ਹੱਥੀਂ ਕੰਮ ਕਰਨਾ ਭੁੱਲ ਕੇ ਕਿਸਾਨ ਆਰਥਕ ਸੰਕਟ ''ਚ ਘਿਰੇ : ਧਰਮਸੌਤ

Wednesday, Sep 18, 2019 - 10:23 AM (IST)

ਹੱਥੀਂ ਕੰਮ ਕਰਨਾ ਭੁੱਲ ਕੇ ਕਿਸਾਨ ਆਰਥਕ ਸੰਕਟ ''ਚ ਘਿਰੇ : ਧਰਮਸੌਤ

ਚੰਡੀਗੜ੍ਹ/ਗੁਰਦਾਸਪੁਰ (ਕਮਲ, ਹਰਮਨਪ੍ਰੀਤ, ਵਿਨੋਦ) – ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਗੁਰਦਾਸਪੁਰ ਵਿਖੇ ਜ਼ਿਲਾ ਪੱਧਰੀ ਕਿਸਾਨ ਮੇਲਾ ਲਾਇਆ ਗਿਆ। ਇਸ ਮੇਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਇਸ ਮੌਕੇ ਸਮੂਹ ਮਹਿਮਾਨਾਂ ਖੇਤੀ ਮਾਹਿਰਾਂ ਅਤੇ ਕਿਸਾਨਾਂ ਨੇ ਉੱਘੇ ਵਿਗਿਆਨੀ ਅਤੇ ਪੀ. ਏ. ਯੂ. ਦੇ ਸਾਬਕਾ ਵਾਈਸ ਚਾਂਸਲਰ ਡਾ. ਖੇਮ ਸਿੰਘ ਗਿੱਲ ਦੇ ਸਵਰਗਵਾਸ ਹੋ ਜਾਣ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਸਮੇਂ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਖੋਜਾਂ ਬਾਰੇ ਜਾਣਕਾਰੀ ਲਈ ਵੱਖ-ਵੱਖ ਖੇਤੀ ਅਦਾਰਿਆਂ ਵਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਸਾਧੂ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਦੇ ਕਈ ਸੂਬਿਆਂ ਨੂੰ ਖੇਤੀ ਕਰਨੀ ਸਿਖਾਈ ਹੈ ਪਰ ਹੁਣ ਪੰਜਾਬ ਦੇ ਕਿਸਾਨ ਹੱਥੀਂ ਕੰਮ ਕਰਨ ਦੀ ਆਦਤ ਛੱਡ ਰਹੇ ਹਨ। ਬੇਲੋੜੇ ਖਰਚੇ ਵਧਾ ਦਿੱਤੇ ਜਾਣ ਕਾਰਨ ਕਿਸਾਨ ਸੰਕਟ 'ਚ ਘਿਰ ਚੁੱਕੇ ਹਨ।

PunjabKesari

ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਦੀ ਵਧਾਈ ਦਿੰਦਿਆਂ ਹਵਾ, ਪਾਣੀ ਅਤੇ ਜ਼ਮੀਨ ਦੀ ਸਾਂਭ-ਸੰਭਾਲ 'ਤੇ ਜ਼ੋਰ ਦਿੰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਲਈ ਜਿਥੇ ਕਈ ਪ੍ਰਕਾਰ ਦੀਆਂ ਸਕੀਮਾ ਚਲਾਈਆਂ ਹੋਈਆਂ ਹਨ ਅਤੇ ਕਈ ਪ੍ਰਕਾਰ ਦੀਆਂ ਸਬਸਿਡੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸ ਸਰਕਾਰ ਆਪਣੇ ਵਾਅਦੇ ਮੁਤਾਬਿਕ 5.62 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਚੁੱਕੀ ਹੈ ਅਤੇ ਬਣਦੀਆਂ ਸਹੁਲਤਾਂ ਦੇਣ ਲਈ ਵਚਨਬੱਧ ਹੈ। ਪੀ. ਏ. ਯੂ. ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਮੇਲਿਆਂ 'ਚ ਕਿਸਾਨਾਂ ਦਾ ਭਰਵਾਂ ਇਕੱਠ ਜਿੱਥੇ ਸਾਡੇ ਵਿਗਿਆਨੀਆਂ ਅਤੇ ਮਾਹਿਰਾਂ ਦੀ ਹੌਸਲਾ-ਅਫਜ਼ਾਈ ਕਰਦਾ ਹੈ, ਉਥੇ ਉਨ੍ਹਾਂ ਵਲੋਂ ਮਿਲਣ ਵਾਲੀ ਫੀਡ ਬੈਕ ਰਾਹੀਂ ਸਾਡੀ ਖੋਜ ਨੂੰ ਨਵੀਂ ਦਿਸ਼ਾ ਮਿਲਦੀ ਹੈ।

ਇਸ ਮੌਕੇ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਸਾਰੇ ਮਹਿਮਾਨਾਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ ਜਦੋਂ ਕਿ ਡਾ. ਮਾਨਵ ਇੰਦਰ ਸਿੰਘ ਗਿੱਲ ਡੀਨ, ਹਾਰਟੀਕਲਚਰ ਕਾਲਜ ਅਤੇ ਅਪਰ ਨਿਰਦੇਸ਼ਕ ਖੋਜ ਨੇ ਯੂਨੀਵਰਸਿਟੀ ਦੀਆਂ ਅਹਿਮ ਖੋਜਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਡਾ. ਤਰਸੇਮ ਸਿੰਘ ਢਿੱਲੋਂ, ਨਿਰਦੇਸਕ ਬੀਜ, ਪੀ. ਏ. ਯੂ. ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਵਾਸਤੇ ਗੁਰਦਾਸਪੁਰ ਦੇ ਕਿਸਾਨ ਮੇਲੇ 'ਚ ਬੀਜਾਂ ਦੀ ਵੰਡ ਲਈ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਜਿਸ ਸਦਕਾ ਕਿਸਾਨਾਂ ਨੂੰ ਇੱਕੋ ਹੀ ਖਿੜਕੀ ਤੋਂ ਸਾਰੇ ਬੀਜ ਉਪਲੱਬਧ ਕਰਵਾਏ ਗਏ।

ਇਸ ਸਮੇਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਸਿਖਲਾਈਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਗਾਂਹਵਧੂ ਕਿਸਾਨ ਗੁਰਬਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਨੇ ਆਪਣੇ ਖੇਤੀ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਉਪਰੰਤ ਤੇਜਿੰਦਰਪਾਲ ਸਿੰਘ ਸੰਧੂ ਏ. ਡੀ. ਸੀ., ਗੁਰਦਾਸਪੁਰ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਪਾਣੀ ਬਚਾਉਣ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਨਿਰਦੇਸ਼ਕ ਖੇਤਰੀ ਖੋਜ ਕੇਂਦਰ ਨੇ ਸਾਰਿਆਂ ਦਾ ਧੰਨਵਾਦ ਕੀਤਾ।


author

rajwinder kaur

Content Editor

Related News