰਦਾ ਸੀ। 

ਇਹ ਵੀ ਪੜ੍ਹੋ : ਇਤਿਹਾਸ ’ਚ ਪਹਿਲੀ ਵਾਰ : ਸੈਸ਼ਨ ਸ਼ੁਰੂ ਹੁੰਦੇ ਹੀ ਸਕੂਲਾਂ ’ਚ ਪਹੁੰਚੀਆਂ ਕਿਤਾਬਾਂ

ਹਰਜੋਤ ਸਿੰਘ ਬੈਂਸ ਕਿਹਾ ਕਿ ਪੜ੍ਹਾਈ ਦੇ ਮਿਆਰ ’ਚ ਵਾਧਾ ਕਰਨ ਲਈ ਸੂਬੇ ’ਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ। ਇਨ੍ਹਾਂ ਸਕੂਲਾਂ ’ਚ ਸਰਕਾਰੀ ਸਕੂਲਾਂ ਦੇ 75 ਫ਼ੀਸਦੀ ਵਿਦਿਆਰਥੀਆਂ ਨੂੰ ਦਾਖ਼ਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਿਵਾਈ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ’ਚ ਸਿੱਖਿਆ ਪ੍ਰਣਾਲੀ ’ਚ ਵਿਆਪਕ ਪੱਧਰ ਉੱਤੇ ਸੁਧਾਰ ਕੀਤਾ ਜਾ ਸਕੇ। ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਸੂਬੇ ਦੇ ਸਕੂਲਾਂ ’ਚ 2000 ਦੇ ਕਰੀਬ ਨਵੇਂ ਕਮਰੇ ਤਿਆਰ ਕੀਤੇ ਗਏ ਹਨ ਅਤੇ 300 ਨਵੇਂ ਸਕੂਲ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਸਕੂਲਾਂ ’ਚ ਸ਼ਾਨਦਾਰ ਫਰਨੀਚਰ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਜਲਦ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬੇਹੱਦ ਸੰਤੁਸ਼ਟ ਹੋਣਗੇ।

PunjabKesari

ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਸਰਕਾਰੀ ਸਕੂਲ ’ਚ ਪੂਰਾ ਸਟਾਫ਼ ਮੁਹੱਈਆ ਕਰਵਾਉਣ ਦੇ ਨਾਲ ਨਾਲ ਵੱਖ-ਵੱਖ ਗਤੀਵਿਧੀਆਂ/ਖੇਡਾਂ ਲਈ ਕੋਚ ਦਿੱਤੇ ਜਾਣਗੇ। ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਤੋਂ ਟਰੇਨਿੰਗ ਦਿਵਾਉਣ ਦੀ ਗਤੀ ’ਚ ਵਾਧਾ ਕੀਤਾ ਜਾਵੇਗਾ।

PunjabKesari

ਇਸ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ਼ ਨਾਲ ਗੱਲਬਾਤ ਕਰ ਕਰਕੇ ਫੀਡਬੈਕ ਹਾਸਲ ਕੀਤੀ। ਉਨ੍ਹਾਂ ਨੇ ਮਿਡ ਡੇਅ ਮੀਲ ਨੂੰ ਚੈਕ ਕੀਤਾ ਅਤੇ ਬੱਚਿਆਂ ਨਾਲ ਬੈਠ ਕੇ ਖਾਣਾ ਵੀ ਖਾਧਾ।

ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਨੇਤਾਵਾਂ ਦਾ ਭਵਿੱਖ ਤੈਅ ਕਰੇਗੀ ‘ਜਲੰਧਰ’ ਸੀਟ! ਹੋਵੇਗਾ ਚਹੁੰਤਰਫਾ ਮੁਕਾਬਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News