ਪੰਜਾਬ ਸਰਕਾਰ ਨੇ 5.83 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ 4736 ਕਰੋਡ਼ ਰੁਪਏ ਦਾ ਕਰਜ਼ਾ ਮੁਆਫ਼ ਕੀਤਾ : ਤ੍ਰਿਪਤ ਬਾਜਵਾ

Monday, Feb 18, 2019 - 04:05 AM (IST)

ਪੰਜਾਬ ਸਰਕਾਰ ਨੇ 5.83 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ 4736 ਕਰੋਡ਼ ਰੁਪਏ ਦਾ ਕਰਜ਼ਾ ਮੁਆਫ਼ ਕੀਤਾ : ਤ੍ਰਿਪਤ ਬਾਜਵਾ
ਗੁਰਦਾਸਪੁਰ (ਸਾਹਿਲ,ਬੇਰੀ,ਮਠਾਰੂ)–ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਨੇ ਕਰਜ਼ੇ ਹੇਠ ਦੱਬੀ ਕਿਸਾਨੀ ਦੀ ਬਾਂਹ ਫਡ਼ਕੇ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤੀ ਕਰਜ਼ਾ ਰਾਹਤ ਸਕੀਮ ਤਹਿਤ ਹੁਣ ਤੱਕ 5.83 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 4736 ਕਰੋਡ਼ ਰੁਪਏ ਦੀ ਕਰਜ਼ ਰਾਹਤ ਮੁਹੱਈਆ ਕਰਵਾਈ ਜਾ ਚੁੱਕੀ ਹੈ ਅਤੇ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਅਧੀਨ ਛੇਤੀ ਹੀ ਲਿਆਂਦਾ ਜਾ ਰਿਹਾ ਹੈ। ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਕਣਕ ਅਤੇ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਂਦੇ ਹੋਏ ਸੂਬਾ ਸਰਕਾਰ ਨੇ ਸਾਲ 2015-16 ਅਤੇ 2016-17 ਦੌਰਾਨ 4 ਸਬੰਧਤ ਫਸਲਾਂ ਵਿੱਚ ਕਿਸਾਨਾਂ ਨੂੰ ਅਦਾ ਕੀਤੇ ਗਏ 77,984 ਕਰੋਡ਼ ਰੁਪਏ ਦੇ ਮੁਕਾਬਲੇ ਪਿਛਲੀਆਂ ਚਾਰ ਫਸਲਾਂ ਵਿੱਚ 1,00,235 ਕਰੋਡ਼ ਰੁਪਏ ਅਦਾ ਕੀਤੇ ਹਨ। ਇਸ ਤਰ੍ਹਾਂ ਪਿਛਲੇ ਦੋ ਸਾਲਾਂ ਦੌਰਾਨ 28.5 ਫੀਸਦੀ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਮੁਫਤ ਅਤੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿਚ 14 ਲੱਖ ਟਿਊਬਵੈਲਾਂ ਲਈ ਸਾਲਾਨਾ 6250 ਕਰੋਡ਼ ਰੁਪਏ ਦੀ ਅਨੁਮਾਨਿਤ ਸਬਸਿਡੀ ਤੇ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਗਰੀਬੀ ਰੇਖਾ ਤੋਂ ਹੇਠਲੇ ਅਤੇ ਪੱਛਡ਼ੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ 200 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਨੇ ਸਾਲਾਨਾ 3000 ਯੂਨਿਟਾਂ ਦੀ ਖਪਤ ਦੀ ਸ਼ਰਤ ਨੂੰ ਵੀ ਖਤਮ ਕਰ ਦਿੱਤਾ ਹੈ। ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਨਤਕ ਵੰਡ ਪ੍ਰਣਾਲੀ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਸਹੂਲਤਾਂ ਦਾ ਲਾਭ ਹਰ ਲੋਡ਼ਵੰਦ ਤੱਕ ਜ਼ਰੂਰ ਪਹੁੰਚੇ। ਉਨ੍ਹਾਂ ਕਿਹਾ ਕਿ ਨਵੀਂ ਆਟਾ-ਦਾਲ ਸਕੀਮ ਤਹਿਤ ਗਰੀਬ ਅਤੇ ਲੋਡ਼ਵੰਦਾਂ ਦੇ ਕਾਰਡ ਬਣਾਏ ਗਏ ਹਨ ਅਤੇ ਇਸ ਸਹੂਲਤ ਦਾ ਲਾਭ ਬਿਨਾਂ ਕਿਸੇ ਭੇਦ-ਭਾਵ ਦੇ ਦਿੱਤਾ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਸੂਬਾ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਉੱਪਰ ਖਰ੍ਹਾ ਉਤਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਹਨ।

Related News