ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸੇਵਾ ਦਾ ਮੌਕਾ ਮਿਲਣਾ ਮੇਰਾ ਸੁਭਾਗ : ਰਾਜਪਾਲ
Thursday, Jul 24, 2025 - 12:13 PM (IST)

ਚੰਡੀਗੜ੍ਹ (ਅੰਕੁਰ) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਸ਼ਬਦ ਕੀਰਤਨ ਕਰਵਾਇਆ ਗਿਆ। ਇਹ ਅਲੌਕਿਕ ਸ਼ਬਦ ਕੀਰਤਨ ਪਦਮਸ੍ਰੀ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੱਲੋਂ ਕੀਤਾ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਵਡਭਾਗਾ ਸਮਝਦੇ ਹਨ, ਜਿਨ੍ਹਾਂ ਨੂੰ ਇਸ ਪਵਿੱਤਰ ਮੌਕੇ ਇਕ ਸੇਵਕ ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਵਾਹਿਗੁਰੂ ਨੇ ਇਸ ਪਵਿੱਤਰ ਦਿਹਾੜੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਰਾਜ ਭਵਨ ਇਕ ਪਵਿੱਤਰ ਅਸਥਾਨ ’ਚ ਬਦਲ ਗਿਆ, ਜੋ ਵਾਹਿਗੁਰੂ ਸਿਮਰਨ ਦੀਆਂ ਬ੍ਰਹਮ ਧੁਨਾਂ ਅਤੇ ਗੁਰਬਾਣੀ ਦੇ ਗਾਇਨ ਨਾਲ ਗੂੰਜ ਉਠਿਆ।
ਰਾਜਪਾਲ ਨੇ ਸੰਗਤ ’ਚ ਬੈਠ ਕੇ ਕੀਰਤਨ ਸੁਣਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਿਤਾਬ ‘ਗੁਰੂ ਤੇਗ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ’ ਵੀ ਜਾਰੀ ਕੀਤੀ। ਉਨ੍ਹਾਂ ਨੇ ਪਦਮਸ਼੍ਰੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਉਨ੍ਹਾਂ ਦੇ ਜੱਥੇ ਦੇ ਮੈਂਬਰਾਂ ਤੇ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ-8, ਚੰਡੀਗੜ੍ਹ ਦੇ ਪ੍ਰਧਾਨ ਐੱਸ.ਐੱਸ. ਬਹਿਲ ਤੇ ਗ੍ਰੰਥੀ ਸਿੰਘਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਜੀਵ ਅਰੋੜਾ ਤੇ ਚੰਡੀਗੜ੍ਹ ਦੇ ਮੇਅਰ ਹਰਪ੍ਰੀਤ ਕੌਰ ਬਬਲਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਚੰਡੀਗੜ੍ਹ ਦੇ ਮੁੱਖ ਸਕੱਤਰ ਰਾਜੀਵ ਵਰਮਾ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਚੰਡੀਗੜ੍ਹ ਮਨਦੀਪ ਸਿੰਘ ਬਰਾੜ, ਨਗਰ ਨਿਗਮ ਕਮਿਸ਼ਨਰ ਚੰਡੀਗੜ੍ਹ ਅਮਿਤ ਕੁਮਾਰ, ਪ੍ਰਧਾਨ ਯੂ.ਟੀ.ਸੀ.ਏ. ਸੰਜੇ ਟੰਡਨ, ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਸਿਵਲ ਅਤੇ ਪੁਲਸ ਅਧਿਕਾਰੀ, ਰਾਜ ਭਵਨ ਦਾ ਸਟਾਫ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।