ਕਰਜ਼ੇ ਦੀ ਬਲੀ ਚੜ੍ਹਿਆ ਇਕ ਹੋਰ ਕਿਸਾਨ
Thursday, Aug 08, 2019 - 11:00 AM (IST)
ਗੁਰਦਾਸਪੁਰ (ਵਿਨੋਦ) : ਕਰਜ਼ੇ ਤੋਂ ਪਰੇਸ਼ਾਨ ਇਕ ਕਿਸਾਨ ਵਲੋਂ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਕਿਸਾਨ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਇੰਚਾਰਜ਼ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਕ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਪਿੰਡ ਚੰਦਰਭਾਨ ਨੇ ਬੀਤੀ ਦੇਰ ਸ਼ਾਮ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾ ਲਈ, ਜਿਸ ਤੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ 'ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੇ ਪਤੀ ਨੇ ਬੈਂਕਾਂ ਦਾ ਕਰਜ਼ਾ ਦੇਣਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅਜੇ ਪੁਲਸ ਨੇ ਮ੍ਰਿਤਕ ਕਿਸਾਨ ਦੀ ਪਤਨੀ ਦੇ ਬਿਆਨ ਦੇ ਆਧਾਰ ਤੇ ਧਾਰਾ 174 ਅਧੀਨ ਕਾਰਵਾਈ ਕੀਤੀ ਹੈ। ਪੋਸਟਮਾਰਟਮ ਰਿਪੋਰਟ ਮਿਲਣ ਜਾਂ ਜਾਂਚ ਦੌਰਾਨ ਜੋ ਵੀ ਮਾਮਲਾ ਸਾਹਮਣੇ ਆਇਆ ਉਸ ਦੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।