ਸਰਕਾਰ ਉੱਦਮੀਆਂ ਅਤੇ ਵਪਾਰੀਆਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਏਗੀ : ਸੋਨੀ

11/16/2021 3:14:52 PM

ਜਲੰਧਰ (ਧਵਨ) : ਪੰਜਾਬ ਦੇ ਉੱਪ ਮੁੱਖ ਮੰਤਰੀ (ਸਿਹਤ) ਓ. ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਉੱਦਮੀਆਂ ਅਤੇ ਵਪਾਰੀਆਂ ਨੂੰ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਏਗੀ ਅਤੇ ਉਨ੍ਹਾਂ ਦੇ ਸਾਰੇ ਮਾਮਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ’ਚ ਲਿਆ ਦਿੱਤੇ ਗਏ ਹਨ। ਉਹ ਕੋਟਕਪੁਰਾ ’ਚ ਵਪਾਰੀਆਂ ਅਤੇ ਉੱਦਮੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟਾ ਰਹੇ ਸਨ। ਸੋਨੀ ਨੇ ਕਿਹਾ ਕਿ ਸਰਕਾਰ ਨੇ ਉਦਯੋਗਾਂ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਇਕ ਚੰਗਾ ਵਾਤਾਵਰਣ ਪ੍ਰਦਾਨ ਕੀਤਾ ਹੈ। ਪਿਛਲੇ ਕੁੱਝ ਦਿਨਾਂ ਦੇ ਅੰਦਰ ਹੀ ਵਪਾਰੀਆਂ ਅਤੇ ਉੱਦਮੀਆਂ ਦੇ ਪੁਰਾਣੇ ਵੈਟ ਮਾਮਲਿਆਂ ਨੂੰ ਖਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਭਾਰੀ ਰਾਹਤ ਮਿਲੀ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਨੇੜਲੇ ਭਵਿੱਖ ’ਚ ਵਪਾਰੀਆਂ ਅਤੇ ਉੱਦਮੀਆਂ ਦੇ ਕਈ ਹੋਰ ਮਾਮਲਿਆਂ ਦਾ ਹੱਲ ਕੀਤਾ ਜਾਵੇਗਾ। ਇਸ ਨੂੰ ਲੈ ਕੇ ਕਈ ਮੁੱਦੇ ਸਰਕਾਰ ਦੇ ਵਿਚਾਰਅਧੀਨ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਪਾਰ ਮੰਡਲ ਦੇ ਅਹੁਦਾਧਿਕਾਰੀ ਉਨ੍ਹਾਂ ਨੂੰ ਮਿਲੇ ਸਨ, ਜਿਨ੍ਹਾਂ ਨੇ ਆਪਣੀਆਂ ਮੰਗਾਂ ਉਨ੍ਹਾਂ ਦੇ ਸਾਹਮਣੇ ਰੱਖੀਆਂ ਸਨ। ਉਸ ਤੋਂ ਬਾਅਦ ਉਨ੍ਹਾਂ ਵਪਾਰੀਆਂ ਦੀ ਬੈਠਕ ਚੰਡੀਗੜ੍ਹ ’ਚ ਮੁੱਖ ਮੰਤਰੀ ਨਾਲ ਕਰਵਾ ਦਿੱਤੀ ਸੀ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਵੇ : ਪੰਜਾਬ ’ਚ ‘ਆਪ’ ਸਭ ਤੋਂ ਅੱਗੇ, ਕਾਂਗਰਸ ਜਿੱਤ ਦਾ ਫਾਸਲਾ ਲਗਾਤਾਰ ਘਟਾ ਰਹੀ

ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਤੇ ਖੁਦ ਉੱਦਮੀਆਂ ਤੇ ਵਪਾਰੀਆਂ ਦਾ ਸਾਥ ਚਾਹੁੰਦੇ ਹਨ ਅਤੇ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਾਮਲਿਆਂ ਦਾ ਹੱਲ ਕਰਨ ਲਈ ਕਿਹਾ ਹੈ। ਸੋਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਵਿਕਾਸ ਦੇ ਰਸਤੇ ’ਤੇ ਲਿਜਾਣ ਦੀ ਲੋੜ ਹੈ, ਇਸ ’ਚ ਸਿਰਫ ਉੱਦਮੀ ਅਤੇ ਵਪਾਰੀ ਹੀ ਆਪਣਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਉਦਯੋਗਾਂ ਨੂੰ ਹੋਰ ਮਜ਼ਬੂਤ ਬਣਾਏ ਬਿਨਾਂ ਅਤੇ ਨਵਾਂ ਪੂੰਜੀ ਨਿਵੇਸ਼ ਪੰਜਾਬ ’ਚ ਲਿਆਂਦੇ ਬਿਨਾਂ ਸੂਬੇ ਨੂੰ ਵਿਕਾਸ ਦੇ ਰਸਤੇ ’ਤੇ ਲਿਜਾਣਾ ਸੰਭਵ ਨਹੀਂ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਵੀ ਡੇਂਗੂ ’ਤੇ ਲਗਾਮ ਲਗਾਈ ਗਈ ਹੈ ਅਤੇ ਹੁਣ ਸਥਿਤੀ ’ਚ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੇਂਗੂ ਦੇ ਪਿਛਲੇ ਕੁੱਝ ਦਿਨਾਂ ਦੇ ਅੰਦਰ ਸਭ ਤੋਂ ਵੱਧ ਟੈਸਟ ਕੀਤੇ ਗਏ ਹਨ।

ਇਹ ਵੀ ਪੜ੍ਹੋ : 18 ਨਵੰਬਰ ਨੂੰ ਪਹਿਲੇ ਜਥੇ ਨਾਲ ਸਮੁੱਚੀ ਕੈਬਨਿਟ ਲੈ ਕੇ ਕਰਤਾਰਪੁਰ ਸਾਹਿਬ ਜਾਣਗੇ ਮੁੱਖ ਮੰਤਰੀ ਚੰਨੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News