ਖੇਤੀ ਮੋਟਰਾਂ ''ਤੇ ਮੀਟਰ ਲਾਉਣ ਪੁੱਜੇ ਪਾਵਰਕਾਮ ਦੇ ਅਧਿਕਾਰੀਆਂ ਦਾ ਘਿਰਾਓ

01/16/2018 2:42:07 AM

ਧੂਰੀ (ਸੰਜੀਵ ਜੈਨ)- ਪਿੰਡ ਸਮੁੰਦਗੜ੍ਹ ਛੰਨਾ ਵਿਖੇ ਖੇਤੀ ਮੋਟਰਾਂ 'ਤੇ ਮੀਟਰ ਲਾਉਣ ਪੁੱਜੇ ਪਾਵਰਕਾਮ ਦੇ ਅਧਿਕਾਰੀਆਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਜਨਰਲ ਸਕੱਤਰ ਹਰਬੰਸ ਸਿੰਘ ਲੱਡਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਘਿਰਾਓ ਕੀਤਾ।
ਇਸ ਮੌਕੇ ਕਿਸਾਨ ਆਗੂ ਕਿਰਪਾਲ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ, ਕੁਰਕੀਆਂ ਤੇ ਨਿਲਾਮੀਆਂ ਬੰਦ ਕਰਨ, ਹਰ ਘਰ 'ਚ ਨੌਕਰੀ ਦੇਣ, 2500 ਰੁਪਏ ਬੇਰੋਜ਼ਗਾਰੀ ਭੱਤਾ ਦੇਣ, ਬੁਢਾਪਾ ਪੈਨਸ਼ਨ 2000 ਰੁਪਏ ਕਰਨ, ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਸਣੇ ਅਨੇਕਾਂ ਵਾਅਦੇ ਕੀਤੇ ਸਨ ਪਰ ਸੱਤਾ 'ਤੇ ਕਾਬਜ਼ ਹੁੰਦਿਆਂ ਹੀ ਕੈਪਟਨ ਸਰਕਾਰ ਨੇ ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਦੇ ਕੁਨੈਕਸ਼ਨ ਵੀ ਕੱਟ ਦਿੱਤੇ। ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੀ ਬਜਾਏ ਸਰਕਾਰੀ ਥਰਮਲ ਪਲਾਂਟ ਬੰਦ ਕਰ ਕੇ ਤੇ ਨਿੱਜੀਕਰਨ ਦੀ ਨੀਤੀ ਤਹਿਤ ਖੇਤੀ ਮੋਟਰਾਂ 'ਤੇ ਮੀਟਰ ਲਾਉਣੇ ਸ਼ੁਰੂ ਕਰ ਕੇ ਕੈਪਟਨ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ।
ਡੀ. ਸੀ. ਦਫਤਰਾਂ ਅੱਗੇ ਧਰਨੇ 22 ਤੋਂ
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਹਰ ਅਦਾਰਾ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਇਸ ਵਾਅਦਾ ਖ਼ਿਲਾਫੀ ਵਿਰੁੱਧ ਜਥੇਬੰਦੀ ਵੱਲੋਂ 22 ਤੋਂ 26 ਜਨਵਰੀ ਤੱਕ ਪੰਜਾਬ ਦੇ ਸਾਰੇ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦੀ ਗੱਲ ਵੀ ਕਹੀ। ਇਸ ਮੌਕੇ ਧੰਨਾ ਸਿੰਘ ਚੰਗਾਲ, ਹਮੀਰ ਸਿੰਘ ਬੇਨੜਾ, ਜ਼ੋਰਾ ਸਿੰਘ ਕੰਧਾਰਗੜ੍ਹ ਛੰਨਾ, ਸਰਬਜੀਤ ਸਿੰਘ ਸਮੁੰਦਗੜ੍ਹ ਛੰਨਾ ਤੇ ਸੁਖਵਿੰਦਰ ਸਿੰਘ ਹਾਜ਼ਰ ਸਨ।