ਗੁਰਦਾਸਪੁਰ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ 56 ਹੋਰ ਨਵੇਂ ਪਾਜ਼ੇਟਿਵ ਮਾਮਲਿਆਂ ਦੀ ਹੋਈ ਪੁਸ਼ਟੀ

08/30/2020 1:52:44 AM

ਗੁਰਦਾਸਪੁਰ, (ਹਰਮਨ, ਜ. ਬ.)- ਜ਼ਿਲ੍ਹੇ ’ਚ ਤੇਜ਼ੀ ਨਾਲ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ ਦੇ ਮੱਦੇਨਜ਼ਰ ਅੱਜ 56 ਨਵੇਂ ਮਰੀਜ਼ਾਂ ਦੀਆਂ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤਹਿਤ ਹੁਣ ਜ਼ਿਲ੍ਹਾ ਗੁਰਦਾਸਪੁਰ ’ਚ ਪਾਜ਼ੇਟਿਵ ਪਾਏ ਜਾ ਚੁੱਕੇ ਮਰੀਜ਼ਾਂ ਦੀ ਕੁੱਲ ਗਿਣਤੀ 2150 ਤੱਕ ਪਹੁੰਚ ਗਈ ਹੈ ਜਦੋਂ ਕਿ ਇਸ ਵਾਇਰਸ ਦੀ ਲਪੇਟ ਵਿਚ ਆ ਕੇ ਮੌਤ ਦੇ ਮੂੰਹ ’ਚ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ 49 ਹੈ। ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ’ਚ ਮਰੀਜ਼ਾਂ ਦੀ ਗਿਣਤੀ ’ਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਅਜੇ ਵੀ ਕਈ ਲੋਕ ਮਾਸਕ ਅਤੇ ਸੋਸ਼ਲ ਡਿਸਟੈਂਸ ਦੀ ਪ੍ਰਵਾਹ ਨਹੀਂ ਕਰ ਰਹੇ। ਇਸ ਤਹਿਤ ਅੱਜ ਵੀਕ ਐਂਡ ਲਾਕਡਾਊਨ ਦੇ ਨਿਯਮਾਂ ਨੂੰ ਲਾਗੂ ਕਰਾਉਣ ਲਈ ਪੁਲਸ ਨੇ ਕਈ ਥਾਈਂ ਸਖ਼ਤੀ ਕੀਤੀ ਅਤੇ ਬਿਨਾਂ ਵਜ੍ਹਾਂ ਇੱਧਰ-ਉਧਰ ਜਾਣ ਆਉਣ ਵਾਲੇ ਵਿਅਕਤੀਆਂ ਦੇ ਚਲਾਨ ਵੀ ਕੱਟੇ।

ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਗੁਰਦਾਸਪੁਰ ਅੰਦਰ 63,789 ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ ਜਿਨ੍ਹਾਂ ’ਚੋਂ 60,184 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦੋਂਕਿ ਦੀਆਂ 2286 ਰਿਪੋਰਟਾਂ ਆਉਣੀਆਂ ਬਾਕੀ ਹਨ। ਉਨ੍ਹਾਂ ਦੱਸਿਆ ਕਿ 1409 ਮਰੀਜ਼ ਇਸ ਵਾਇਰਸ ’ਤੇ ਫਤਿਹ ਹਾਸਲ ਕਰ ਚੁੱਕੇ ਹਨ ਜਦੋਂ ਕਿ ਇਸ ਮੌਕੇ ਜ਼ਿਲੇ ’ਚ ਮਰੀਜ਼ਾਂ ਦੀ ਗਿਣਤੀ 692 ਹੈ।

ਪੁਲਸ ਨੇ ਵਧਾਈ ਸਖ਼ਤੀ

ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਜਬਰਜੀਤ ਸਿੰਘ ਨੇ ਦੱਸਿਆ ਕਿ ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਅੱਜ ਪੁਲਸ ਨੇ ਵੱਖ-ਵੱਖ ਥਾਈਂ ਨਾਕਾਬੰਦੀ ਕਰ ਕੇ ਜਿੱਥੇ ਚੈਕਿੰਗ ਕੀਤੀ, ਉਸ ਦੇ ਨਾਲ ਹੀ ਸ਼ਹਿਰ ਦੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਹੀ ਅੱਜ ਕੁਝ ਦੁਕਾਨਾਂ ਖੁੱਲ੍ਹੀਆਂ ਹਨ ਅਤੇ ਕੱਲ ਐਤਵਾਰ ਵਾਲੇ ਦਿਨ ਵੀ ਸਖਤੀ ਨਾਲ ਵੀਕੈਂਡ ਲਾਕਡਾਊਨ ਲਾਗੂ ਕਰਵਾਇਆ ਜਾਵੇਗਾ।


Bharat Thapa

Content Editor

Related News