ਏਅਰਸ਼ੋਅ ’ਚੋਂ CM ਮਾਨ ਦੀ ਗ਼ੈਰ-ਮੌਜੂਦਗੀ ’ਤੇ ਰਾਜਪਾਲ ਬਨਵਾਰੀ ਲਾਲ ਨੇ ਚੁੱਕੇ ਸਵਾਲ
Sunday, Oct 09, 2022 - 02:30 AM (IST)
ਚੰਡੀਗੜ੍ਹ (ਰਜਿੰਦਰ ਸ਼ਰਮਾ) : ਰਾਸ਼ਟਰਪਤੀ ਦ੍ਰੌਪਦੀ ਮੁਰਮੂ ਸ਼ਨੀਵਾਰ ਨੂੰ ਚੰਡੀਗੜ੍ਹ ਸ਼ਹਿਰ ’ਚ ਸਨ। ਉਨ੍ਹਾਂ ਦੁਪਹਿਰ ਵੇਲੇ ਸੁਖਨਾ ਝੀਲ ਦੇ ਏਅਰਸ਼ੋਅ ਅਤੇ ਸ਼ਾਮ ਨੂੰ ਰਾਜ ਭਵਨ ਵਿਖੇ ਪ੍ਰੋਗਰਾਮ ’ਚ ਹਿੱਸਾ ਲਿਆ। ਇਸ ਦੌਰਾਨ ਹਰਿਆਣਾ ਅਤੇ ਪੰਜਾਬ ਦੇ ਰਾਜਪਾਲ, ਕੇਂਦਰੀ ਰਾਜ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਮੌਜੂਦ ਸਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਦੇ ਪ੍ਰੋਗਰਾਮਾਂ ’ਚ ਸ਼ਾਮਲ ਨਹੀਂ ਹੋਏ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਸ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਸ਼ਾਮ 6 ਵਜੇ ਪੰਜਾਬ ਰਾਜ ਭਵਨ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ ਸਨਮਾਨ ’ਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਸਟੇਜ ਤੋਂ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰਿਆਣਾ ਵੱਲੋਂ ਤਾਂ ਮੁੱਖ ਮੰਤਰੀ ਅਤੇ ਰਾਜਪਾਲ ਰਾਸ਼ਟਰਪਤੀ ਦਾ ਸਵਾਗਤ ਕਰਨ ਲਈ ਮੌਜੂਦ ਹਨ ਪਰ ਪੰਜਾਬ ਅਤੇ ਚੰਡੀਗੜ੍ਹ ਵੱਲੋਂ ਉਹ ਰਾਸ਼ਟਰਪਤੀ ਦਾ ਧੰਨਵਾਦ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ਪੁਲਸ ਤੇ ਗੈਂਗਸਟਰ ਵਿਚਾਲੇ ਜ਼ਬਰਦਸਤ ਫਾਇਰਿੰਗ, ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਹੋਈ ਨਾਕਾਮ, ਪੜ੍ਹੋ Top 10
ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪ੍ਰੋਗਰਾਮ ਲਈ ਸੱਦਾ ਦਿੱਤਾ ਗਿਆ ਸੀ। ਉਹ ਮੰਨ ਗਏ ਸਨ ਪਰ ਉਨ੍ਹਾਂ ਦੀ ਕੋਈ ਮਜਬੂਰੀ ਹੋਵੇਗੀ, ਜਿਸ ਕਾਰਨ ਉਹ ਨਹੀਂ ਆ ਸਕੇ। ਕੰਮ ਭਾਵੇਂ ਕਿੰਨਾ ਵੀ ਮਹੱਤਵਪੂਰਨ ਸੀ, ਰਾਸ਼ਟਰਪਤੀ ਦੀ ਮੌਜੂਦਗੀ ’ਚ ਆਉਣਾ ਉਨ੍ਹਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਸੀ। ਜਦੋਂ ਬਨਵਾਰੀਲਾਲ ਪੁਰੋਹਿਤ ਨੇ ਸਟੇਜ ਤੋਂ ਇਹ ਗੱਲ ਕਹੀ ਤਾਂ ਉਸ ਸਮੇਂ ਪੰਜਾਬ ਦੇ ਕਈ ਮੰਤਰੀ ਅਤੇ ਵਿਧਾਇਕ ਵੀ ਬੈਠੇ ਸਨ। ਰਾਜਪਾਲ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪਰਾਲੀ ਸੰਭਾਲਣ ’ਤੇ ਕਿਸਾਨਾਂ ਦੇ ਹੁੰਦੇ ਖਰਚ ਨੂੰ ਲੈ ਕੇ CM ਮਾਨ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