ਗੈਸਟ ਫੈਕਲਟੀ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫੈਸਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

Wednesday, Mar 11, 2020 - 05:31 PM (IST)

ਗੈਸਟ ਫੈਕਲਟੀ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫੈਸਰਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਗੁਰਦਾਸਪੁਰ (ਗੁਰਪ੍ਰੀਤ, ਹਰਮਨ) : ਪੰਜਾਬ ਦੇ ਕਰੀਬ 48 ਸਰਕਾਰੀ ਕਾਲਜਾਂ 'ਚ ਬਤੌਰ ਗੈਸਟ ਫੈਕਲਟੀ ਸੇਵਾਵਾਂ ਨਿਭਾਅ ਰਹੇ 1011 ਰਹੇ ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਨਾ ਹੋਣ ਦੇ ਰੋਸ ਵਜੋਂ ਅੱਜ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ ਸੰਘਰਸ਼ ਕਮੇਟੀ ਨੇ ਕਲਾਸਾਂ ਦਾ ਬਾਈਕਾਟ ਕਰਕੇ ਕਾਲਜ ਸਾਹਮਣੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਕਾਲਜ ਸਾਹਮਣੇ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਟੂਡੈਂਟ ਯੂਨੀਅਨ ਦੇ ਆਗੂ ਅਮਰ ਕ੍ਰਾਂਤੀ, ਮਨੀ ਭੱਟੀ ਤੇ ਸਿਮਰਜੀਤ ਨੇ ਪਹੁੰਚ ਕੇ ਇਸ ਸੰਘਰਸ਼ ਦੀ ਹਮਾਇਤ ਕੀਤੀ।

ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕਾਲਜਾਂ 'ਚ ਕੰਮ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਰੈਗੂਲਰ ਕਰਨ ਲਈ ਸਰਕਾਰ ਵਲੋਂ ਕੋਈ ਸੰਜੀਦਗੀ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਬਹੁਤ ਘੱਟ ਤਨਖਾਹਾਂ ਮਿਲਣ ਦੇ ਬਾਵਜੂਦ ਉਹ ਸਿਰਫ ਇਸ ਉਮੀਦ ਨਾਲ ਕੰਮ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰੇਗੀ ਪਰ ਇਸ ਦੇ ਬਾਵਜੂਦ ਸਰਕਾਰ ਨੇ ਡੇਢ ਦਹਾਕੇ ਤੋਂ ਉਨ੍ਹਾਂ ਨੂੰ ਨਜ਼ਰ ਅੰਦਾਜ ਕੀਤਾ ਹੋਇਆ ਹੈ । ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੀ ਨੀਅਤ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਰੈਗੂਲਰ ਕਰਨ ਦੀ ਬਜਾਏ ਸਰਕਾਰ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਵੱਖ-ਵੱਖ ਕੈਟਾਗਰੀਆਂ 'ਚ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਹੁੰਦੀਆਂ, ਓਨੀ ਦੇਰ ਉਹ ਸੰਘਰਸ਼ ਜਾਰੀ ਰੱਖਣ ਅਤੇ ਇਸ ਹੜਤਾਲ ਨਾਲ ਵਿਦਿਆਰਥੀਆਂ ਦੇ ਹੋਣ ਵਾਲੇ ਨੁਕਸਾਨ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।


author

Baljeet Kaur

Content Editor

Related News