ਪ੍ਰਧਾਨ ਮੰਤਰੀ ਵਲੋਂ ਦਿੱਤੇ ਤੋਹਫਿਆਂ ਲਈ ਪੰਜਾਬੀ ਕਰਨਗੇ ਧੰਨਵਾਦ : ਸ਼ਵੇਤ ਮਲਿਕ

Wednesday, Jan 02, 2019 - 04:47 PM (IST)

ਪ੍ਰਧਾਨ ਮੰਤਰੀ ਵਲੋਂ ਦਿੱਤੇ ਤੋਹਫਿਆਂ ਲਈ ਪੰਜਾਬੀ ਕਰਨਗੇ ਧੰਨਵਾਦ : ਸ਼ਵੇਤ ਮਲਿਕ

ਗੁਰਦਾਸਪੁਰ (ਹਰਮਨਪ੍ਰੀਤ, ਵਿਨੋਦ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ 'ਚ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਜਿਥੇ ਕੇਂਦਰ ਦੀ ਕਾਂਗਰਸ ਲੀਡਰਸ਼ਿਪ ਖਿਲਾਫ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਸਮੇਤ ਕਈ ਦੋਸ਼ ਲਾਏ, ਉਥੇ ਉਨ੍ਹਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਸੇਵਾ ਨੂੰ ਸਮਰਪਤ ਸੋਚ ਵਾਲੀ ਸ਼ਖਸੀਅਤ ਹਨ। 

ਮਲਿਕ ਨੇ ਕਿਹਾ ਕਿ ਸਮੁੱਚੇ ਦੇਸ਼ ਅੰਦਰ ਲੋਕ ਪ੍ਰਧਾਨ ਮੰਤਰੀ ਨੂੰ ਪਿਆਰ ਕਰਦੇ ਹਨ ਅਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦੇ ਹਨ। ਪਰ ਰਾਹੁਲ ਗਾਂਧੀ ਨੇ ਰਾਫੇਲ ਵਰਗੇ ਮੁੱਦਿਆਂ 'ਤੇ ਸਰਾਸਰ ਝੂਠ ਦਾ ਸਹਾਰਾ ਲੈਂਦਿਆਂ ਨਾ ਸਿਰਫ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸਗੋਂ ਦੇਸ਼ ਵਾਸੀਆਂ ਨੂੰ ਗੁੰਮਰਾਹ ਵੀ ਕੀਤਾ ਹੈ। ਪ੍ਰਧਾਨ ਮੰਤਰੀ ਆਪਣੀ ਕਹਿਣੀ ਤੇ ਕਥਨੀ 'ਚ ਕੋਈ ਫਰਕ ਨਹੀਂ ਰੱਖਦੇ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਭ ਤੋਂ ਵਧੀਆ ਸੇਵਾਵਾਂ ਦਿੱਤੀਆਂ ਹਨ। ਇਥੋਂ ਤੱਕ ਕਿ ਉਹ ਰੋਜ਼ਾਨਾ ਕਿਸੇ ਨਾ ਕਿਸੇ ਮਾਧਿਅਮ ਰਾਹੀਂ ਸਿੱਧੇ ਰੂਪ 'ਚ ਦੇਸ਼ ਵਾਸੀਆਂ ਨਾਲ ਜੁੜੇ ਰਹਿੰਦੇ ਹਨ। ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਬਾਰੇ ਉਨ੍ਹਾਂ ਕਿਹਾ ਕਿ  ਜਾਖੜ ਇਹ ਦੱਸ ਦੇਣ ਕੇ ਚੋਣ ਜਿੱਤਣ ਦੇ ਬਾਅਦ ਹੁਣ ਤੱਕ ਉਨ੍ਹਾਂ ਨੇ ਗੁਰਦਾਸਪੁਰ 'ਚ ਕਿਹੜਾ ਕੰਮ ਅਮਲੀ ਰੂਪ 'ਚ ਕਰਵਾਇਆ ਹੈ। ਮਲਿਕ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਨੂੰ ਸਮਝ ਚੁੱਕੇ ਹਨ ਕਿ ਕਾਂਗਰਸ ਹਮੇਸ਼ਾ ਝੂਠ ਦੀ ਰਾਜਨੀਤੀ ਕਰਦੀ ਹੈ ਜਦੋਂ ਕਿ ਅਮਲੀ ਰੂਪ  'ਚ ਇਸ ਸਰਕਾਰ ਨੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 3 ਜਨਵਰੀ ਦੀ ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸਮੁੱਚੇ ਪੰਜਾਬ ਤੋਂ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ 'ਚ ਇਸ ਰੈਲੀ ਦੌਰਾਨ ਪਹੁੰਚ ਕੇ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਗਏ ਤੋਹਫਿਆਂ ਲਈ ਉਨ੍ਹਾਂ ਦਾ ਧੰਨਵਾਦ ਕਰਨਗੇ।


author

Baljeet Kaur

Content Editor

Related News