ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਵਧਾਇਆ ਜਾਵੇ ਸਰਦ ਰੁੱਤ ਸੈਸ਼ਨ : ਬਾਜਵਾ
Sunday, Dec 02, 2018 - 11:15 AM (IST)

ਗੁਰਦਾਸਪੁਰ (ਹਰਮਨਪ੍ਰੀਤ) : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪੀਲ ਕੀਤੀ ਹੈ ਕਿ ਅਗਲੇ ਮਹੀਨੇ 11 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਸਰਦ ਰੁੱਤ ਇਜਲਾਸ ਨੂੰ ਘੱਟੋ ਘੱਟ ਦੋ ਦਿਨ ਤੱਕ ਵਧਾਇਆ ਜਾਵੇ। ਇਸ ਸਬੰਧ 'ਚ ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਕਿਸਾਨਾਂ ਦੀ ਮੰਦਹਾਲੀ ਅਤੇ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਵਿਸਥਾਰ ਪੂਰਵਕ ਜ਼ਿਕਰ ਕਰਦਿਆਂ ਕਿਹਾ ਕਿ 200 ਤੋਂ ਵੱਧ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਵਿਆਪਕ ਸੰਘਰਸ਼ ਤੋਂ ਕਿਸਾਨਾਂ ਦੀ ਦੁਰਦਸ਼ਾ ਦਾ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ।
ਬਾਜਵਾ ਨੇ ਕਰਜ਼ਾ ਮੁਕਤੀ ਸਬੰਧੀ ਬਿੱਲ ਅਤੇ ਘੱਟੋ-ਘੱਟ ਸਮਰਥਨ ਮੁੱਲ ਨਾਲ ਸਬੰਧਤ ਬਿੱਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਦ ਰੁੱਤ ਦਾ ਸੈਸ਼ਨ ਵਧਾ ਕੇ ਇਨ੍ਹਾਂ ਦੋ ਦਿਨਾਂ 'ਚ ਕਿਸਾਨਾਂ ਦੀ ਆਰਥਕ ਦਸ਼ਾ ਸੁਧਾਰਨ ਸਮੇਤ ਹੋਰ ਮੁੱਦਿਆਂ 'ਤੇ ਹੀ ਵਿਸਥਾਰਤ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੇ ਮਸਲੇ ਹੱਲ ਕੀਤੇ ਜਾ ਸਕਣ।