ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ 1.57 ਕਰੋੜ ਦੀ ਯੋਜਨਾ ਨੂੰ ਪ੍ਰਵਾਨਗੀ

Thursday, Jul 02, 2020 - 09:34 AM (IST)

ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ 1.57 ਕਰੋੜ ਦੀ ਯੋਜਨਾ ਨੂੰ ਪ੍ਰਵਾਨਗੀ

ਜਲੰਧਰ, (ਚੋਪੜਾ)- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਦੀ ਅਗਵਾਈ ਵਿਚ ਜ਼ਿਲ੍ਹਾ ਵਾਟਰ ਸ਼ੈੱਡ ਵਿਕਾਸ ਯੂਨਿਟ ਵਲੋਂ ਜ਼ਿਲ੍ਹੇ ਦੇ 40 ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ 1.57 ਕਰੋੜ ਰੁਪਏ ਦੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਉਚ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇੰਟੀਗਰੇਟਿਡ ਵਾਟਰਸ਼ੈਡ ਮੈਨੇਜਮੈਂਟ ਪ੍ਰੋਗਰਾਮ ਤਹਿਤ ਇਸ ਸਕੀਮ ਦਾ ਮੁੱਖ ਮੰਤਵ ਬਨਸਪਤੀ, ਪਾਣੀ ਅਤੇ ਮਿੱਟੀ ਦੇ ਵਿਗੜ ਰਹੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਰਾਹੀਂ ਸੰਤੁਲਨ ਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਇੰਟੀਗ੍ਰੇਟਿਡ ਵਾਟਰਸ਼ੈਡ ਮੈਨੇਜਮੈਂਟ ਪ੍ਰੋਗਰਾਮ ਪੇਂਡੂ ਵਿਕਾਸ ਮੰਤਰਾਲੇ ਦੇ ਭੂਮੀ ਸੁਧਾਰ ਵਿਭਾਗ ਵਲੋਂ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਦੇ 40 ਪਿੰਡਾਂ, ਜਿਸ ਵਿਚ ਸ਼ਾਹਕੋਟ, ਨਕੋਦਰ ਅਤੇ ਲੋਹੀਆਂ ਬਲਾਕ ਦੇ 35 ਪਿੰਡਾਂ ਤੋਂ ਇਲਾਵਾ ਫਿਲੌਰ ਦੇ 5 ਪਿੰਡਾਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿਸ਼ੇਸ਼ ਪ੍ਰੋਜੈਕਟ ’ਤੇ ਕੰਮ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਇਸ ਦਾ ਲਾਭ ਲੋਕਾਂ ਨੂੰ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਵਾਤਾਵਰਣ ਵਿਚ ਸੁਧਾਰ ਅਤੇ ਧਰਤੀ ਹੇਠਲੇ ਪਾਣੀ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਬਹੁਤ ਕਾਰਗਰ ਸਾਬਿਤ ਹੋਵੇਗੀ। ਇਸ ਮੌਕੇ ਭੂਮੀ ਰੱਖਿਆ ਅਫ਼ਸਰ ਲੁਪਿੰਦਰ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।


author

Lalita Mam

Content Editor

Related News