''ਰੇਤ ਮਾਫੀਆ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਬੇਅਦਬੀ ਤੇ ਸਿੰਚਾਈ ਘੁਟਾਲੇ ਵਿਰੁੱਧ ਸਖ਼ਤ ਕਾਰਵਾਈ ਲਈ ਸਰਕਾਰ ਪਾਬੰਦ''

Friday, Dec 17, 2021 - 12:03 AM (IST)

ਲੁਧਿਆਣਾ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਅਤੇ ਸੂਬੇ ਦੇ ਲੋਕਾਂ ਵਿਰੁੱਧ ਸਾਜਿਸ਼ ਕਰਨ ਵਾਲੇ ਹਰੇਕ ਵਿਅਕਤੀ ਨੂੰ ਸਜ਼ਾ ਦਿਵਾਉਣਾ ਸਾਡੀ ਸਰਕਾਰ ਦਾ ਇਖਲਾਕੀ ਫਰਜ਼ ਹੈ। ਚੰਡੀਗੜ੍ਹ ਰੋਡ ਤੇ ਰਵਿਦਾਸ ਆਡੀਟੋਰੀਅਮ, ਈਸਟ ਐਂਡ ਕਲੱਬ, ਸਪੈਸ਼ਲ ਪਾਰਕ ਸਟੈਟਿਕ ਕੰਪੈਕਟਰ, ਵਪਾਰਕ ਅਤੇ ਪ੍ਰਦਰਸ਼ਨੀ ਕੇਂਦਰ ਅਤੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਪਿੱਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਬੇਅਦਬੀ, ਸਿੰਚਾਈ ਘੁਟਾਲੇ ਜਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸ਼ਾਮਲ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਗੁਨਾਹਗਾਰਾਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ, ਭਾਵੇਂ ਉਹ ਕਿੰਨਾ ਵੀ ਰਸੂਖ਼ਦਾਰ ਕਿਉਂ ਨਾ ਹੋਵੇ, ਅਜਿਹੇ ਅਪਰਾਧਾਂ ਲਈ ਜਵਾਬਦੇਹ ਹੋਵੇਗਾ। ਉਨ੍ਹਾਂ ਕਿਹਾ ਕਿ ਮਨੁੱਖਤਾ ਵਿਰੁੱਧ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਸਿਆਸੀ ਵਿਅਕਤੀਆਂ ਨੂੰ ਵੀ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਇਨ੍ਹਾਂ ਦੋਸ਼ੀਆਂ ਨੂੰ ਸੀਖਾਂ ਪਿੱਛੇ ਡੱਕਣਾ ਪੰਜਾਬ ਸਰਕਾਰ ਦਾ ਤਰਜੀਹੀ ਫਰਜ਼ ਹੈ।

`ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ `ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਸੱਤਾ ਹਥਿਆਉਣ ਲਈ ਉਨ੍ਹਾਂ (ਕੇਜਰੀਵਾਲ) ਵਲੋਂ ਵਰਤੇ ਜਾ ਰਹੇ ਹਥਕੰਡਿਆਂ ਤੋਂ ਸੁਚੇਤ ਰਹਿਣ ਲਈ ਲੋਕਾਂ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਵਾਅਦੇ ਝੂਠ ਦਾ ਪੁਲੰਦਾ ਹਨ, ਜੋ ਸੂਬਾ-ਦਰ-ਸੂਬਾ ਬਦਲਦੇ ਰਹਿੰਦੇ ਹਨ। ਮੁੱਖ ਮੰਤਰੀ ਚੰਨੀ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਕੇਜਰੀਵਾਲ , ਪੰਜਾਬ ਵਿੱਚ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਭੱਤਾ ਦੇਣ ਦਾ ਵਾਅਦਾ ਕਰ ਰਹੇ ਹਨ ਪਰ ਗੋਆ ਵਿੱਚ ਉਨ੍ਹਾਂ ਵਲੋਂ ਇਹੀ ਭੱਤਾ 5000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਜਰੀਵਾਲ ਐਂਡ ਕੰਪਨੀ ਦਾ ਕਿਰਦਾਰ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਲੋਕਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।    

ਮੁੱਖ ਮੰਤਰੀ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਕਾਂਗਰਸ ਲੀਡਰਸਿ਼ਪ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਹਰ ਆਮ ਆਦਮੀ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨ ਕਰ ਰਿਹਾ ਹਾਂ। ਆਪਣੀ ਸਰਕਾਰ ਵੱਲੋਂ ਵਿੱਢੀਆਂ ਕਈ ਲੋਕ -ਪੱਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ,ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਘਟਾ ਕੇ 3 ਰੁਪਏ ਪ੍ਰਤੀ ਯੂਨਿਟ ਕੀਤੀਆਂ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲ ਮੁਆਫ ਕੀਤੇ , ਪਾਣੀ ਦੇ ਖਰਚੇ ਘਟਾ ਕੇ 50 ਰੁਪਏ ਕੀੇਤੇ ਅਤੇ ਇਸਦੇ ਨਾਲ ਹੀ ਰੇਤ ਦੇ ਰੇਟ ਵੀ ਘਟਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਸਗੋਂ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਅਜਿਹੇ ਅਹਿਮ ਫੈਸਲੇ ਵੀ ਲਏ ਜਾਣਗੇ। ਇਸ ਮੌਕੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਇਸ ਮੌਕੇ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਤੇ ਹੋਰ ਮੌਜੂਦ ਸਨ।


Bharat Thapa

Content Editor

Related News