15 ਅਗਸਤ ਨੂੰ ਕਾਲੇ ਦਿਵਸ ਵਜੋਂ ਮਨਾਉਣਗੀਆਂ ਪੰਥਕ ਜਥੇਬੰਦੀਆਂ

08/11/2019 11:36:16 AM

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਕੇਂਦਰ ਅਤੇ ਸੂਬਾ ਸਰਕਾਰ ਵਲੋਂ ਵੱਖ-ਵੱਖ ਪੰਥਕ ਜਥੇਬੰਦੀਆਂ ਦੀਆਂ ਮੰਗਾਂ ਦੀ ਪੂਰਤੀ ਨਾ ਕੀਤੇ ਜਾਣ ਅਤੇ ਘੱਟ ਗਿਣਤੀ ਵਰਗ ਦੋ ਲੋਕਾਂ ਦੀ ਆਵਾਜ਼ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੇ ਰੋਸ ਵਜੋਂ ਇਨ੍ਹਾਂ ਜਥੇਬੰਦੀਆਂ ਨੇ ਆਜ਼ਾਦੀ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਇਥੇ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਲ ਖਾਲਸਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਯੂਨਾਈਟਿਡ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ 15 ਅਗਸਤ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

'ਜਗ ਬਾਣੀ' ਨਾਲ ਗੱਲਬਾਤ ਦੌਰਾਨ ਦਲ ਖਾਲਸਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਦੱਸਿਆ ਕਿ ਦਰਿਆਈ ਪਾਣੀਆਂ ਦੀ ਨਿਰੰਤਰ ਹੋ ਰਹੀ ਲੁੱਟ, ਯੂ. ਏ. ਪੀ. ਏ. ਨੂੰ ਹੋਰ ਸਖਤ ਅਤੇ ਕਠੋਰ ਬਣਾਉਣ ਦੇ ਵਿਰੋਧ, ਸੂਬੇ ਦੇ ਅਧਿਕਾਰਾਂ ਦੀ ਉਲੰਘਣਾ ਕਰ ਕੇ ਐੱਨ. ਆਈ. ਏ. ਨੂੰ ਵਾਧੂ ਅਧਿਕਾਰ ਦੇਣ ਵਿਰੁੱਧ, ਦੇਸ਼ ਧ੍ਰੋਹੀ ਕਾਨੂੰਨ ਦੀ ਦੁਰਵਰਤੋਂ ਕਰਨ, ਚਾਰ ਪੁਲਸ ਦੋਸ਼ੀਆਂ ਦੀ ਕੀਤੀ ਗਈ ਰਿਹਾਈ ਵਿਰੁੱਧ, ਸਿੱਖ ਨਜ਼ਰਬੰਦੀਆਂ ਨੂੰ ਰਿਹਾਅ ਨਾ ਕੀਤੇ ਜਾਣ ਕਾਰਣ, ਬਰਗਾੜੀ ਕੇਸ ਬਾਰੇ ਸੀ. ਬੀ. ਆਈ. ਵੱਲੋਂ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਵਿਰੁੱਧ, ਪੰਜਾਬ ਨੂੰ ਸਵੈ-ਨਿਰਣੇ ਦਾ ਅਧਿਕਾਰ ਨਾ ਦੇਣ ਅਤੇ ਕਸ਼ਮੀਰ 'ਚ ਧਾਰਾ 370 ਰੱਦ ਕਰਨ ਦੇ ਵਿਰੁੱਧ ਸੈਂਕੜੇ ਲੋਕ ਰੋਸ ਪ੍ਰਦਰਸ਼ਨ ਕਰਨਗੇ। ਇਸ ਤਹਿਤ 15 ਅਗਸਤ ਨੂੰ ਗੁਰਦਾਸਪੁਰ ਸਥਿਤ ਗੁਰਦੁਆਰਾ ਬਾਬਾ ਲਾਲ ਸਿੰਘ ਕੁੱਲੀਵਾਲੇ ਤੋਂ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ, ਜਿਸ ਤੋਂ ਬਾਅਦ ਜਹਾਜ ਚੌਕ ਤੱਕ ਕਾਲੀਆਂ ਝੰਡੀਆਂ ਅਤੇ ਬੈਨਰ ਫੜ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਪਵਾਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਦਰਸ਼ਨ ਦਾ ਹਿੱਸਾ ਬਣਨ ਅਤੇ ਭਾਰਤ ਅੰਦਰ ਘੱਟ-ਗਿਣਤੀ ਕੌਮਾਂ ਹੋ ਰਹੀਆਂ ਬੇਇਨਸਾਫ਼ੀਆਂ, ਜ਼ੁਲਮਾਂ ਅਤੇ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਬੁਲੰਦ ਕਰਨ। ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਭਾਰਤ ਨੇ ਧਾਰਾ 370 ਨੂੰ ਖਤਮ ਕਰ ਕੇ ਕਸ਼ਮੀਰੀ ਲੋਕਾਂ ਨਾਲ ਹੋ ਰਹੇ ਧੱਕੇ ਅਤੇ ਬੇਇਨਸਾਫ਼ੀਆਂ ਦੀ ਲੜੀ 'ਚ ਹੋਰ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਰੱਦ ਕਰਨ ਨਾਲ ਕਸ਼ਮੀਰੀਆਂ ਦਾ ਸੰਘਰਸ਼ਮਈ ਸੁਭਾਅ ਨਹੀਂ ਬਦਲੇਗਾ ਕਿਉਂਕਿ ਆਜ਼ਾਦੀ ਲਈ ਸੰਘਰਸ਼ ਅਜਿਹੇ ਕਾਨੂੰਨਾਂ 'ਤੇ ਨਿਰਭਰ ਨਹੀਂ ਕਰਦੇ। ਇਸ ਮੌਕੇ ਸਿੱਖ ਯੂਥ ਆਫ ਪੰਜਾਬ ਦੇ ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ, ਜਤਿੰਦਰਵੀਰ ਸਿੰਘ ਪੰਨੂੰ, ਜੁਗਰਾਜ ਸਿੰਘ, ਸੁਖਦੇਵ ਸਿੰਘ ਅਤੇ ਜਤਿੰਦਰ ਸਿੰਘ ਹਾਜ਼ਰ ਸਨ।


Baljeet Kaur

Content Editor

Related News