ਲੰਗਰ ਸਮੱਗਰੀ ਨੂੰ ਜੀ. ਐੱਸ. ਟੀ. ਮੁਕਤ ਕਰਨ ਲਈ ਕੈਪਟਨ ਅਮਰਿੰਦਰ ਨੇ ਜੇਤਲੀ ਨੂੰ ਲਿਖੀ ਚਿੱਠੀ

07/17/2017 6:04:38 PM

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਧਾਰਮਿਕ ਸੰਸਥਾਨਾਂ ਵੱਲੋਂ ਵਰਤਾਏ ਜਾਣ ਵਾਲੇ ਮੁੱਫਤ ਲੰਗਰ ਅਤੇ ਪ੍ਰਸ਼ਾਦ 'ਤੇ ਜੀ. ਐੱਸ. ਟੀ. ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸ਼ਖਸੀਅਤਾਂ ਅਤੇ ਸੰਸਥਾਵਾਂ ਵੱਲੋਂ ਲੰਗਰ ਅਤੇ ਪ੍ਰਸਾਦ 'ਤੇ ਜੀ. ਐੱਸ. ਟੀ. ਖਤਮ ਕਰਨ ਦੀ ਅਪੀਲ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਅਰੁਣ ਕੁਮਾਰ ਜੇਤਲੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਕੇਂਦਰੀ ਵਿੱਤ ਮੰਤਰੀ ਨੂੰ ਯਾਦ ਦਿਵਾਇਆ ਕਿ ਮੁੱਫਤ ਲੰਗਰ ਦੀ ਸੇਵਾ ਕਰਨ ਲਈ ਗੁਰਦੁਆਰਿਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਵਸਤਾਂ 'ਤੇ ਵੈਟ ਦੇ ਭੁਗਤਾਨ ਤੋਂ ਛੋਟ ਦਿੱਤੀ ਗਈ ਸੀ ਪਰ ਜੀ. ਐੱਸ. ਟੀ. ਦੇ ਅਧੀਨ ਇਨ੍ਹਾਂ ਵਸਤੂਆਂ ਦੀ ਖਰੀਦ 'ਤੇ ਟੈਕਸ ਨਹੀਂ ਲਗਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਦ ਦੀ ਵਿਕਰੀ 'ਤੇ ਵੀ ਜੀ. ਐੱਸ. ਟੀ. ਦਾ ਭੁਗਤਾਨ ਠੀਕ ਹੈ, ਜਿਸ ਕਰਕੇ ਇਹ ਮੰਦਰਾਂ, ਗੁਰਦੁਆਰਿਆਂ, ਮਸਜਿਦਾਂ ਅਤੇ ਚਰਚਾਂ ਸਮੇਤ ਸਾਰੀਆਂ ਧਾਰਮਿਕ ਸੰਸਥਾਵਾਂ ਵਿਚ ਲਾਗੂ ਹੁੰਦਾ ਹੈ। 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਵੱਲੋਂ ਖਰੀਦੀਆਂ ਜਾਣ ਵਾਲੀਆਂ ਵਸਤਾਂ 'ਤੇ ਜੀ. ਐੱਸ. ਟੀ. ਲਗਾਉਣਾ ਜਾਇਜ਼ ਨਹੀਂ ਹੈ। ਕਿਉਂਕਿ ਇਨ੍ਹਾਂ ਸੰਸਥਾਵਾਂ ਦੀ ਆਮਦਨ ਦਾ ਕੋਈ ਸ੍ਰੋਤ ਨਹੀਂ ਹੈ ਅਤੇ ਇਹ ਦਾਨ ਦੀ ਰਾਸ਼ੀ ਨਾਲ ਚਲਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਇਸ ਮਾਮਲੇ ਨੂੰ ਫਿਰ ਤੋਂ ਵਿਚਾਰਨ ਅਤੇ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਜੀ. ਐੱਸ. ਟੀ. ਤੋਂ ਛੋਟ ਦੇਣ ਲਈ ਕੇਂਦਰੀ ਮੰਤਰੀ ਤੋਂ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪ੍ਰਸ਼ਾਦ ਦੀ ਖਰੀਦ ਅਤੇ ਵਿਕਰੀ ਤੋਂ ਇਲਾਵਾ ਧਾਰਮਿਕ ਸੰਸਥਾਵਾਂ ਵੱਲੋਂ ਲਗਾਏ ਜਾਂਦੇ ਮੁੱਫਤ ਲੰਗਰ ਦੀ ਸੇਵਾ ਲਈ ਖਰੀਦੀ ਜਾਣ ਵਾਲੀ ਸਮੱਗਰੀ 'ਤੇ ਵੀ ਜੀ. ਐੱਸ. ਟੀ. ਦੇ ਦਾਇਰੇ ਵਿਚ ਰੱਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਵੱਲੋਂ ਜੀ. ਐੱਸ. ਟੀ. ਤੋਂ ਛੋਟ ਦੇਣ ਲਈ ਉਠਾਈ ਗਈ ਮੰਗ ਬਿਲਕੁਲ ਜਾਇਜ਼ ਹੈ ਅਤੇ ਇਹ ਭਾਰਤ ਸਰਕਾਰ ਵੱਲੋਂ ਮੰਨੀ ਜਾਣੀ ਚਾਹੀਦੀ ਹੈ।


Related News