ਵਿਧਾਇਕ ਦੇ ਭਰਾ ਦੀ ਤਸਵੀਰ ਨਾਲ ਅਸ਼ਲੀਲ ਫੋਟੋ ਵਾਇਰਲ ਕਰਨ ਵਾਲੇ ਖਿਲਾਫ ਮਾਮਲਾ ਦਰਜ

11/25/2019 2:20:47 PM

ਗੁਰਦਾਸਪੁਰ (ਹਰਮਨ, ਵਿਨੋਦ) : ਗੁਰਦਾਸਪੁਰ ਹਲਕੇ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਬਲਜੀਤ ਸਿੰਘ ਪਾਹੜਾ ਦੀ ਫੋਟੋ ਦੇ ਨਾਲ ਅਸ਼ਲੀਲ ਫੋਟੋ ਲਾ ਕੇ ਉਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਇਕ ਮੁਲਜ਼ਮ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਇਸ ਮੌਕੇ ਯੂਥ ਕਾਂਗਰਸ ਦੀਆਂ ਚੋਣਾਂ ਚਲ ਰਹੀਆਂ ਹਨ ਅਤੇ ਉਹ ਬਤੌਰ ਜ਼ਿਲਾ ਪ੍ਰਧਾਨ ਚੋਣ ਲੜ ਰਹੇ ਹਨ। ਇਸੇ ਤਹਿਤ ਪੂਰੇ ਜ਼ਿਲੇ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਵੋਟਾਂ ਦੀ ਅਪੀਲ ਕਰਨ ਲਈ ਉਨ੍ਹਾਂ ਦੇ ਇਸ਼ਤਿਹਾਰ ਅਤੇ ਬੈਨਰ ਬਣਾ ਕੇ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਵਲੋਂ ਸੋਸ਼ਲ ਮੀਡੀਆ ਰਾਹੀਂ ਵੀ ਉਨ੍ਹਾਂ ਦੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੱਲ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਚੋਣ ਪ੍ਰਚਾਰ ਵਾਲੇ ਸਟਿਕਰ 'ਤੇ ਕਿਸੇ ਸ਼ਰਾਰਤੀ ਅਨਸਰ ਨੇ ਇਕ ਅਸ਼ਲੀਲ ਫੋਟੋ ਲਾ ਕੇ ਵਾਈਰਲ ਕੀਤੀ ਹੈ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਦੇ ਵਟਸਐਪ ਨੰਬਰਾਂ ਅਤੇ ਵੱਖ-ਵੱਖ ਵਟਸਐਪ ਗਰੁੱਪਾਂ 'ਚ ਵਾਇਰਲ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਕਈ ਲੋਕਾਂ ਨੇ ਜਾਣਕਾਰੀ ਦਿੱਤੀ ਸੀ, ਜਿਸ ਦੌਰਾਨ ਉਨ੍ਹਾਂ ਨੇ ਤੁਰੰਤ ਥਾਣਾ ਸਿਟੀ 'ਚ ਸ਼ਿਕਾਇਤ ਕਰ ਕੇ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਦਲਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗੁਰਦਾਸ ਨੰਗਲ ਨੇ ਆਪਣੇ ਮੋਬਾਇਲ ਤੋਂ ਇਹ ਅਸ਼ਲੀਲ ਮੈਸੇਜ ਭੇਜਿਆ ਸੀ, ਜਿਸ ਕਾਰਣ ਪੁਲਸ ਨੇ ਇਸ ਵਿਅਕਤੀ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪਾਹੜਾ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰ ਕੇ ਦੂਜਿਆਂ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਹੋਰ ਲੋਕਾਂ ਨੂੰ ਵੀ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਉਹ ਅਜਿਹੀਆਂ ਹਰਕਤਾਂ ਕਰ ਕੇ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ। ਦੂਜੇ ਪਾਸੇ ਪੁਲਸ ਵਲੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਕੇ ਪਤਾ ਲਾਇਆ ਜਾ ਸਕੇ ਕਿ ਇਸ ਮਾਮਲੇ 'ਚ ਹੋਰ ਕੌਣ ਸ਼ਾਮਲ ਹੈ, ਜਿਸ ਨੇ ਉਕਤ ਆਗੂ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।

Baljeet Kaur

This news is Content Editor Baljeet Kaur