ਸਿਵਲ ਹਸਪਤਾਲ ਗੁਰਦਾਸਪੁਰ ਦੀਆਂ ਖਾਮੀਆਂ ਫਿਰ ਬੇਨਕਾਬ, ਜਾਰੀ ਹੋਈਆਂ ਸਖ਼ਤ ਹਦਾਇਤਾਂ

Sunday, Feb 08, 2026 - 04:26 PM (IST)

ਸਿਵਲ ਹਸਪਤਾਲ ਗੁਰਦਾਸਪੁਰ ਦੀਆਂ ਖਾਮੀਆਂ ਫਿਰ ਬੇਨਕਾਬ, ਜਾਰੀ ਹੋਈਆਂ ਸਖ਼ਤ ਹਦਾਇਤਾਂ

ਗੁਰਦਾਸਪੁਰ (ਹਰਮਨ) : ਜ਼ਿਲ੍ਹਾ ਹੈਡਕੁਆਰਟਰ ’ਤੇ ਸਥਿਤ ਸਿਵਲ ਹਸਪਤਾਲ ਗੁਰਦਾਸਪੁਰ 'ਚ ਇੱਕ ਵਾਰ ਫਿਰ ਵੱਡੇ ਪੱਧਰ ’ਤੇ ਖਾਮੀਆਂ ਸਾਹਮਣੇ ਆਈਆਂ ਹਨ। ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਦੇ ਮੈਂਬਰ ਵੱਲੋਂ ਕੀਤੀ ਗਈ ਅਚਾਨਕ ਜਾਂਚ ਦੌਰਾਨ ਹਸਪਤਾਲ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ, ਜਿਸ ਨੂੰ ਦੇਖ ਕੇ ਕਮਿਸ਼ਨ ਦੇ ਮੈਂਬਰ ਨੇ ਕਾਫ਼ੀ ਨਿਰਾਸ਼ਾ ਜ਼ਾਹਰ ਕੀਤੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਹਸਪਤਾਲ ਦੇ ਕਈ ਬਾਥਰੂਮ ਤਾਲਾਬੰਦ ਪਏ ਸਨ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਮਾਮਲੇ ’ਤੇ ਕਮਿਸ਼ਨ ਦੇ ਮੈਂਬਰ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਖ਼ਤ ਫਟਕਾਰ ਲਗਾਉਂਦਿਆਂ ਕਿਹਾ ਕਿ ਮਰੀਜ਼ਾਂ ਲਈ ਬੁਨਿਆਦੀ ਸੁਵਿਧਾਵਾਂ ਤੱਕ ਉਪਲੱਬਧ ਨਹੀਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਵਾਹਨ ਚਾਲਕਾਂ ਵਿਚਾਲੇ ਮਚੀ ਹਾਹਾਕਾਰ

ਇਸ ਤੋਂ ਇਲਾਵਾ ਸਰਕਾਰੀ ਐਂਬੂਲੈਂਸ ਸੇਵਾ 'ਚ ਵੀ ਭਾਰੀ ਲਾਪਰਵਾਹੀ ਨਜ਼ਰ ਆਈ। ਜਾਂਚ ਸਮੇਂ ਪਤਾ ਲੱਗਿਆ ਕਿ ਐਂਬੂਲੈਂਸਾਂ ਦੀ ਰਿਕਾਰਡ ਬੁੱਕ 'ਚ ਮਰੀਜ਼ਾਂ ਦੇ ਨਾਂ ਅਤੇ ਸੰਪਰਕ ਵੇਰਵੇ ਦਰਜ ਨਹੀਂ ਕੀਤੇ ਗਏ ਸਨ। ਇਸ ਗੰਭੀਰ ਲਾਪਰਵਾਹੀ ਨੂੰ ਦੇਖਦਿਆਂ ਕਮਿਸ਼ਨ ਦੇ ਮੈਂਬਰ ਨੇ ਐਂਬੂਲੈਂਸ ਡਰਾਈਵਰਾਂ ਨੂੰ ਵੀ ਸਖ਼ਤ ਤਾੜਨਾ ਕੀਤੀ। ਹਸਪਤਾਲ ਅੰਦਰ ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਇੰਫੈਕਸ਼ਨ ਤੋਂ ਬਚਾਅ ਸਬੰਧੀ ਵੀ ਕਈ ਖਾਮੀਆਂ ਸਾਹਮਣੇ ਆਈਆਂ। ਕਮਿਸ਼ਨ ਦੇ ਮੈਂਬਰ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸਿਵਲ ਹਸਪਤਾਲ ਲੋਕਾਂ ਦੀ ਜ਼ਿੰਦਗੀ ਬਚਾਉਣ ਅਤੇ ਇਲਾਜ ਮੁਹੱਈਆ ਕਰਵਾਉਣ ਲਈ ਹੁੰਦਾ ਹੈ, ਨਾ ਕਿ ਉਨ੍ਹਾਂ ਨੂੰ ਹੋਰ ਮੁਸ਼ਕਲਾਂ ਅਤੇ ਬੀਮਾਰੀਆਂ ਦੇ ਖ਼ਤਰੇ 'ਚ ਪਾਉਣ ਲਈ।

ਇਹ ਵੀ ਪੜ੍ਹੋ : PROMOTION ਲਈ ਲਾਜ਼ਮੀ ਹੋਇਆ ਇਹ ਟੈਸਟ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ

ਇਸ ਮੌਕੇ ਕਮਿਸ਼ਨ ਦੇ ਮੈਂਬਰ ਨੇ ਸਿਵਲ ਸਰਜਨ ਗੁਰਦਾਸਪੁਰ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲਾਪਰਵਾਹੀ ਵਰਤਣ ਵਾਲੇ ਡਾਕਟਰਾਂ ਅਤੇ ਸਟਾਫ਼ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਨਾਲ ਹੀ ਹਸਪਤਾਲ ਦੀ ਕਾਰਗੁਜ਼ਾਰੀ 'ਚ ਤੁਰੰਤ ਸੁਧਾਰ ਲਿਆਂਦੇ ਜਾਣ ਦੇ ਹੁਕਮ ਵੀ ਦਿੱਤੇ ਗਏ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਮਿਲ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News