ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਪੰਜਾਬੀ ਫ਼ਿਲਮ ਜਗਤ ਦੇ ਥੰਮ ਗੁੱਗੂ ਗਿੱਲ, ਆਖੀ ਇਹ ਗੱਲ (ਵੀਡੀਓ)

09/18/2020 10:43:59 AM

ਜਲੰਧਰ (ਬਿਊਰੋ) : ਸਰਕਾਰ ਵੱਲੋਂ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿਚ ਵੱਖ-ਵੱਖ ਥਾਂਵਾਂ ’ਤੇ ਸੜਕਾਂ ਜਾਮ ਕਰ ਦਿੱਤੀਆਂ। ਉਧਰ, ਕਿਸਾਨਾਂ ਅਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਹਾਲੇ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਦੇਖਦੇ ਹੋਏ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਨੇ ਵੀ ਆਪਣੇ-ਆਪਣੇ ਤਰੀਕੇ ਨਾਲ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਹਨ। 
ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੱਡਾ ਨਾਮ ਬਣਾਉਣ ਵਾਲੇ ਅਦਾਕਾਰ ਗੁੱਗੂ ਗਿੱਲ ਨੇ ਵੀ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ “ਮੈਂ ਅਦਾਕਾਰ ਬਾਅਦ ਵਿਚ ਤੇ ਕਿਸਾਨ ਪਹਿਲਾਂ ਹਾਂ, ਜਿਹੜਾ ਕਿਸਾਨ ਵਿਰੋਧੀ ਬਿੱਲ ਸਰਕਾਰ ਲੈ ਕੇ ਆ ਰਹੀ ਹੈ, ਮੈਂ ਉਸ ਦਾ ਵਿਰੋਧ ਕਰਦਾ ਹਾਂ ਅਤੇ ਇਸ ਸੰਕਟ ਦੀ ਘੜੀ ਵਿਚ ਆਪਣੇ ਕਿਸਾਨ ਭਾਈਚਾਰੇ ਨਾਲ ਖੜ੍ਹਾ ਹਾਂ।” 


ਇਸ ਤੋਂ ਪਹਿਲਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਂ ਦਾ ਨਾਅਰਾ ਦਿੱਤਾ। ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ, 'ਭਾਵੇਂ ਅਸੀਂ ਗਾਇਕ ਜਾਂ ਫ਼ਿਲਮਾਂ ਦਾ ਕਿੱਤਾ ਚੁਣਿਆ ਹੈ ਪਰ ਅਸੀਂ ਹੈ ਤਾਂ ਕਿਸਾਨ ਪਰਿਵਾਰ 'ਚੋ ਹੀ ਹਾਂ। ਦੇਸ਼ ਦਾ ਅੰਨ ਦਾਤਾ ਸੜਕਾਂ 'ਤੇ ਰੁੱਲ ਰਿਹਾ, ਜਦੋਂ ਅਸੀਂ ਸੁੱਤੇ ਹੁੰਦੇ ਹਾਂ ਉਦੋਂ ਕਿਸਾਨ ਰਾਤ ਨੂੰ ਸੱਪਾਂ ਦੀਆਂ ਸਿਰੀਆਂ 'ਤੇ ਪੈਰ ਧਰ ਸਾਡੇ ਲਈ ਅੰਨ੍ਹ ਪੈਦਾ ਕਰਦਾ ਹੈ। ਅੰਨ ਦਾਤਾ  ਨਾਲ ਧੱਕਾ ਨਾ ਕਰੋ ਜੀ। ਕਿਸਾਨਾਂ ਨੂੰ ਬਣਦਾ ਹੱਕ ਹਰ ਹਾਲਤ 'ਚ ਮਿਲਣਾ ਚਾਹੀਦਾ, ਹਰ ਚੀਜ਼ ਦਾ ਰੇਟ ਅਸਮਾਨ 'ਤੇ ਪਹੁੰਚਿਆ ਤਾਂ ਫ਼ਸਲਾਂ ਦਾ ਰੇਟ ਵੀ ਵਧਣਾ ਚਾਹੀਦਾ। ਆਓ ਅਸੀਂ ਸਾਰੇ ਦੇਸ਼ ਦੇ ਅੰਨ ਦਾਤਾ ਦੇ ਹੱਕ 'ਚ ਖੜ੍ਹੇ ਹੋਈਏ।'
ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਂਸਾ ਖ਼ਿਲਾਫ਼ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

sunita

This news is Content Editor sunita