ਚੋਣਾਂ ’ਚ ਜਨਤਾ ਕਾਂਗਰਸ ਦੇ ਹੱਕ ’ਚ ਫਤਵਾ ਦੇਵੇਗੀ : ਵਿਧਾਇਕ ਫਤਿਹ ਬਾਜਵਾ

Sunday, Mar 31, 2019 - 04:51 AM (IST)

ਚੋਣਾਂ ’ਚ ਜਨਤਾ ਕਾਂਗਰਸ ਦੇ ਹੱਕ ’ਚ ਫਤਵਾ ਦੇਵੇਗੀ : ਵਿਧਾਇਕ ਫਤਿਹ ਬਾਜਵਾ
ਗੁਰਦਾਸਪੁਰ (ਬੇਰੀ)- ਕੈਪਟਨ ਸਰਕਾਰ ਦੀ ਕਾਰਗੁਜਾਰੀ ਨੂੰ ਧਿਆਨ ਵਿਚ ਰੱਖਦਿਆਂ ਆਗਾਮੀ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦੇਵੇਗੀ ਅਤੇ ਲੋਕ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਕਾਂਗਰਸੀ ਉਮੀਦਵਾਰ ਜਿੱਤ ਪ੍ਰਾਪਤ ਕਰ ਕੇ ਕੇਂਦਰ ਵਿਚ ਯੂ. ਪੀ. ਏ. ਗੱਠਜੋਡ਼ ਦੀ ਸਰਕਾਰ ਬਣਾਉਣਗੇ ਕਿਉਂਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਨੇ ਪਿਛਲੇ 2 ਸਾਲਾਂ ਵਿੱਚ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ ਅਤੇ ਆਰਥਿਕ ਤਰੱਕੀ ਦੇ ਖੇਤਰ ਵਿਚ ਸੂਬੇ ਨੇ ਲਾ-ਮਿਸਾਲ ਕਾਰਗੁਜਾਰੀ ਦਿਖਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਪਿਛਲੇ ਦੋ ਸਾਲਾਂ ਵਿਚ ਲੱਖਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ ਨਾਲ ਸਵੈ-ਰੋਜ਼ਗਾਰ ਸ਼ੁਰੂ ਕਰ ਕੇ ਦਿੱਤੇ ਹਨ। ਇਸ ਤੋਂ ਇਲਾਵਾ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਰਕਾਰੀ ਅਦਾਰਿਆਂ ਵਿਚ ਵੀ ਵੱਡੇ ਸੁਧਾਰ ਲਿਆਂਦੇ ਗਏ ਹਨ। ਵਿਧਾਇਕ ਫਤਿਹ ਬਾਜਵਾ ਨੇ ਅੱਗੇ ਕਿਹਾ ਸੂਬਾ ਵਾਸੀਆਂ ਦੀ ਸਿਹਤ ਦਾ ਖਿਆਲ ਰੱਖਦਿਆਂ ਪੰਜਾਬ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਨੂੰ ਸਖਤੀ ਨਾਲ ਰੋਕਿਆ ਗਿਆ ਹੈ ਅਤੇ ਲੋਕਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related News