ਨਸ਼ੇ ਅਤੇ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਐਕਸ਼ਨ ਦੀ ਤਿਆਰੀ, ਰਾਜਪਾਲ ਨੇ ਦੱਸੀ ਸਾਰੀ ਯੋਜਨਾਬੰਦੀ

10/13/2023 6:01:14 AM

ਅੰਮ੍ਰਿਤਸਰ (ਸਰਬਜੀਤ): ਪੰਜਾਬ ਪੁਲਸ ਸਮੇਤ ਦੇਸ਼ ਦੀ ਸੁਰੱਖਿਆ ਵਿਚ ਲੱਗੀਆਂ ਸਾਰੀਆਂ ਏਜੰਸੀਆਂ ਦੇ ਪੰਜਾਬ ਮੁਖੀਆਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿਸਥਾਰਤ ਮੀਟਿੰਗ ਕਰਨ ਮਗਰੋਂ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਦੱਸਿਆ ਕਿ ਰਾਜ ਵਿਚ ਪੁਲਸ ਤੇ ਸੁਰੱਖਿਆ ਏਜੰਸੀਆਂ ਵਿਚ ਬਿਹਤਰ ਤਾਲਮੇਲ ਹੋਣ ਨਾਲ ਨਸ਼ੇ ਦੀ ਬਰਾਮਦਗੀ 50 ਫੀਸਦੀ ਤੱਕ ਵਧੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਅੱਗੇ ਡਰੋਨ ਨਾਲ ਹੋ ਰਹੀ ਸਮਗਲਿੰਗ ਦੀ ਵੱਡੀ ਚੁਣੌਤੀ ਆਈ ਹੈ, ਜਿਸ ਨਾਲ ਨਿਜੱਠਣ ਲਈ ਸਰਹੱਦੀ ਪੱਟੀ ਉੱਤੇ ਐਂਟੀ ਡਰੋਨ ਸਿਸਟਮ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਦੇ 15 ਕਿਲੋਮੀਟਰ ਘੇਰੇ ਅੰਦਰ ਬਣਾਈਆਂ ਗਈਆਂ ਸੁਰੱਖਿਆ ਕਮੇਟੀਆਂ ਦੀ ਕਾਮਯਾਬੀ ਤੋਂ ਬਾਅਦ ਪੂਰੇ ਰਾਜ ਵਿਚ ਅਜਿਹੀਆਂ ਨਾਗਰਿਕ ਸੁਰੱਖਿਆ ਕਮੇਟੀਆਂ ਬਨਾਉਣ ਦੀ ਹਦਾਇਤ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਹੈ, ਜੋ ਉਨ੍ਹਾਂ ਨੇ ਪ੍ਰਵਾਨ ਕਰ ਲਈ ਹੈ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬ ਦੇ ਪਿੰਡਾਂ ਵਿਚ 21 ਮੈਂਬਰੀ ਸੁਰੱਖਿਆ ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਕਿ ਨਸ਼ੇ ਅਤੇ ਗੈਰ ਕਾਨੂੰਨੀ ਮਾਈਨਿੰਗ ਦੇ ਖਾਤਮੇ ਲਈ ਕੰਮ ਕਰਨਗੀਆਂ।

