ਬਿਜਲੀ ਮੁਲਾਜ਼ਮਾਂ ਮੰਡਲ ਦਫਤਰ ਸਾਹਮਣੇ ਧਰਨਾ ਲਾ ਕੇ ਕੀਤਾ ਰੋਸ ਪ੍ਰਦਰਸ਼ਨ

01/20/2020 5:45:29 PM

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਪਾਵਰਕਾਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਗੁਰਦਾਸਪੁਰ ਮੰਡਲ ਦੇ ਸਾਹਮਣੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੰਡਲ ਪ੍ਰਧਾਨ ਸੰਜੀਵ ਸੈਣੀ ਦੀ ਅਗਵਾਈ ਹੇਠ ਇਕੱਤਰ ਹੋਏ ਬਿਜਲੀ ਮੁਲਾਜ਼ਮਾਂ ਨੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕਰ ਕੇ ਆਪਣੀ ਭੜਾਸ ਕੱਢੀ। ਇਸ ਦੌਰਾਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ, ਬਾਰਡਰ ਜ਼ੋਨ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਭੁਪਨੇਸ਼ ਕੁਮਾਰ, ਗੁਰਮੀਤ ਸਿੰਘ ਪਾਹੜਾ, ਰਣਜੀਤ ਸਿੰਘ ਟੋਨਾ, ਰਜਿੰਦਰ ਸ਼ਰਮਾ, ਦਲਜੀਤ ਸਿੰਘ, ਨਰਵੀਰ ਸਿੰਘ ਸੈਣੀ, ਸੁਰਜੀਤ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੇਅਰਮੈਨ ਪਾਵਰਕਾਮ ਨੇ ਪਿਛਲੇ ਸਾਲ 3 ਸਤੰਬਰ ਨੂੰ ਜਾਇੰਟ ਫੋਰਮ ਦੇ ਅਹੁਦੇਦਾਰਾਂ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਮੰਨਣ ਦਾ ਸਮਝੌਤਾ ਕੀਤਾ ਸੀ। ਇਸ ਤਹਿਤ 23 ਸਾਲ ਸਰਵਿਸ ਹੋਣ 'ਤੇ ਹਰੇਕ ਰੈਗੂਲਰ ਅਤੇ ਸੇਵਾ ਮੁਕਤ ਕਰਮਚਾਰੀ ਨੂੰ ਬਿਨਾਂ ਸ਼ਰਤ ਇਨਕਰੀਮੈਂਟ ਦੇਣ, 2011 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਬਿਜਲੀ ਦੀ ਰਿਆਇਤ ਦੇਣ, ਬਿਜਲੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਾਂਗ 1 ਦਸੰਬਰ 2011 ਤੋਂ ਪੇਅ ਬੈਂਡ ਦੇਣ ਲਈ ਪੰਜਾਬ ਦੇ ਵਿੱਤ ਮੰਤਰੀ ਨਾਲ ਗੱਲਬਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਹੋਰ ਮੰਗਾਂ ਮੰਨਣ ਦਾ ਭਰੋਸਾ ਵੀ ਦਿੱਤਾ ਗਿਆ ਸੀ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਕਰਨ ਲਈ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਪਾਵਰਕਾਮ ਮੈਨੇਜਮੈਂਟ ਨੂੰ 31 ਜਨਵਰੀ ਤੱਕ ਦਾ ਅਲਟੀਮੇਟਮ ਦਿੰਦਿਆਂ ਮੰਗ ਕੀਤੀ ਕਿ ਜੇਕਰ 31 ਜਨਵਰੀ ਤੱਕ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਫਰਵਰੀ ਦੇ ਦੂਜੇ ਹਫਤੇ ਪੰਜਾਬ ਪੱਧਰ 'ਤੇ ਹੜਤਾਲ ਕਰਨਗੇ।


Baljeet Kaur

Content Editor

Related News