ਜ਼ਿਲ੍ਹਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜ਼ਿਲ੍ਹੇ ''ਚ ਨਵੀਆਂ ਪਾਬੰਦੀਆਂ ਲਾਗੂ
Monday, May 03, 2021 - 01:31 AM (IST)
ਸ੍ਰੀ ਹਰਗੋਬਿੰਦਪੁਰ /ਘੁਮਾਣ, (ਸਰਬਜੀਤ ਸਿੰਘ ਬਾਵਾ)- ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਕਲੈਰੀਫਿਕੇਸ਼ਨ ਕਰਦਿਆਂ 02 ਮਈ ਤੋਂ 15 ਮਈ 2021 ਤਕ ਵਾਧੂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜ਼ਿਲ੍ਹੇ ਗੁਰਦਾਸਪੁਰ ਅੰਦਰ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਜਾਰੀ ਕਲੈਰੀਫਿਕੇਸ਼ਨ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਜ਼ਿਲ੍ਹੇ ਗੁਰਦਾਸਪੁਰ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।
1. ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ।
ਲੈਬੋਰੇਟਰੀ, ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ।
2. ਕੋਈ ਵੀ ਵਿਅਕਤੀ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾਕੇ ਹੀ ਦਾਖਲ ਹੋ ਸਕੇਗਾ।
3. ਸਾਰੇ ਸਰਕਾਰੀ ਦਫਤਰ ਤੇ ਬੈਂਕ ਆਪਣੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ ਕੇਵਲ ਕੋਵਿਡ ਸਬੰਧੀ ਡਿਊਟੀ ਦੀ ਤਾਇਨਾਤੀ ਨੂੰ ਛੱਡਕੇ। ਡਿਪਟੀ ਕਮਿਸ਼ਨਰ ਕੋਵਿਡ ਮੈਨਜੇਮੈਂਟ ਅਤੇ ਇਸ ਨਾਲ ਸਬੰਧਤ ਡਿਊਟੀ ਲਈ ਕਿਸੇ ਵੀ ਵਿਭਾਗ ਦੀ ਸੇਵਾਵਾਂ ਲੈ ਸਕਣਗੇ।
4. ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜ਼ਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।
5. 10 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜ਼ਾਜਤ ਨਹੀਂ। ਜਿਵੇਂ ਵਿਆਹ/ਸਸਕਾਰ/ਅੰਤਿਮ ਰਸਮਾਂ.(wedding/cremations/funerals)
6. ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ।
7. ਸਬਜ਼ੀ ਮੰਡੀ ਕੇਵਲ ਸਬਜ਼ੀਆਂ ਤੇ ਫਰੂਟ ਲਈ ਖੁੱਲੇਗੀ ਤੇ ਉੱਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।
8. ਕਿਸਾਨ ਯੂਨੀਅਨਾਂ ਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਕੱਠ ਨਾ ਕਰਨ ਤੇ ਪ੍ਰਦਰਸ਼ਨ ਵਾਲੀਆਂ ਥਾਵਾਂ ਜਿਵੇਂ ਕਿ ਟੋਲ ਪਲਾਜ਼ੇ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋਵੇ।
9. ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ । ਗੁਰਦੁਆਰਾ, ਮੰਦਿਰਾਂ, ਮਸਜਿਦਾਂ ਤੇ ਚਰਚਾਂ ਆਦਿ ਵਿਚ ਭੀੜ ਨਾ (no overcrowding)ਹੋਵੇ।
10. ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
11. ਰੇਹੜੀ ਵਾਲਿਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਹੋਣਗੇ।