ਜ਼ਿਲ੍ਹੇ ਨੂੰ ਤੋੜਨ ਦੀ ਉੱਠੀ ਮੰਗ ਵਿਰੁੱਧ ਮੁੜ ਭੜਕੇ ਗੁਰਦਾਸਪੁਰ ਦੇ ਵਕੀਲ, ਦਿੱਤੀ ਚੇਤਾਵਨੀ
Wednesday, Apr 29, 2026 - 06:19 PM (IST)
ਗੁਰਦਾਸਪੁਰ (ਹਰਮਨ) : ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਲਈ ਚੱਲ ਰਹੀਆਂ ਮੰਗਾਂ ਦੇ ਵਿਰੋਧ ਵਿਚ ਗੁਰਦਾਸਪੁਰ ਦਾ ਸਮੁੱਚਾ ਵਕੀਲ ਭਾਈਚਾਰਾ ਮੁੜ ਖੁੱਲ੍ਹ ਕੇ ਮੈਦਾਨ ਵਿਚ ਆ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਵਕੀਲਾਂ ਵੱਲੋਂ ਸ਼ੁਰੂ ਕੀਤੇ ਗਏ ਤਿੰਨ ਰੋਜ਼ਾ ਸੰਘਰਸ਼ ਦੇ ਦੂਜੇ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਅਦਾਲਤਾਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਗਿਆ ਅਤੇ ਵਕੀਲਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਬਚਾਓ ਸੰਘਰਸ਼ ਕਮੇਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬੈਨਰ ਹੇਠ ਇਕੱਠੇ ਹੋਏ ਵਕੀਲਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਕਿ ਕਿਸੇ ਵੀ ਸੂਰਤ ਵਿਚ ਇਤਿਹਾਸਕ ਗੁਰਦਾਸਪੁਰ ਜ਼ਿਲ੍ਹੇ ਨੂੰ ਟੁਕੜਿਆਂ ਵਿਚ ਨਾ ਵੰਡਿਆ ਜਾਵੇ।
ਇਸ ਮੌਕੇ ਸੀਨੀਅਰ ਵਕੀਲ ਐਡਵੋਕੇਟ ਮਨੋਜ ਲੂੰਬਾ ਨੇ ਕਿਹਾ ਕਿ ਪਹਿਲਾਂ ਹੀ ਗੁਰਦਾਸਪੁਰ ਜ਼ਿਲ੍ਹੇ ਨੂੰ ਵੰਡ ਕੇ ਪਠਾਨਕੋਟ ਨੂੰ ਵੱਖਰਾ ਜ਼ਿਲ੍ਹਾ ਬਣਾਇਆ ਜਾ ਚੁੱਕਾ ਹੈ, ਜਿਸ ਕਾਰਨ ਜ਼ਿਲ੍ਹੇ ਨੂੰ ਆਰਥਿਕ, ਭੂਗੋਲਿਕ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜੇ ਹੁਣ ਬਟਾਲਾ ਨੂੰ ਵੀ ਵੱਖਰਾ ਜ਼ਿਲ੍ਹਾ ਬਣਾਇਆ ਗਿਆ ਤਾਂ ਗੁਰਦਾਸਪੁਰ ਦਾ ਵਜੂਦ ਹੋਰ ਕਮਜ਼ੋਰ ਹੋ ਜਾਵੇਗਾ ਅਤੇ ਇਸ ਦੇ ਗੰਭੀਰ ਨਤੀਜੇ ਸਾਹਮਣੇ ਆਉਣਗੇ। ਵਕੀਲਾਂ ਨੇ ਦੋਸ਼ ਲਾਇਆ ਕਿ ਸਿਰਫ਼ ਰਾਜਨੀਤਿਕ ਲਾਭ ਲਈ ਗੁਰਦਾਸਪੁਰ ਜ਼ਿਲ੍ਹੇ ਨੂੰ ਤੋੜਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਉਹ ਕਿਸੇ ਵੀ ਹਾਲਤ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਨਵਾਂ ਜ਼ਿਲ੍ਹਾ ਬਣਾਉਣ ਲਈ ਸਰਕਾਰੀ ਖ਼ਜ਼ਾਨੇ ’ਤੇ ਵਾਧੂ ਬੋਝ ਪਵੇਗਾ। ਵਕੀਲਾਂ ਨੇ ਚੇਤਾਵਨੀ ਦਿੱਤੀ ਕਿ ਫਿਲਹਾਲ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਗਿਆ ਹੈ, ਪਰ ਜੇਕਰ ਸਰਕਾਰ ਨੇ ਇਸ ਮੰਗ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
