ਕੀਮਤਾਂ ਘਟਾ ਕੇ ਸਰਕਾਰ ਨੇ ਲੋਕ ਹਿਤੈਸ਼ੀ ਹੋਣ ਦੀ ਵਚਨਬੱਧਤਾ ਦੁਹਰਾਈ : ਵਿਜੈ ਇੰਦਰ ਸਿੰਗਲਾ

11/07/2021 11:23:46 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਕੈਬਨਿਟ ਮੀਟਿੰਗ ’ਚ ਕਾਂਗਰਸ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਪੈਟਰੋਲ 10 ਰੁਪਏ ਤੇ ਡੀਜ਼ਲ 5 ਰੁਪਏ ਸਸਤਾ ਹੋ ਜਾਣਾ ਹੈ। ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਨੇ ਹਰ ਵਰਗ ਦੀ ਹਿਤੈਸ਼ੀ ਸਰਕਾਰ ਹੋਣ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਵਿਜੈ ਇੰਦਰ ਸਿੰਗਲਾ ਨੇ ਕੀਤਾ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਹਰ ਵਰਗ ਨਾਲ ਖੜ੍ਹੀ ਹੈ ਅਤੇ ਹਮੇਸ਼ਾ ਲੋਕ ਹਿਤੈਸ਼ੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬਿਜਲੀ ਦੀਆਂ ਕੀਮਤਾਂ ਨੂੰ ਵੱਡੇ ਪੱਧਰ ’ਤੇ ਘਟਾ ਕੇ ਪੰਜਾਬ ਵਾਸੀਆਂ ਨੂੰ ਆਰਥਿਕ ਲਾਭ ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰਨ ਨਾਲ ਸੂਬੇ ਦੇ ਆਮ ਨਾਗਰਿਕਾਂ ਨੂੰ ਵੱਡਾ ਲਾਭ ਹੋਵੇਗਾ।

ਇਹ ਵੀ ਪੜ੍ਹੋ : ਕੀ ਹੁਣ ਰੰਧਾਵਾ ਤੇ ਚੰਨੀ ਵਿਚਾਲੇ ਹੋ ਗਈ ਹੈ ਅਣਬਣ ? ਅਹਿਮ ਪ੍ਰੈੱਸ ਕਾਨਫਰੰਸ ਤੋਂ ਉਪ-ਮੁੱਖ ਮੰਤਰੀ ਨੇ ਬਣਾਈ ਦੂਰੀ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿੱਥੇ ਪੈਟਰੋਲ ਦੀਆਂ ਕੀਮਤਾਂ ਘਟਣ ਨਾਲ ਆਮ ਨਾਗਰਿਕਾਂ ਨੂੰ ਆਪਣੇ ਵਾਹਨਾਂ ਦੀ ਵਰਤੋਂ ਕਰਨ ਵਿਚ ਆਰਥਿਕ ਬੋਝ ਘਟੇਗਾ, ਉੱਥੇ ਹੀ ਡੀਜ਼ਲ ਦੀਆਂ ਕੀਮਤਾਂ ਘੱਟ ਹੋਣ ਨਾਲ ਢੋਆ-ਢੁਆਈ ਦੀਆਂ ਕੀਮਤਾਂ ਵੀ ਘਟਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ ਨੂੰ ਵੀ ਠੱਲ੍ਹ ਪਵੇਗੀ ਤੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ ’ਚ ਵੀ ਗਿਰਾਵਟ ਆਵੇਗੀ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਵਰਤੋਂ ਦੀਆਂ ਹੋਰਨਾਂ ਵਸਤਾਂ ਦੀਆਂ ਕੀਮਤਾਂ ਨੂੰ ਵੀ ਪ੍ਰਭਾਵਿਤ ਕਰਦੀਆਂ ਹਨ। ਇਸ ਲਈ ਸੂਬੇ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਉਥੇ ਹੀ ਆਮ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

Manoj

This news is Content Editor Manoj