ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਰਿਵਾਰ ਸਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Tuesday, Jan 07, 2025 - 02:04 AM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਅਨੀਤਾ ਕਟਾਰੀਆ ਵੀ ਮੌਜੂਦ ਸਨ।
ਤਖਤ ਸਾਹਿਬ ਵਿਖੇ ਪਹੁੰਚੇ ਰਾਜਪਾਲ ਕਟਾਰੀਆ ਅਤੇ ਉਨ੍ਹਾਂ ਦੀ ਧਰਮ ਪਤਨੀ ਨੇ ਗੁਰਦੁਆਰਾ ਸਾਹਿਬ ਵਿਖੇ ਬੈਠ ਕੇ ਥੋੜ੍ਹੀ ਦੇਰ ਕੀਰਤਨ ਸਰਵਣ ਕੀਤਾ ਅਤੇ ਪਵਿੱਤਰ ਸ਼ਸਤਰਾਂ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਸਿੱਖ ਧਰਮ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਹਾਸਲ ਕੀਤੀ ਅਤੇ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਦੀ ਸਮੁੱਚੀ ਲੋਕਾਈ ਨੂੰ ਵਧਾਈ ਦਿੱਤੀ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਜੀ ਚਾਵਲਾ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨਾਂ ਦੀ ਧਰਮ ਪਤਨੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਪਰਿਵਾਰ ਸਮੇਤ ਵਿਰਾਸਤ-ਏ-ਖਾਲਸਾ ਮਿਊਜ਼ੀਅਮ ਨੂੰ ਵੀ ਦੇਖਿਆ।
ਉਨ੍ਹਾਂ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਦਾ ਰੱਖ-ਰਖਾਅ ਦੇਖ ਕੇ ਇਸ ਵਿਰਾਸਤ ਨੂੰ ਮਿਲੇ ਸਨਮਾਨ ਬਾਰੇ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਵਿਸ਼ਵ ਵਿਚ ਕਈ ਵੱਡੇ ਕੀਰਤੀਮਾਨ ਆਪਣੇ ਨਾਂ ਕਰਨ ਵਾਲੇ ਇਸ ਮਿਊਜ਼ੀਅਮ ਵਿਚ ਪੰਜਾਬ ਦੇ ਇਤਿਹਾਸ, ਸੱਭਿਆਚਾਰ ਤੇ ਦਸਾਂ ਗੁਰੂਆਂ ਦੇ ਇਤਿਹਾਸ ਬਾਰੇ ਪੂਰੀ ਜਾਣਕਾਰੀ ਨੂੰ ਬਖੂਬੀ ਜਾਨਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਇੱਥੇ ਆ ਕੇ ਬਹੁਤ ਸਕੂਨ ਮਿਲਿਆ ਹੈ।
ਇਸ ਤੋਂ ਪਹਿਲਾਂ ਕਿਸਾਨ ਹਵੇਲੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਣਯੋਗ ਰਾਜਪਾਲ ਜੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ, ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਐੱਸ.ਪੀ. ਰਾਜਪਾਲ ਸਿੰਘ ਹੁੰਦਲ, ਐੱਸ.ਪੀ. ਰੁਪਿੰਦਰ ਕੌਰ ਸਰਾਂ, ਡੀ.ਐੱਸ.ਪੀ. ਅਜੇ ਸਿੰਘ, ਮੈਨੇਜਰ ਮਲਕੀਤ ਸਿੰਘ, ਐਡੀਸ਼ਨਲ ਮੈਨੇਜਰ ਐਡਵੋਕੇਟ ਮੈਨੇਜਰ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ ਤੇ ਜਸਵੀਰ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਡੀ.ਪੀ.ਆਰ.ਓ. ਬਾਦਲ ਦੀਨ, ਤਹਿਸੀਲਦਾਰ ਅੰਮ੍ਰਿਤ ਬੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e