ਸਰਕਾਰ ਨੂੰ ਦਿੱਤਾ ਅਲਟੀਮੇਟਮ ਦਾ ਸਮਾਂ ਪੂਰਾ, ਮੁੜ ਬਰਗਾੜੀ ਪਹੁੰਚੇ ਖਹਿਰਾ
Friday, Oct 26, 2018 - 02:46 PM (IST)
ਫਰੀਦਕੋਟ/ਬਰਗਾੜੀ (ਜਗਤਾਰ) : ਸਰਕਾਰ ਨੂੰ ਦਿੱਤੇ 15 ਦਿਨ ਦੇ ਅਲਟੀਮੇਟਮ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅਗਲੀ ਰਣਨੀਤੀ ਉਲੀਕਣ ਲਈ 'ਆਪ' ਦੇ ਬਾਗੀ ਧੜੇ ਦੇ ਆਗੂ ਸੁਖਪਾਲ ਖਹਿਰਾ ਬਰਗਾੜੀ ਪਹੁੰਚ ਚੁੱਕੇ ਹਨ। ਖਹਿਰਾ ਨੇ ਬਰਗਾੜੀ ਮੋਰਚੇ ਦੀ ਅਗਵਾਈ ਕਰ ਰਹੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਰਣਨੀਤੀ 'ਤੇ ਵਿਚਾਰ ਕੀਤਾ। ਇਸ ਦੌਰਾਨ ਖਹਿਰਾ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਮੋਰਚੇ ਨੂੰ ਵਿਦੇਸ਼ੀ ਫੰਡਿੰਗ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ। ਖਹਿਰਾ ਨੇ ਕਿਹਾ ਕਿ ਬਾਜਵਾ ਦੇ ਇਸ ਬਿਆਨ ਤੋਂ ਸਾਫ਼ ਹੈ ਕਿ ਅਕਾਲੀ ਤੇ ਕਾਂਗਰਸੀ ਮਿਲੇ ਹੋਏ ਹਨ ਕਿਉਂਕਿ ਅਕਾਲੀ ਦਲ ਵਲੋਂ ਹੀ ਅਜਿਹੇ ਬਿਆਨ ਦਿੱਤੇ ਜਾਂਦੇ ਹਨ। ਇਸ ਮੌਕੇ ਖਹਿਰਾ ਨਾਲ ਵਿਧਾਇਕ ਜਗਦੇਵ ਸਿੰਘ ਕਮਾਲੂ, ਭਾਈ ਗੁਰਦੀਪ ਸਿੰਘ, ਜਥੇਦਾਰ ਮੱਖਣ ਸਿੰਘ ਨੰਗਲ ਤੋਂ ਇਲਾਵਾ ਜਸਕਰਨ ਸਿੰਘ ਕਾਹਨਸਿੰਘ ਵਾਲਾ ਵੀ ਮੌਜੂਦ ਸਨ।
ਅੱਗੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਬਰਗਾੜੀ ਮੋਰਚੇ ਤੋਂ ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋ ਸਿੱਖ ਨੌਜਵਾਨਾਂ ਦੀ ਸ਼ਹਾਦਤ ਦਾ ਇਨਸਾਫ਼ ਚਾਹੀਦਾ ਹੈ, ਇਸ ਲਈ ਕੈਪਟਨ ਦੇ ਮੰਤਰੀ ਨੂੰ ਆਪਣੇ ਵਲੋਂ ਦਿੱਤੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਦੌਰਾਨ ਖਹਿਰਾ ਨੇ ਮਹਿਲਾ ਪੁਲਸ ਅਫਸਰ ਨਾਲ ਕੀਤੀ ਕਥਿਤ ਬਦਸਲੂਕੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੈਬਨਿਟ ਮੰਤਰੀ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਮੰਤਰੀ ਖਿਲਾਫ ਕਾਰਵਾਈ ਕਰਨ ਦੀ ਬਜਾਏ ਰਾਜ਼ੀਨਾਮਾ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।
