ਗੁਰਦਾਸਪੁਰ ਜ਼ਿਲ੍ਹੇ ''ਚ 129 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
Sunday, Sep 20, 2020 - 01:21 AM (IST)

ਗੁਰਦਾਸਪੁਰ, (ਹਰਮਨ, ਜ. ਬ.)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਦੇ ਚਲਦਿਆਂ ਹੁਣ ਤੱਕ ਜ਼ਿਲ੍ਹੇ ’ਚ ਮਰਨ ਵਾਲੇ ਵਿਅਕਤੀਆਂ ਦੀ ਕੁੱਲ ਗਿਣਤੀ 105 ਹੋ ਗਈ ਹੈ। ਅੱਜ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਹ 54 ਸਾਲ ਦਾ ਪਿੰਡ ਬੋਲੇਵਾਲ ਦਾ ਹੈ, ਜੋ ਸ਼ੂਗਰ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਸੀ ਅਤੇ 14 ਸਤੰਬਰ ਨੂੰ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖਲ ਕਰਵਾਇਆ ਸੀ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਅੱਜ ਜ਼ਿਲੇ ’ਚ 129 ਮਰੀਜ਼ ਹੋਰ ਸਾਹਮਣੇ ਆਏ ਹਨ, ਜਿਸ ਦੇ ਬਾਅਦ ਜ਼ਿਲੇ ’ਚ ਪਾਜ਼ੇਟਿਵ ਪਾਏ ਜਾ ਚੁੱਕੇ ਮਰੀਜ਼ਾਂ ਦੀ ਕੁੱਲ ਗਿਣਤੀ 4881 ਹੋ ਗਈ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ 99,428 ਸ਼ੱਕੀ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 93,973 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦੋਂ ਕਿ 548 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਹੁਣ ਤੱਕ ਜ਼ਿਲੇ ’ਚ 3576 ਮਰੀਜ਼ ਠੀਕ ਹੋ ਚੁੱਕੇ ਹਨ ਜਦੋਂ ਕਿ 1095 ਮਰੀਜ਼ਾਂ ਨੂੰ ਕੋਈ ਲੱਛਣ ਨਾ ਹੋਣ ਕਾਰਣ ਘਰਾਂ ’ਚ ਆਈਸੋਲੇਟ ਕੀਤਾ ਹੋਇਆ ਹੈ। ਇਸ ਸਮੇਂ 1200 ਐਕਟਿਵ ਮਰੀਜ਼ ਹਨ।
ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਟੈਸਟਿੰਗ ਕਰਵਾਉਣ ’ਚ ਦੇਰੀ ਨਹੀਂ ਕਰਨੀ ਚਾਹੀਦੀ : ਐੱਸ. ਡੀ. ਐੱਮ. ਬੱਲ
ਗੁਰਦਾਸਪੁਰ, (ਹਰਮਨ)-ਐੱਸ. ਡੀ. ਐੱਮ. ਗੁਰਦਾਸਪੁਰ ਸਕੱਤਰ ਸਿੰਘ ਬੱਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਟਰੇਸਿੰਗ ਕਰ ਕੇ ਉਨ੍ਹਾਂ ਦੀ ਟੈਸਟਿੰਗ ਕਰਨੀ ਜ਼ਰੂਰੀ ਹੈ, ਇਸ ਲਈ ਜੋ ਵਿਅਕਤੀ ਕੋਰੋਨਾ ਪੀੜਤ ਦੇ ਸੰਪਰਕ ਵਿਚ ਆਏ ਹਨ, ਉਨ੍ਹਾਂ ਨੂੰ ਆਪਣੀ ਟੈਸਟਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ। ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ੍ਹਨਾ ਜਾਂ ਕਿਸੇ ਹੋਰ ਤਰ੍ਹਾਂ ਦੇ ਨਜ਼ਰ ਆਉਂਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਸਰਕਾਰੀ ਹਸਪਤਾਲ ਨਾਲ ਸੰਪਰਕ ਕਰੇ ਤਾਂ ਜੋ ਸਹੀ ਸਮੇਂ ਤੇ ਕੋਰੋਨਾ ਵਾਇਰਸ ਦਾ ਪਤਾ ਲੱਗਣ ਦੇ ਨਾਲ ਹੀ ਇਸ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਟੈਸਟ ਮੁਫਤ ਕੀਤਾ ਜਾਂਦਾ ਹੈ।