ਪੰਜਾਬ ''ਚ ਨਵਾਂ ਬਿੱਲ ਪਾਸ; ਰਾਜਪਾਲ ਕਟਾਰੀਆ ਨੇ ਪਹਿਲੇ ਬਿੱਲ ''ਤੇ ਲਾਈ ਮੋਹਰ

Tuesday, Sep 17, 2024 - 09:08 AM (IST)

ਚੰਡੀਗੜ੍ਹ: ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿਚ ਪੰਚਾਇਤੀ ਚੋਣਾਂ ’ਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਬਿੱਲ ਨੂੰ ਹਰੀ ਝੰਡੀ ਦੇਣਾ ਰਾਜ ਭਵਨ ਦੇ ਸੂਬਾ ਸਰਕਾਰ ਵਿਚਾਲੇ ਸੁਖਾਵੇਂ ਰਿਸ਼ਤੇ ਹੋਣ ਵੱਲ ਵੀ ਇਸ਼ਾਰਾ ਹੈ।

ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਲਾਡੋਵਾਲ ਟੋਲ ਪਲਾਜ਼ਾ ਫ਼ਰੀ ਹੋਣ ਦੇ ਐਲਾਨ ਨਾਲ ਜੁੜੀ ਵੱਡੀ ਅਪਡੇਟ

ਪੰਜਾਬ ਵਿਧਾਨ ਸਭਾ ਦੇ ਲੰਘੇ ਮੌਨਸੂਨ ਸੈਸ਼ਨ ’ਚ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਪਾਸ ਕੀਤਾ ਗਿਆ ਸੀ, ਜਿਸ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਦਨ ਨੇ ‘ਪੰਜਾਬ ਪੰਚਾਇਤੀ ਰੂਲਜ਼, 1994’ ਵਿਚ ਵੀ ਸੋਧ ਕੀਤੀ ਸੀ। ਇਸ ਸੋਧ ਮਗਰੋਂ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਇਸ ਦੀ ਪ੍ਰਵਾਨਗੀ ਰਾਜਪਾਲ ਤੋਂ ਲੈਣੀ ਜ਼ਰੂਰੀ ਨਹੀਂ ਹੁੰਦੀ ਹੈ। 

ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਪੰਜਾਬ ਸਰਕਾਰ ਅਕਤੂਬਰ ਦੇ ਅੱਧ ’ਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਂਅ ਵਿਚ ਹੈ। ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਦੀ ਧਾਰਾ 12 (4) ’ਚ ਸੋਧ ਹੋਣ ਨਾਲ ਹੁਣ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਨਵਾਂ ਰੋਸਟਰ ਤਿਆਰ ਹੋਵੇਗਾ, ਜਦੋਂ ਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨਿਆ ਜਾਂਦਾ ਸੀ। ਰਾਖਵੇਂਕਰਨ ਦੇ ਪੈਟਰਨ ’ਚ ਬਦਲਾਅ ਨਾਲ ਰਾਖਵੇਂਕਰਨ ਲਈ ਰੋਸਟਰ ਨਵੇਂ ਸਿਰਿਓਂ ਤਿਆਰ ਹੋਵੇਗਾ। ਪਹਿਲਾਂ ਜ਼ਿਲ੍ਹੇ ਨੂੰ ਬਤੌਰ ਮੂਲ ਇਕਾਈ ਮੰਨਦੇ ਹੋਏ ਸਮੁੱਚੀ ਕਾਰਵਾਈ ਸਮੇਤ ਰੋਟੇਸ਼ਨ ਕੀਤੀ ਜਾਂਦੀ ਸੀ, ਜਿਸ ਨਾਲ ਬਲਾਕ ਦੀ ਅਸਲ ਆਬਾਦੀ ਨਜ਼ਰਅੰਦਾਜ਼ ਹੋ ਜਾਂਦੀ ਸੀ। ਮੌਜੂਦਾ ਸਰਕਾਰ ਨੇ ਨਵੀਂ ਸੋਧ ਨਾਲ ਸਰਪੰਚਾਂ ਦਾ ਰਾਖਵਾਂਕਰਨ ਆਪਣੀ ਇੱਛਾ ਮੁਤਾਬਕ ਕਰਨ ਦਾ ਮੌਕਾ ਆਪਣੇ ਹੱਥ ਰੱਖ ਲਿਆ ਹੈ। ਰਾਖਵੇਂਕਰਨ ਦਾ ਪੁਰਾਣਾ ਰੋਸਟਰ ਹੁਣ ਆਪਣੇ ਆਪ ਹੀ ਖ਼ਤਮ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਇਲਾਕੇ 'ਚ ਦਿਖਿਆ ਸ਼ੇਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਦੱਸ ਦਈਏ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਵੀ ਪੰਚਾਇਤੀ ਚੋਣਾਂ ਮੌਕੇ ਰਾਖਵੇਂਕਰਨ ਲਈ ਮੂਲ ਇਕਾਈ ਬਲਾਕ ਨੂੰ ਹੀ ਮੰਨਿਆ ਜਾਂਦਾ ਸੀ। ਇਸ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਜੁਲਾਈ 2018 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਬਲਾਕ ਨੂੰ ਇਕਾਈ ਮੰਨਣ ਵਾਲੀ ਪ੍ਰਥਾ ਖ਼ਤਮ ਕਰਕੇ ਜ਼ਿਲ੍ਹੇ ਨੂੰ ਮੂਲ ਇਕਾਈ ਮੰਨ ਕੇ ਰਾਖਵੇਂਕਰਨ ਨੂੰ ਪ੍ਰਵਾਨਗੀ ਦਿੱਤੀ ਸੀ। ਮੌਜੂਦਾ ਸਰਕਾਰ ਨੇ ਸੋਧ ਬਿੱਲ ਜ਼ਰੀਏ ਪੁਰਾਣੀ ਪ੍ਰਥਾ ਬਹਾਲ ਕਰ ਦਿੱਤੀ ਹੈ। ਆਉਂਦੇ ਦਿਨਾਂ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਆਦਿ ਲਈ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸੂਬਾ ਸਰਕਾਰ ਪਹਿਲੇ ਪੜਾਅ ’ਚ ਇਕੱਲੀਆਂ ਪੰਚਾਇਤੀ ਚੋਣਾਂ ਕਰਾ ਰਹੀ ਹੈ, ਜਦੋਂ ਕਿ ਪੰਚਾਇਤੀ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਉਸ ਮਗਰੋਂ ਹੋਣਗੀਆਂ। ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਅਖੀਰ ਵਿਚ ਹੋਣ ਦੀ ਸੰਭਾਵਨਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News