ਗ੍ਰੰਥੀ ਸਿੰਘ ਸੰਗਤਾਂ ਤੇ ਖ਼ਾਸਕਰ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉੱਦਮ ਕਰਨ : ਗਿਆਨੀ ਗੁਰਬਚਨ ਸਿੰਘ

07/05/2018 7:15:56 AM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਦੀਪਕ) - ਸਥਾਨਕ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੇ ਗਏ ਪਾਠ ਬੋਧ ਸਮਾਗਮ ਦੀ ਸਮਾਪਤੀ 'ਤੇ ਅੱਜ ਧਾਰਮਿਕ ਸਮਾਰੋਹ ਕਰਵਾਏ ਗਏ। ਵੱਡੀ ਗਿਣਤੀ 'ਚ ਪਾਠ ਸੰਥਿਆ ਪ੍ਰਾਪਤ ਪਾਠੀ ਸਿੰਘਾਂ ਦਾ ਇਸ ਦੌਰਾਨ ਸਨਮਾਨ ਕੀਤਾ ਗਿਆ। ਵਰਨਣਯੋਗ ਹੈ ਕਿ ਇਥੇ ਇਨ੍ਹਾਂ ਸਮਾਗਮਾਂ ਦੌਰਾਨ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਪਾਠ ਦੀ ਸੰਥਿਆ ਦਿੱਤੀ ਗਈੇ। ਸਮਾਪਤੀ ਸਮਾਰੋਹ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸਿੱਖ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਕਰੀਬ 1 ਮਹੀਨਾ ਚਾਰ ਦਿਨ ਚੱਲੇ ਇਸ ਸਮਾਗਮ ਦੌਰਾਨ ਜਿੱਥੇ ਵੱਖ-ਵੱਖ ਸਿੱਖ ਵਿਦਵਾਨਾਂ ਨੇ ਗ੍ਰੰਥੀ ਸਿੰਘਾਂ ਨੂੰ ਗੁਰਬਾਣੀ ਦੀ ਸੰਥਿਆ ਦਿੱਤੀ। ਉਥੇ ਸਿੱਖ ਰਹਿਤ ਮਰਿਯਾਦਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਗੰ੍ਰਥੀ ਸਿੰਘਾਂ ਨੂੰ ਘਰ ਘਰ ਜਾ ਕੇ ਪ੍ਰਚਾਰ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਵਿਚ ਗੰ੍ਰਥੀ ਸਿੰਘ ਅਹਿਮ ਯੋਗਦਾਨ ਪਾ ਸਕਦੇ ਹਨ। ਸਮਾਗਮ ਵਿਚ ਲਗਾਤਾਰ ਇੱਕ ਮਹੀਨਾ ਸੰਥਿਆ ਲੈਣ ਵਾਲੇ 325 ਗ੍ਰੰਥੀ ਸਿੰਘਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪਾਠ ਬੋਧ ਸਮਾਗਮ ਇਕ ਵਧੀਆ ਉਦਮ ਹੈ ਅਤੇ ਗ੍ਰੰਥੀ ਸਿੰਘ ਗੁਰਬਾਣੀ ਅਤੇ ਇਤਿਹਾਸ ਤੋਂ ਇਲਾਵਾ ਸਿੱਖ ਰਹਿਤ ਮਰਿਯਾਦਾ ਸਬੰਧੀ ਵੀ ਪੂਰੀ ਜਾਣਕਾਰੀ ਹਾਸਿਲ ਕਰ ਰਹੇ ਹਨ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਿੰਡਾਂ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੇ ਪਾਠ ਬੋਧ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਉਪਰਾਲੇ ਨੂੰ ਸਮੇਂ ਦੀ ਲੋੜ ਦੱਸਿਆ ਅਤੇ ਹਰ ਗ੍ਰੰਥੀ ਅਖੰਡਪਾਠੀ ਨੂੰ ਇਸ ਲਹਿਰ ਦਾ ਹਿੱਸਾ ਬਣਨ ਦੀ ਅਪੀਲ ਕੀਤੀ।
    ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰਬਾਣੀ ਦੇ ਗੁੱਝੇ ਭੇਦਾਂ ਨੂੰ ਸਮਝਣ ਲਈ ਗੁਰਬਾਣੀ ਦਾ ਸ਼ੁੱਧ ਉਚਾਰਣ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ ਅਤੇ ਹਰ ਪਿੰਡ-ਸ਼ਹਿਰ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਮੁਕੰਮਲ ਸਿੱਖਿਆ ਦਿੱਤੀ ਜਾਵੇਗੀ।    ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਨਵਤੇਜ ਸਿੰਘ ਕਾਉਣੀ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ  ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਬ-ਆਫ਼ਿਸ ਤਲਵੰਡੀ ਸਾਬੋ ਦੇ ਵਧੀਕ ਸਕੱਤਰ ਕੇਵਲ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ,  ਗੁਰਮੀਤ ਸਿੰਘ ਬੂਹ,  ਜਥੇਦਾਰ ਅਵਤਾਰ ਸਿੰਘ ਵਣਵਾਲਾ, ਪ੍ਰਿਤਪਾਲ ਸਿੰਘ ਲੁਧਿਆਣਾ, ਬੀਬੀ ਕਿਰਨਬੀਰ ਕੌਰ, ,  ਸ਼ੇਰ ਸਿੰਘ ਮੰਡਵਾਲਾ,  ਬਿੱਕਰ ਸਿੰਘ ਚੰਨੂ,  , ਜਥੇਦਾਰ ਓਦੈ ਸਿੰਘ ਲੌਂਗੋਵਾਲ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਤੇਜਿੰਦਰ ਸਿੰਘ ਮਿੱਡੂਖੇੜਾ, ਬੀਬੀ ਪਰਮਜੀਤ ਕੌਰ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਪੀ.ਏ., ਪਰਵਿੰਦਰ ਸਿੰਘ ਪ੍ਰਚਾਰਕ, ਜਗਦੇਵ ਸਿੰਘ ਹੈੱਡ ਪ੍ਰਚਾਰਕ, ਪ੍ਰੋ. ਕੁਲਰਾਜ ਸਿੰਘ,  ਭੋਲਾ ਸਿੰਘ ਇੰਚਾਰਜ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ,  ਬਲਵਿੰਦਰ ਸਿੰਘ, ਬਲਦੇਵ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,  ਮਨਿੰਦਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।


Related News