ਸਰਕਾਰ ਨੇ ਰਾਹਤ ਕਾਰਜਾਂ ’ਚ ਲਿਆਂਦੀ ਤੇਜ਼ੀ, ਹੜ੍ਹ ਪ੍ਰਭਾਵਿਤ ਖੇਤਰਾਂ ’ਚ ਕੈਂਪਾਂ ਦੀ ਵਧਾਈ ਗਿਣਤੀ

07/13/2023 10:36:33 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ’ਚ ਰਾਹਤ ਕਾਰਜਾਂ ਦੇ ਕੰਮ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ਾਂ ਤੋਂ ਬਾਅਦ ਰਾਹਤ ਕੈਂਪਾਂ ਦੀ ਗਿਣਤੀ 127 ਤੋਂ ਵਧਾ ਕੇ 183 ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ 13 ਜੁਲਾਈ ਸਵੇਰੇ 8 ਵਜੇ ਤੱਕ 14 ਜ਼ਿਲ੍ਹਿਆਂ ਦੇ 1159 ਪਿੰਡ ਹੜ੍ਹ ਪ੍ਰਭਾਵਿਤ ਹੋਏ ਹਨ। ਇਸ ਤੋਂ ਇਲਾਵਾ ਕੁਝ ਸ਼ਹਿਰ ਅਤੇ ਕਸਬੇ ਵੀ ਹੜ੍ਹਾਂ ਦੀ ਮਾਰ ਹੇਠ ਆਏ ਹਨ। ਇਨ੍ਹਾਂ ਹੜ੍ਹ ਪ੍ਰਭਾਵਿਤਾਂ ਲਈ ਕੁਲ 183 ਰਾਹਤ ਕੈਂਪਾਂ ਦੀ ਸਥਾਪਨਾ ਕੀਤੀ ਗਈ ਹੈ। 25 ਕੈਂਪ ਪਟਿਆਲਾ ’ਚ, 16 ਰੂਪਨਗਰ ’ਚ ਅਤੇ 7 ਕੈਂਪ ਮੋਗਾ ਵਿਚ ਚੱਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਵੱਖ-ਵੱਖ ਮਾਮਲਿਆਂ ’ਚ ਇਕ ਮਹੀਨੇ ਅੰਦਰ 19 ਮੁਲਜ਼ਮ ਕੀਤੇ ਗ੍ਰਿਫ਼ਤਾਰ

ਇਸੇ ਤਰ੍ਹਾਂ ਲੁਧਿਆਣਾ ’ਚ 3, ਮੋਹਾਲੀ ’ਚ 22, ਐੱਸ.ਬੀ.ਐੱਸ. ਨਗਰ ’ਚ 2, ਸੰਗਰੂਰ ’ਚ 3, ਫਿਰੋਜ਼ਪੁਰ ’ਚ 36, ਹੁਸ਼ਿਆਰਪੁਰ ’ਚ 3, ਤਰਨ ਤਾਰਨ ’ਚ 7, ਜਲੰਧਰ ’ਚ 51 ਅਤੇ ਕਪੂਰਥਲਾ ’ਚ 8 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 18802 ਹੜ੍ਹ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਪਟਿਆਲਾ ’ਚ 13518, ਰੂਪਨਗਰ ’ਚ 2200, ਮੋਗਾ ‘ਚ 155, ਲੁਧਿਆਣਾ ’ਚ 300, ਮੋਹਾਲੀ ’ਚ 1400, ਐੱਸ.ਬੀ.ਐੱਸ. ਨਗਰ ’ਚ 200, ਫਤਹਿਗੜ੍ਹ ਸਾਹਿਬ ’ਚ 500, ਤਰਨਤਾਰਨ ’ਚ 19 ਅਤੇ ਜਲੰਧਰ ਜ਼ਿਲ੍ਹੇ ’ਚ 510 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚੋਂ ਕੱਢ ਕੇ ਸੁਰੱਖਿਅਤ ਥਾਂ ’ਤੇ ਪਹੁੰਚਾਇਆ ਗਿਆ ਹੈ। ਇਸ ਵੇਲੇ ਜਿਹੜੇ 14 ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉਨ੍ਹਾਂ ’ਚ ਪਟਿਆਲਾ, ਜਲੰਧਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਮੋਗਾ, ਲੁਧਿਆਣਾ, ਮੋਹਾਲੀ ਅਤੇ ਸੰਗਰੂਰ ਦੇ ਨਾਂ ਸ਼ਾਮਲ ਹਨ।

 ਇਹ ਖ਼ਬਰ ਵੀ ਪੜ੍ਹੋ : 11 ਸਾਲਾ ਪੰਜਾਬੀ ਬੱਚੀ ਨੇ ਵਧਾਇਆ ਮਾਣ, ਨਾਰਵੇ ’ਚ ਸਭ ਤੋਂ ਛੋਟੀ ਉਮਰ ਦੀ ਮੈਗਜ਼ੀਨ ਸੰਪਾਦਕ ਬਣੀ

ਪਸ਼ੂ ਪਾਲਣ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੁਲ 630 ਪਸ਼ੂਆਂ ਦਾ ਇਲਾਜ ਕੀਤਾ ਗਿਆ ਹੈ ਅਤੇ 2896 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਆਦਾਤਰ ਜ਼ਿਲ੍ਹਿਆਂ ਨੇ ਆਪਣੀ ਐੱਚ. ਐੱਸ. ਟੀਕਾਕਰਨ ਮੁਹਿੰਮ ਪੂਰੀ ਕਰ ਲਈ ਹੈ। ਰਾਹਤ ਕਾਰਜਾਂ ਵਿਚ ਲੱਗੀਆਂ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ ਅਤੇ ਚਾਰਾ ਆਦਿ ਮੁਹੱਈਆ ਕਰਵਾਉਣ ਲਈ 24 ਘੰਟੇ ਕੰਮ ਕਰ ਰਹੀਆਂ ਹਨ। ਉਧਰ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 315 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਵਿਚ ਜੁਟੀਆਂ ਹੋਈਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿਚ 186 ਮੈਡੀਕਲ ਕੈਂਪ ਲਗਾਏ ਹਨ ਅਤੇ ਹੁਣ ਤੱਕ ਕੁੱਲ ਓਪੀਡੀ 6235 ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖਾਣ ਪੀਣ ਦਾ ਸਾਮਾਨ ਪੁੱਜਦਾ ਕਰਨ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਕੰਮ ਹੋਰ ਤੇਜ਼ ਕਰ ਦਿੱਤਾ ਹੈ। ਸੁੱਕੇ ਭੋਜਨ ਦੇ 40,000 ਪੈਕੇਟ ਤਿਆਰ ਕੀਤੇ ਜਾ ਰਹੇ ਹਨ, ਜਦਕਿ 23,600 ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਚੁੱਕੇ ਹਨ।
 


Manoj

Content Editor

Related News