ਇਹ ਖ਼ਬਰ ਵੀ ਪੜ੍ਹੋ - ਸਬ-ਇੰਸਪੈਕਟਰ ਲਈ ਰਿਸ਼ਵਤ ਲੈਂਦਾ 'DC' ਚੜ੍ਹਿਆ ਵਿਜੀਲੈਂਸ ਅੜਿੱਕੇ, ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਨਸ਼ੇ ਦੀ ਹੋ ਰਹੀ ਸਮਗਲਿੰਗ ਪਾਕਿਸਤਾਨ ਦੀ ਦੇਣ ਹੈ, ਜੋ ਕਿ ਸਾਡੇ ਨਾਲ ਸਿੱਧੀ ਲੜਾਈ ਤਾਂ ਕਰ ਨਹੀਂ ਸਕਦਾ, ਪਰ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਲਈ ਨਸ਼ੇ ਦੀ ਸਮਗਲਿੰਗ ਕਰਕੇ ਸਾਡੀ ਪਿੱਠ ਵਿਚ ਵਾਰ ਕਰ ਰਿਹਾ ਹੈ ਅਤੇ ਅਸੀਂ ਸਾਰਿਆਂ ਨੇ ਦੁਸ਼ਮਣ ਦੀ ਇਸ ਚਾਲ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਨਾਲ ਲੱਗਦੀ ਸਰਹੱਦ ਉੱਤੇ ਸਮਗਲਿੰਗ ਘੱਟ ਹੋਣ ਤੋਂ ਬਾਅਦ ਵੀ ਨਸ਼ੇ ਦੀ ਆਮਦ ਵਧੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਇਹ ਸਪਲਾਈ ਸਾਡੇ ਗੁਆਂਢੀ ਰਾਜਾਂ ਦੇ ਰਸਤੇ ਵੀ ਹੋ ਰਹੀ ਹੈ, ਜਿਸ ਨੂੰ ਰੋਕਣ ਲਈ ਪੁਲਸ ਨੂੰ ਗੁਆਂਢੀ ਰਾਜਾਂ ਦੀ ਪੁਲਸ ਨਾਲ ਲਗਾਤਾਰ ਸੰਪਰਕ ਰੱਖਣ ਦੀ ਲੋੜ ਹੈ।

ਇਹ ਖ਼ਬਰ ਵੀ ਪੜ੍ਹੋ - 'ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ', ਸਕੂਲ ਦੇ ਹਾਲਾਤ ਵੇਖ ਭੜਕੇ ਸਿੱਖਿਆ ਮੰਤਰੀ

ਇਸ ਮੌਕੇ ਇਕ ਸਵਾਲ ਦੇ ਜਵਾਬ ਵਿਚ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ 2024 ਤੱਕ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਅਸੀਂ ਇਸ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਨਸ਼ੇ ਦੇ ਮੁੱਦੇ ਉੱਤੇ ਅਸੀਂ ਜ਼ੀਰੋ ਟੋਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੇ ਹਾਂ ਤੇ ਜੋ ਵੀ ਪੁਲਸ ਅਧਿਕਾਰੀ ਜਾਂ ਕਰਮਚਾਰੀ ਨਸ਼ੇ ਦੇ ਵਪਾਰੀਆਂ ਨਾਲ ਸੰਪਰਕ ਰੱਖਣ ਦਾ ਦੋਸ਼ੀ ਪਾਇਆ ਗਿਆ ਉਸ ਉੱਤੇ ਉਹੀ ਕਾਰਵਾਈ ਕੀਤੀ ਜਾਵੇਗੀ, ਜੋ ਕਿ ਅਪਰਾਧੀ ਲੋਕਾਂ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਸ ਉੱਤੇ ਨਸ਼ੇ ਤੇ ਨਾਜਾਇਜ਼ ਮਾਈਨਿੰਗ ਦੇ ਖ਼ਾਤਮੇ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਦਬਾਅ ਨਹੀਂ ਹੈ। ਇਸ ਮੌਕੇ ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ, ਸਪੈਸ਼ਲ ਚੀਫ ਸੈਕਟਰੀ ਸਰਵਜੀਤ ਸਿੰਘ, ਵਧੀਕ ਚੀਫ ਸੈਕਟਰੀ ਕੇ ਸ਼ਿਵਾ ਪ੍ਰਸ਼ਾਦ, ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਡੀ ਆਈ ਜੀ ਨਰਿੰਦਰ ਭਾਰਗਵ, ਵਾਈਸ ਚਾਂਸਲਰ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ ਐਸ ਪੀ ਸਤਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


Anmol Tagra

Content Editor

Related News