ਮਾਨਸਾ ''ਚ ਗ੍ਰੰਥੀ ਸਿੰਘ ਦੀ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Monday, Feb 24, 2020 - 05:36 PM (IST)

ਮਾਨਸਾ ''ਚ ਗ੍ਰੰਥੀ ਸਿੰਘ ਦੀ ਕੁੱਟਮਾਰ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ (ਦੀਪਕ ਸ਼ਰਮਾ) : ਮਾਨਸਾ 'ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਗ੍ਰੰਥੀ ਸਿੰਘ ਨਾਲ ਦੁਰਵਿਹਾਰ ਕਰਨਾ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਕਰਨੀ ਮੰਦਭਾਗੀ ਗੱਲ ਹੈ। ਇਸ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਮਾਨਸਾ ਦੇ ਗ੍ਰੰਥੀ ਭਾਈ ਕਰਮ ਸਿੰਘ ਦੀ ਜ਼ਾਲਮਾਨਾਂ ਢੰਗ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਤੇ ਦਸਤਾਰ ਦੀ ਵੀ ਤੌਹੀਨ ਕੀਤੀ ਗਈ ਹੈ। ਸਾਹਮਣੇ ਆਈਆਂ ਵੀਡੀਓ ਵਿਚ ਕੁਝ ਲੋਕ ਸ਼ਰ੍ਹੇਆਮ ਗ੍ਰੰਥੀ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਸ ਘਟਨਾ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪਾਸੋਂ ਕੁੱਟਮਾਰ ਕਰਨ ਵਾਲੇ ਲੋਕਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਕਾਨੂੰਨ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਬੇਸ਼ੱਕ ਬਠਿੰਡਾ ਦੇ ਇਕ ਥਾਣੇ ਵਿਚ ਦੋਸ਼ੀਆਂ ਵਿਰੁੱਧ ਪਰਚਾ ਦਰਜ ਹੋ ਚੁੱਕਾ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਘਟਨਾ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀ ਡਿਊਟੀ ਲਗਾਈ ਗਈ ਹੈ, ਜੋ ਪ੍ਰਭਾਵਤਾਂ ਤੱਕ ਪਹੁੰਚ ਕਰਕੇ ਰਿਪੋਰਟ ਦੇਣਗੇ।


author

Gurminder Singh

Content Editor

Related News