ਲੋਕਾਂ ਨੂੰ ਪ੍ਰਦੂਸ਼ਣ ਰਹਿਤ ਅਤੇ ਗਰੀਨ ਦਿਵਾਲੀ ਮਨਾਉਣ ਦੀ ਅਪੀਲ
Tuesday, Oct 29, 2024 - 10:35 AM (IST)
ਫਾਜ਼ਿਲਕਾ (ਨਾਗਪਾਲ) : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਅਤੇ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਤੋਂ ਨਿਕਲਿਆ ਧੂੰਆਂ ਅਤੇ ਪ੍ਰਦੂਸ਼ਣ ਨਾਲ ਕਈ ਬਿਮਾਰੀਆਂ ਜਿਵੇਂ ਸਾਹ, ਦਮਾ, ਦਿਲ, ਅੱਖਾਂ, ਚਮੜੀ, ਕੈਂਸਰ ਅਤੇ ਤਪਦਿਕ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਖ਼ਾਸ ਕਰਕੇ ਬੱਚੇ, ਬਜ਼ੁਰਗ ਅਤੇ ਗਰਭਵਤੀ ਮਾਵਾਂ ਇਸ ਦੀ ਲਪੇਟ ’ਚ ਜਲਦੀ ਆ ਜਾਂਦੇ ਹਨ।
ਉਨ੍ਹਾਂ ਬਜ਼ੁਰਗਾਂ, ਗਰਭਵਤੀ ਮਾਵਾਂ, ਸਾਹ ਅਤੇ ਦਮੇ ਦੇ ਮਰੀਜ਼ਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਾ ਨਿਕਲਣ। ਧੂੰਆਂ ਅਤੇ ਪਟਾਕਿਆਂ ਦੀ ਰਹਿੰਦ-ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬੱਚੇ ਪਟਾਕੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ’ਚ ਚਲਾਉਣ ਅਤੇ ਪਟਾਖੇ ਹੱਥਾਂ ’ਚ ਫਡ਼ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਪਟਾਕੇ ਚਲਾਉਣ ਸਮੇਂ ਪਾਣੀ ਦੀ ਬਾਲਟੀ ਆਪਣੇ ਕੋਲ ਭਰ ਕੇ ਰੱਖਣ।
ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਓ, ਸਗੋਂ ਸੂਤੀ ਕੱਪੜੇ ਪਹਿਨੇ ਜਾਣ। ਜੇਕਰ ਅੱਖਾਂ ਤੇ ਸੱਟ ਵੀ ਲੱਗ ਜਾਵੇ ਤਾਂ ਉੁਸ ਨੂੰ ਮਲਣਾ ਨਹੀਂ ਚਾਹੀਦਾ, ਸਗੋਂ ਜਲਦੀ ਤੋਂ ਜਲਦੀ ਅੱਖਾਂ ਦੇ ਮਾਹਿਰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾ ਕੇ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ।