ਗੈਸਟ ਫੈਕਿਲਟੀ ਲੈਕਚਰਾਰਾਂ ਵਲੋਂ ਸਰਕਾਰ ਖਿਲਾਫ ਪ੍ਰਦਰਸ਼ਨ
Wednesday, Nov 20, 2019 - 06:16 PM (IST)

ਹੁਸ਼ਿਆਰਪੁਰ : ਐੱਮ. ਆਰ. ਪੀ. ਡੀ. ਸਰਕਾਰੀ ਕਾਲਜ ਤਲਵਾੜਾ ਵਿਖੇ ਸਮੂਹ ਗੈਸਟ ਫੈਕਿਲਟੀ ਲੈਕਚਰਾਰਾਂ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਸਕਾਰਾਤਮਕ ਰਵੱਈਆ ਨਾ ਅਪਨਾਉਣ ਕਰਕੇ ਸੂਬਾ ਪ੍ਰਧਾਨ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਹਰਮਿੰਦਲ ਸਿੰਘ ਡਿੰਪਲ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ਤੋਂ ਗੈਸਟ ਫੈਕਿਲਟੀ ਲੈਕਚਰਾਰ ਪੂਰੀ ਮਿਹਨਤ ਨਾਲ ਸੇਵਾਵਾਂ ਨਿਭਾਅ ਰਹੇ ਹਨ ਅਤੇ ਸੂਬੇ ਦੇ ਉਚੇਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਲੈ ਕੇ ਜਾ ਰਹੇ ਹਨ ਜਦਕਿ ਇਸ ਦੇ ਉਲਟ ਉਨ੍ਹਾਂ ਨੂੰ ਮਾਮੂਲੀ ਭੱਤੇ ਦਿੱਤੇ ਜਾ ਰਹੇ ਹਨ। ਗੈਸਟ ਫੈਕਿਲਟੀ ਲੈਕਚਰਾਰਾਂ ਦੀ ਸਰਕਾਰ ਤੋਂ ਮੰਗ ਹੈ ਕਿ ਉਨ੍ਹਾਂ ਵਲੋਂ ਸਰਕਾਰੀ ਕਾਲਜਾਂ ਵਿਚ ਲੰਮੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤੇ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੈਕਚਰਾਰਾਂ ਨੇ ਆਪਣੀ ਜ਼ਿੰਦਗੀ ਦਾ ਸੁਨਹਿਰੀ ਸਮਾਂ ਸਰਕਾਰ ਅਤੇ ਵਿਦਿਆਰਥੀਆਂ ਦੇ ਲੇਖੇ ਲਾਇਆ ਹੈ। ਗੈਸਟ ਫੈਕਿਲਟੀ ਲੈਕਚਰਾਰ ਨੇ ਅਧਿਆਪਨ ਦੇ ਨਾਲ-ਨਾਲ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਵਲੋਂ ਦਿੱਤੀਆਂ ਡਿਊਟੀਆਂ ਨੂੰ ਵੀ ਤਨਦੇਹੀ ਨਾਲ ਤੇ ਮੋਹਰੀ ਹੋ ਕੇ ਨਿਭਾਈਆਂ ਹਨ। ਸਮੂਹ ਗੈਸਟ ਫੈਕਿਲਟੀ ਲੈਕਚਰਾਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਕਿਸੇ ਵੀ ਗੈਸਟ ਫੈਕਿਲਟੀ ਲੈਕਚਰਾਰ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।