6ਵੇਂ ਤਨਖਾਹ ਕਮਿਸ਼ਨ ’ਤੇ ਮਜੀਠੀਆ ਨੇ ਘੇਰੀ ਕਾਂਗਰਸ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕੀਤੀ ਮੰਗ
Thursday, Jun 24, 2021 - 12:25 PM (IST)
ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ 6ਵੇਂ ਤਨਖਾਹ ਕਮਿਸ਼ਨ ਦੇ ਨਾਂ ’ਤੇ ਸਰਕਾਰੀ ਕਰਮਚਾਰੀਆਂ ਦੇ ਨਾਲ ਕੀਤੀ ਗਈ ਧੋਖਾਧੜੀ ’ਤੇ ਚਰਚਾ ਲਈ ਤੁਰੰਤ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕਰਮਚਾਰੀ ਸੰਗਠਨਾਂ ਵਲੋਂ ਦੱਸੇ ਗਏ ਅਨਿਆਂ ਦੇ ਸਾਰੇ ਮਾਮਲਿਆਂ ਨੂੰ ਇਕ ਮਹੀਨੇ ਦੇ ਅੰਦਰ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਣਾ ਚਾਹੀਦਾ ਹੈ ਕਿ ਵੱਖ-ਵੱਖ ਵਰਗਾਂ ਦੇ ਮੁਲਾਜ਼ਮਾਂ ਦੇ ਭੱਤਿਆਂ ਨੂੰ ਪੂਰੀ ਤਰ੍ਹਾਂ ਕਿਉਂ ਰੋਕ ਦਿੱਤਾ ਗਿਆ ਅਤੇ ਨਵੀਆਂ ਭਰਤੀਆਂ ’ਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰ ਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਵੱਖ-ਵੱਖ ਵਰਗ ਕਿਉਂ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਠੇਕੇ ’ਤੇ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ, ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜ ਸਾਲ ਪਹਿਲਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਹੁਣ ਤੱਕ ਰੈਗੂਲਰ ਕਿਉਂ ਨਹੀਂ ਕੀਤੇ ਗਏ? ਮਜੀਠੀਆ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮਾਂ ਨੂੰ ਹੁਣ ਵਿੱਤ ਮੰਤਰੀ ਵਿਚ ਕੋਈ ਵਿਸ਼ਵਾਸ ਨਹੀਂ ਰਹਿ ਗਿਆ। ਆਉਂਦੇ ਦਿਨਾਂ ’ਚ ਇਹ ਸੰਘਰਸ਼ ਹੋਰ ਤੇਜ਼ ਹੋਣ ਦੇ ਆਸਾਰ ਹਨ। ਸਰਕਾਰੀ ਕੰਮਕਾਜ ਅੰਸ਼ਿਕ ਤੌਰ ’ਤੇ ਠੱਪ ਹੋ ਗਿਆ ਹੈ। ਮੁਲਾਜ਼ਮਾਂ ਨੂੰ ਇਸ ਗੱਲ ’ਤੇ ਕੋਈ ਵਿਸ਼ਵਾਸ ਨਹੀਂ ਹੈ ਕਿ ਮਨਪ੍ਰੀਤ ਬਾਦਲ ਆਪਣੀ ਮੁਲਾਜ਼ਮ ਵਿਰੋਧੀ ਸੋਚ ਕਾਰਨ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਸਕਦੇ।
ਇਹ ਵੀ ਪੜ੍ਹੋ : ਚੱਕਰਵਾਤ ’ਚ ਕਾਂਗਰਸ-ਭਾਜਪਾ, ਅੰਦਰੂਨੀ ਵਿਵਾਦਾਂ ਕਾਰਨ ਕਈ ਸੂਬਿਆਂ 'ਚ ਮਚਿਆ ਤਹਿਲਕਾ
ਇਸ ਲਈ ਮੁੱਖ ਮੰਤਰੀ ਨੂੰ ਵਿੱਤ ਮੰਤਰੀ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਨਾਲ ਸਮਝੌਤੇ ਲਈ ਗੱਲਬਾਤ ਛੇਤੀ ਤੋਂ ਛੇਤੀ ਸ਼ੁਰੂ ਕੀਤੀ ਜਾ ਸਕੇ। ਸੀਨੀਅਰ ਅਕਾਲੀ ਆਗੂ ਨੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਮੁੱਚੀਆਂ ਸਿਫਾਰਸ਼ਾਂ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ। ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵੱਡੇ ਵਰਗ ਨੂੰ ਦਿੱਤੇ ਗਏ ਲਾਭ ਵਾਪਸ ਲੈ ਲਏ ਗਏ ਹਨ ਅਤੇ ਤਨਖਾਹਾਂ ਵਿਚ ਕਟੌਤੀ ਕੀਤੀ ਗਈ ਹੈ। ਮਜੀਠੀਆ ਨੇ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਤੋਂ ਤੁਰੰਤ ਇਜਲਾਸ ਬੁਲਾਉਣ ਤੇ ਪੰਜਾਬੀਆਂ ਨੂੰ ਇਹ ਦੱਸਣ ਦੀ ਮੰਗ ਕਰਦੇ ਹਾਂ ਤਾਂ ਕਿ ਪਤਾ ਲੱਗ ਸਕੇ ਕਿ ਕਰਮਚਾਰੀਆਂ ਦੇ ਪਰਿਵਾਰਾਂ ਦੇ ਨਾਲ ਭੇਦਭਾਵ ਕਿਉਂ ਕੀਤਾ ਜਾ ਰਿਹਾ ਹੈ। ਜੇਕਰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਇਕ ਮਹੀਨੇ ਵਿਚ ਹੱਲ ਨਹੀਂ ਕੀਤਾ ਗਿਆ ਤਾਂ ਕਰਮਚਾਰੀਆਂ ਲਈ ਨਿਆਂ ਯਕੀਨੀ ਬਣਾਉਣ ਲਈ ਅਕਾਲੀ ਦਲ ਅੰਦੋਲਨ ਸ਼ੁਰੂ ਕਰੇਗਾ।
ਇਹ ਵੀ ਪੜ੍ਹੋ : ਗੁਰਦੁਆਰਾ ਚੋਣਾਂ ਦੌਰਾਨ ਫੜੀ ਗਈ ਨਕਦੀ ਸਮੱਗਲਿੰਗ ਮਾਮਲੇ ’ਚ ਗੁਰਦੁਆਰਾ ਚੋਣ ਬੋਰਡ ਹੋਇਆ ਸਖ਼ਤ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