ਆਯੁਸ਼ਮਾਨ ਸਕੀਮ ਘੋਟਾਲੇ ’ਚ ਸ਼ਾਮਲ ਕਾਂਗਰਸੀ ਆਗੂਆਂ ਦੇ ਨਾਂ ਨਸ਼ਰ ਕਰੇ ਸਰਕਾਰ : ਹਰਪਾਲ ਚੀਮਾ

03/12/2021 1:40:34 PM

 

ਚੰਡੀਗੜ੍ਹ (ਅਸ਼ਵਨੀ) : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਨਿੱਜੀ ਹਸਪਤਾਲਾਂ ਵਲੋਂ ਆਯੁਸ਼ਮਾਨ ਸਕੀਮ ਦੇ ਨਾਂ ’ਤੇ ਕੀਤੇ ਜਾ ਰਹੇ ਘੋਟਾਲੇ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਬਿਨਾਂ ਸੱਤਾ ਦੀ ਸ਼ਹਿ ਦੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣਾ ਅਸੰਭਵ ਹੈ। ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿਚ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਜੀਲੈਂਸ ਵਲੋਂ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਕੀਤੀ ਜਾਂਚ ਨੇ ਸਾਹਮਣੇ ਲਿਆ ਦਿੱਤਾ ਹੈ ਕਿ ਕਿਵੇਂ ਗਰੀਬਾਂ ਦੇ ਨਾਂ ’ਤੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਸੰਸਥਾ ਦੀ ਇਹ ਹਿੰਮਤ ਨਹੀਂ ਕਿ ਉਹ ਕਿਸੇ ਸੱਤਾਧਾਰੀ ਪਾਰਟੀ ਦੇ ਆਗੂਆਂ ਤੋਂ ਬਿਨਾ ਕਰੋੜਾਂ ਰੁਪਏ ਦਾ ਘਪਲਾ ਕਰ ਲਵੇ। ਉਨ੍ਹਾਂ ਕਿਹਾ ਕਿ ਸਿਰਫ਼ ਤਿੰਨ ਜ਼ਿਲ੍ਹਿਆਂ ਦੇ 10 ਹਸਪਤਾਲਾਂ ਵਲੋਂ ਹੀ ਕੀਤੀ ਜਾ ਰਹੀ ਲੁੱਟ ਦਾ ਮਾਮਲਾ ਸਾਹਮਣੇ ਆਇਆ, ਜੇਕਰ ਜਾਂਚ ਕਰਵਾਈ ਜਾਵੇ ਸਾਰੇ ਪੰਜਾਬ ਵਿਚ ਸੈਂਕੜੇ ਹਸਪਤਾਲਾਂ ਵਲੋਂ ਕਰੋੜਾਂ ਦਾ ਘੋਟਾਲਾ ਸਾਹਮਣੇ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਮਾਮਲਿਆਂ ’ਚ ਸ਼ਾਮਲ ਮਿਲੀਭੁਗਤ ਵਾਲੇ ਸਿਆਸੀ ਆਗੂਆਂ ਦੇ ਨਾਮ ਲੋਕਾਂ ਸਾਹਮਣੇ ਉਜਾਗਰ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਹਸਪਤਾਲਾਂ ਨੇ ਅਜਿਹਾ ਘੁਟਾਲਾ ਕੀਤਾ ਹੈ, ਉਨ੍ਹਾਂ ਹਸਪਤਾਲਾਂ ਨੂੰ ਸੀਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਦਲ ਦਲ ਵਲੋਂ ਸ਼ੁਰੂ ਕੀਤੇ ਗਏ ਮਾਫੀਆ ਰਾਜ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਹੋਰ ਪ੍ਰਫੁੱਲਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਲੋਕ ਭਲਾਈ ਵਾਲੀਆਂ ਸਕੀਮਾਂ ਵਿਚ ਅਜਿਹਾ ਮਾਫੀਆ ਰਾਜ ਸਰਗਰਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਦੁਬਾਰਾ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਕਾਰਨ ਹਰ ਤਰ੍ਹਾਂ ਦਾ ਮਾਫੀਆ ਵਧ ਫੁਲ ਰਿਹਾ ਹੈ।

