ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ, ਦੁਕਾਨਾਂ ਖੋਲ੍ਹਣ ਦੇ ਸਮੇਂ ''ਚ 4 ਘੰਟਿਆਂ ਦਾ ਵਾਧਾ
Wednesday, May 06, 2020 - 07:45 PM (IST)
ਚੰਡੀਗੜ੍ਹ: ਪੰਜਾਬ 'ਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਵਲੋਂ ਦੁਕਾਨਾਂ ਨੂੰ ਖੋਲ੍ਹਣ ਦੇ ਸਮੇਂ 'ਚ 4 ਘੰਟਿਆਂ ਦਾ ਵਾਧਾ ਕੀਤਾ ਗਿਆ ਹੈ। ਪੰਜਾਬ 'ਚ ਦੁਕਾਨਾਂ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ ਸਕਣਗੀਆਂ। ਸੂਬੇ ਦੇ ਗ੍ਰਹਿ ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ 'ਚ ਦੁਕਾਨਦਾਰਾਂ ਨੂੰ ਜ਼ਿਆਦਾ ਭੀੜ ਇੱਕਠੀ ਨਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਅਤੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਹ ਸੁਨਿਸ਼ਚਿਤ ਕਰਨ ਨੂੰ ਕਿਹਾ ਗਿਆ ਹੈ ਕਿ ਦੁਕਾਨਦਾਰ ਸੋਸ਼ਲ ਡਿਸਟੈਂਸਿੰਗ ਨੂੰ ਲੈ ਕੇ ਪਹਿਲਾਂ ਤੋਂ ਜ਼ਾਰੀ ਸਰਕਾਰੀ ਆਦੇਸ਼ਾਂ ਦਾ ਪਾਲਣ ਕਰਨ। ਸੂਬੇ 'ਚ ਬੈਂਕਾਂ ਦੀ ਪਬਲਿਕ ਡੀਲਿੰਗ ਦਾ ਸਮਾਂ ਸਵੇਰੇ 9 ਤੋਂ 1 ਵਜੇ ਤਕ ਰਹੇਗਾ ਪਰ ਇਸ ਤੋਂ ਬਾਅਦ ਉਹ ਆਪਣੀ ਮਰਜ਼ੀ ਮੁਤਾਬਕ ਗੈਰ ਪਬਲਿਕ ਡੀਲਿੰਗ ਦੇ ਅਧਿਕਾਰਿਕ ਕੰਮ ਨਿਪਟਾ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ 'ਚ ਦੁਕਾਨਾਂ ਖੋਲ੍ਹਣ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤਕ ਨਿਰਧਾਰਿਤ ਕੀਤਾ ਗਿਆ ਸੀ।