ਸਰਕਾਰੀ ਸਕੂਲਾਂ ''ਚ ਦਾਖ਼ਲਿਆਂ ਲਈ ਇਸ ਢੰਗ ਨਾਲ ਲੋਕਾਂ ਨੂੰ ਕੀਤਾ ਜਾ ਰਿਹੈ ਪ੍ਰੇਰਿਤ
Monday, Mar 15, 2021 - 04:27 PM (IST)
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਵੀਡੀਓ ਕਲਿੱਪਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਪ੍ਰਭਾਵੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਤਿੰਨ ਤੋਂ ਪੰਜ ਮਿੰਟ ਤੱਕ ਦੇ ਸਕਿੱਟ ਤਿਆਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਕਿੱਟਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਖ਼ੁਦ ਐਕਟਿੰਗ ਕੀਤੀ ਜਾ ਰਹੀ ਹੈ।
ਇਨ੍ਹਾਂ ਸਕਿੱਟਾਂ ਵਿੱਚ ਸਰਕਾਰੀ ਸਕੂਲਾਂ ਦੇ ਪੜ੍ਹਾਈ ਦੇ ਮਿਆਰ, ਸਮਾਰਟ ਸਕੂਲਾਂ ਵਿੱਚ ਸਿੱਖਿਆ ਲਈ ਵਰਤੀ ਜਾ ਰਹੀ ਅਤਿ ਅਧੁਨਿਕ ਤਕਨਾਲੋਜੀ ਅਤੇ ਸੁੰਦਰ ਇਮਾਰਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਨ੍ਹਾਂ ਸਕਿੱਟਾਂ ਵਿੱਚ ਸਰਕਾਰੀ ਸਕੂਲਾਂ ’ਚ ਅੰਗਰੇਜ਼ੀ ਦੇ ਵੱਧ ਰਹੇ ਮਿਆਰ ਬਾਰੇ ਵਿਸ਼ੇਸ਼ ਤੌਰ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕਰਨ ਵਾਸਤੇ ਬਣਾਈਆਂ ਜਾ ਰਹੀਆਂ ਇਹ ਵੀਡੀਓ ਕਲਿੱਪਸ ਸੋਸ਼ਲ ਮੀਡੀਆ ਰਾਹੀਂ ਜਨਤਾ ਤੱਕ ਪਹੁੰਚਾਈਆਂ ਜਾ ਰਹੀਆਂ ਹਨ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਆਪਣਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਨੁੱਕੜ ਨਾਟਕਾਂ ਅਤੇ ਜਨ ਸੰਪਰਕ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਇਹ ਵੀਡੀਓਜ਼ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਰਹੇ ਹਨ ਅਤੇ ਇਨ੍ਹਾਂ ਦੇ ਸਾਕਾਰਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਚਾਲੂ ਅਕਾਦਮਿਕ ਸੈਸ਼ਨ ਦੌਰਾਨ ਪਿਛਲੇ ਸਾਲ ਨਾਲੋਂ ਦਾਖ਼ਲਿਆਂ ਵਿੱਚ ਵਧੇਰੇ ਵਾਧਾ ਹੋਣ ਦੀ ਉਮੀਦ ਪ੍ਰਗਟ ਕੀਤੀ ਹੈ।
ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਘਰ-ਘਰ ਜਾ ਕੇ ਵੀ ਲੋਕਾਂ ਨੂੰ ਸਰਕਾਰੀ ਸੂਕੂਲਾਂ ’ਚ ਦਾਖ਼ਲੇ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ 2021-22 ਦੇ ਸੈਸ਼ਨ ਵਾਸਤੇ ਦਾਖ਼ਲੇ ਵਧਾਉਣ ਲਈ ਸਕੂਲ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਕੀਤਾ ਜਾ ਚੁੱਕਾ ਹੈ। ਪਿਛਲੇ ਸੈਸ਼ਨ 2020-21 ਦੌਰਾਨ ਵੀ ਮਹਿਕਮੇ ਨੇ ‘ਈਚ ਵਨ, ਬਰਿੰਗ ਵਨ’ ਮੁਹਿੰਮ ਆਰੰਭੀ ਸੀ। ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰ੍ਹਵੀਂ ਤੱਕ ਦਾਖ਼ਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ।