ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਗੁਰਦਾਸਪੁਰ ਪ੍ਰਸ਼ਾਸਨ ਨੇ ਕਿਸਾਨਾਂ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

Tuesday, Jul 29, 2025 - 04:35 PM (IST)

ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਗੁਰਦਾਸਪੁਰ ਪ੍ਰਸ਼ਾਸਨ ਨੇ ਕਿਸਾਨਾਂ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਗੁਰਦਾਸਪੁਰ (ਹਰਮਨ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਵੱਲੋਂ ਨਿੱਜੀ ਖਾਦ ਵਿਕ੍ਰੇਤਾਵਾਂ ਦੇ ਸਟਾਕ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਯੂਰੀਆ ਖਾਦ ਦੀ ਕੋਈ ਕਮੀ ਨਾ ਆਵੇ ਇਸ ਲਈ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  'ਮਹਾਂਪੁਰਸ਼ ਬਹੁਤ ਪਹੁੰਚੇ ਹੋਏ ਹਨ', ਇਹ ਸੁਣਦੇ ਹੀ ਬਜ਼ੁਰਗ ਜੋੜੇ ਨੇ ਆਪਣੇ ਹੱਥੀਂ ਉਜਾੜ ਲਿਆ ਘਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਾਦ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਕਿਸਾਨਾਂ ਲਈ ਇੱਕ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸਥਾਪਿਤ ਇਸ ਕੰਟਰੋਲ ਰੂਮ ਵਿੱਚ ਅਧਿਕਾਰੀ ਤੇ ਕਰਮਚਾਰੀ ਦਿਨ-ਰਾਤ ਡਿਊਟੀ ਉੱਪਰ ਤਾਇਨਾਤ ਕੀਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 'ਤੇ ਆਉਣ ਵਾਲੀ ਹਰ ਕਾਲ ਨੂੰ ਸੁਣ ਕੇ ਤੁਰੰਤ ਉਸ ਉੱਪਰ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਇਸ ਹੈਲਪ ਲਾਈਨ ਨੰਬਰ 'ਤੇ ਖਾਦ ਦੀ ਉਪਲਬਧਤਾ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਜੇਕਰ ਜ਼ਿਲ੍ਹੇ ਵਿੱਚ ਕੋਈ ਦੁਕਾਨਦਾਰ ਖਾਦ ਦੀ ਕਾਲਾਬਾਜ਼ਾਰੀ ਕਰ ਰਿਹਾ ਹੈ ਤਾਂ ਇਸ ਦੀ ਸੂਚਨਾ ਵੀ ਦੇ ਸਕਦਾ ਹੈ।

ਇਹ ਵੀ ਪੜ੍ਹੋਪੰਜਾਬ 'ਚ 53 ਪਟਵਾਰੀਆਂ ਦੇ ਹੋਏ ਤਬਾਦਲੇ

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਯੂਰੀਆ ਖਾਦ ਦੀ ਕੋਈ ਕਮੀਂ ਨਹੀਂ ਹੈ। ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮਗਰੀ ਦੀ ਵਿੱਕਰੀ ਹੀ ਕਿਸਾਨਾਂ ਨੂੰ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ ਦੋ ਹੋਰ ਅਧਿਕਾਰੀ ਸਸਪੈਂਡ

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਿਤ ਖੇਤੀਬਾੜੀ ਅਧਿਕਾਰੀ, ਮੁੱਖ ਖੇਤੀਬਾੜੀ ਅਫ਼ਸਰ ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News