ਅੱਗ ਲੱਗਣ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਵੇਗੀ ਸਰਕਾਰ : ਜਾਖੜ

04/26/2018 6:55:56 AM

ਜਲੰਧਰ (ਧਵਨ) - ਪੰਜਾਬ ਸੂਬਾਈ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸ਼ਾਰਟ ਸਰਕਟ ਕਾਰਨ ਫਸਲਾਂ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਅੱਗ ਕਾਰਨ ਫਸਲਾਂ ਨੂੰ ਪਹੁੰਚੇ ਨੁਕਸਾਨ ਦਾ ਜਾਇਜ਼ਾ ਵੱਖ-ਵੱਖ ਮੰਤਰੀਆਂ ਨਾਲ ਲੈ ਚੁੱਕੇ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਰਿਪੋਰਟ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਵੀ ਸੂਬੇ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਇਸ ਸਬੰਧੀ ਰਿਪੋਰਟਾਂ ਮੰਗਵਾਈਆਂ ਹਨ। ਇਨ੍ਹਾਂ ਰਿਪੋਰਟਾਂ ਨੂੰ ਇਕੱਠਾ ਕਰਨ ਤੋਂ ਬਾਅਦ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਜਾਖੜ, ਮਾਲੀਆ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ, ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਨਵਤੇਜ ਸਿੰਘ ਚੀਮਾ ਨੂੰ ਵੱਖ-ਵੱਖ ਹਿੱਸਿਆਂ ਵਿਚ ਨੁਕਸਾਨ ਦਾ ਜਾਇਜ਼ਾ ਲੈਣ ਲਈ ਭੇਜਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਮੁਢਲੀ ਰਿਪੋਰਟ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਨੂੰ ਉਲਟ ਮੌਸਮ ਜਾਂ ਗੜਿਆਂ ਕਾਰਨ ਨੁਕਸਾਨ ਪੁੱਜਾ ਹੈ, ਉਨ੍ਹਾਂ ਨੂੰ ਵੀ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।