ਗੁਰਦਾਸ ਮਾਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦਾ ਭਰੋਸਾ

Thursday, Jan 08, 2026 - 04:40 PM (IST)

ਗੁਰਦਾਸ ਮਾਨ ਵੱਲੋਂ ਰਾਜਪਾਲ ਨਾਲ ਮੁਲਾਕਾਤ, ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦਾ ਭਰੋਸਾ

ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਲੋਕ ਭਵਨ, ਪੰਜਾਬ ਵਿਖੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਦੋਵਾਂ ਵੱਲੋਂ ਸਮਾਜ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ, ਜਿਸ ਦੇ ਸੂਬੇ ਦੇ ਨੌਜਵਾਨਾਂ 'ਤੇ ਮਾੜੇ ਤੇ ਵਿਨਾਸ਼ਕਾਰੀ ਪ੍ਰਭਾਵ ਪੈ ਰਹੇ ਹਨ। ਇਸ ਗੰਭੀਰ ਵਿਸ਼ੇ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਰਾਜਪਾਲ ਨੇ ਪੰਜਾਬ ਵਿਚੋਂ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ। ਕਟਾਰੀਆ ਨੇ ਗੁਰਦਾਸ ਮਾਨ ਨੂੰ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਵਿਦਿਅਕ ਸੰਸਥਾਵਾਂ, ਸਮਾਜਿਕ ਅਤੇ ਧਾਰਮਿਕ ਸੰਗਠਨਾਂ, ਗੈਰ-ਸਰਕਾਰੀ ਸੰਗਠਨਾਂ, ਖਿਡਾਰੀਆਂ, ਸਿਆਸੀ ਸੰਗਠਨਾਂ ਅਤੇ ਹੋਰ ਭਾਈਵਾਲਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਇਕ ਨਿਰੰਤਰ ਜਨਤਕ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਰਾਜਪਾਲ ਨੇ ਨਿੱਜੀ ਤੌਰ 'ਤੇ ਜ਼ਮੀਨੀ ਪੱਧਰ 'ਤੇ ਸੂਬੇ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਜੁੜਨ ਲਈ ਵਿਆਪਕ ਪੈਦਲ ਯਾਤਰਾਵਾਂ ਵੀ ਕੀਤੀਆਂ ਹਨ, ਜਿਸ ਵਿਚ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿਖੇ ਛੇ ਦਿਨਾਂ ਅਤੇ ਜਲੰਧਰ ਜ਼ਿਲ੍ਹੇ ਨੂੰ ਦੋ ਦਿਨਾਂ ਵਿਚ ਕਵਰ ਕੀਤਾ ਗਿਆ, ਇਸ ਯਾਤਰਾ ਦਾ ਉਦੇਸ਼ ਜਨਤਕ ਸਮਰਥਨ ਜੁਟਾਉਣਾ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। ਨਸ਼ੀਲੇ ਪਦਾਰਥਾਂ ਦੀ ਵਰਤੋਂ ਵਿਰੁੱਧ ਲੋਕਾਂ ਦਾ ਸਮਰਥਨ ਜੁਟਾਉਣ ਵਿਚ ਕਲਾ, ਸੱਭਿਆਚਾਰ ਅਤੇ ਪ੍ਰਭਾਵੀ ਸ਼ਖਸੀਅਤਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਰਾਜਪਾਲ ਨੇ ਗੁਰਦਾਸ ਮਾਨ ਨੂੰ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੁੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਲਾਹਣਤ ਤੋਂ ਦੂਰ ਰਹਿਣ ਲਈ ਸਿੱਖਿਅਤ ਅਤੇ ਪ੍ਰੇਰਿਤ ਕਰਨ ਲਈ ਦੀ ਅਪੀਲ ਕੀਤੀ।

ਇਸ ਨੇਕ ਕਾਰਜ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਦਾਸ ਮਾਨ ਨੇ ਰਾਜਪਾਲ ਨੂੰ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਜਾਗਰੂਕਤਾ ਮਾਰਚਾਂ ਵਿਚ ਹਿੱਸਾ ਲੈਣ ਲਈ ਆਪਣੇ ਪੁਰਜ਼ੋਰ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਹ ਇਕ ਸਿਹਤਮੰਦ, ਨਸ਼ਾ ਮੁਕਤ ਪੰਜਾਬ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਵਿਆਪਕ ਯਤਨਾਂ ਵਿਚ ਆਪਣਾ  ਯੋਗਦਾਨ ਪਾਉਣਗੇ। ਸਕਾਰਾਤਮਕਤਾ ਨਾਲ ਸਮਾਪਤ ਹੋਈ ਇਹ ਮੀਟਿੰਗ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀ ਹੈ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਅਤੇ ਸੂਬੇ ਦੇ ਨੌਜਵਾਨਾਂ ਲਈ ਇੱਕ ਬਿਹਤਰ ਭਵਿੱਖ ਸੁਰੱਖਿਅਤ ਕਰਨ ਵਾਸਤੇ ਸਮੂਹਿਕ ਕਾਰਵਾਈ ਅਤੇ ਸਮਾਜਿਕ ਭਾਗੀਦਾਰੀ ਦੀ ਵਿਸ਼ੇਸ਼ ਲੋੜ ਹੈ।


author

Gurminder Singh

Content Editor

Related News