ਇਹ ਵੀ ਪੜ੍ਹੋ : ਖਾਲਸਾ ਸਾਜਨਾ ਦਿਹਾੜੇ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਨਾਮ ਸਾਹਮਣੇ ਆਇਆ ਤਾਂ ਉਸ ਨੂੰ ਝੂਠੀ ਜਾਂਚ ਦੇ ਨਾਤੇ ਸਰਕਾਰ ਕਲੀਨ ਚਿੱਟ ਦੇ ਦਿੰਦੀ ਹੈ, ਜਿਸ ਦੀਆਂ ਉਦਾਹਰਨਾਂ ਮਾਝੇ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਹਨ, ਜੋ ਸ਼ਰਾਬ ਮਾਫੀਆ ਸੱਤਾਧਾਰੀ ਦੇ ਨਜ਼ਦੀਕੀ ਵਿਅਕਤੀ ਚਲਾਉਂਦੇ ਸਨ ਅਜੇ ਤੱਕ ਉਨ੍ਹਾਂ ਦਾ ਨਾਮ ਸਾਹਮਣੇ ਨਹੀਂ ਆਇਆ। ਦੂਜਾ ਮੈਟ੍ਰਿਕ ਸਕਲਾਰਸ਼ਿਪ ਵਾਲੇ ਕਰੋੜਾਂ ਰੁਪਏ ਦਾ ਘੋਟਾਲਾ ਕਰਨ ਵਾਲੇ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਹੁਣ ਇਹ ਨਵਾਂ ਮਾਫੀਆ ਸਾਹਮਣੇ ਆ ਗਿਆ ਹੈ, ਜੋ ਪ੍ਰਾਈਵੇਟ ਹਸਪਤਾਲਾਂ ਦੀ ਮਿਲੀਭੁਗਤ ਨਾਲ ਗਰੀਬ ਲੋਕਾਂ ਨਾਲ ਆਯੁਸ਼ਮਾਨ ਸਕੀਮ ਦੇ ਨਾਂ ’ਤੇ ਠੱਗੀ ਮਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿੱਜੀ ਹਸਪਤਾਲਾਂ ਵਿਚ ਮਿਲੀਭੁਗਤ ਦਾ ਹੀ ਇਹ ਸਬੂਤ ਹੈ ਕਿ ਸੱਤਾਧਾਰੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਨੂੰ ਸਰਕਾਰੀ ਹਸਪਤਾਲਾਂ ’ਤੇ ਯਕੀਨ ਨਹੀਂ ਹੈ ਤੇ ਉਹ ਆਪਣਾ ਇਲਾਜ ਕਰਾਉਣ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਪਹਿਲ ਦਿੰਦੇ ਹਨ। ਨਿੱਜੀ ਹਸਪਤਾਲਾਂ ਲਈ ਸਰਕਾਰ ਦੀ ਸਾਂਝ ਹੋਣ ਕਾਰਨ ਹੀ ਮੋਹਾਲੀ ਦੇ ਸਰਕਾਰੀ ਹਸਪਤਾਲ ਦੀ ਕਰੋੜਾਂ ਰੁਪਏ ਦੀ ਜ਼ਮੀਨ ਇੱਕ ਨਿੱਜੀ ਹਸਪਤਾਲ ਹਵਾਲੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਰਹੀ ਹੈ, ਪੰਜਾਬ ਵਿਚ ਮਾਫੀਆ ਰਾਜ ਚੱਲ ਰਿਹਾ ਹੈ। 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਬਾਅਦ ਸੱਤਾ ਦੇ ਨਸ਼ੇ ਵਿਚ ਕੀਤੇ ਜਾ ਰਹੇ ਘੋਟਾਲਿਆਂ ਦੀ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਇਹ ਵੀ ਪੜ੍ਹੋ : ਰਿਸ਼ਤੇ ਹੋਏ ਤਾਰ-ਤਾਰ, ਮਾਮੂਲੀ ਤਕਰਾਰ ਨੂੰ ਲੈ ਕੇ ਭਰਾ ਨੇ ਭਰਾ ਦਾ ਕੀਤਾ ਕਤਲ


Anuradha

Content Editor

Related News