ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ : 72 ਕਿੱਲੋ ਹੈਰੋਇਨ ਮਾਮਲੇ 'ਚ 3 ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ
Thursday, Nov 03, 2022 - 04:05 PM (IST)
ਗੁਰਦਾਸਪੁਰ/ਚੰਡੀਗੜ੍ਹ (ਵੈੱਬ ਡੈਸਕ, ਵਿਨੋਦ) : ਪੰਜਾਬ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਦੀ ਪੁਲਸ ਨੇ ਮੁੰਬਈ ਬੰਦਰਗਾਹ ਤੋਂ 72.5 ਕਿੱਲੋ ਹੈਰੋਇਨ ਦੇ ਮਾਮਲੇ 'ਚ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ ਦੇ ਕੈਦੀ 'ਕਾਲੇ ਪੀਲੀਏ' ਦੇ ਕਲਾਵੇ 'ਚ ਆਏ, ਸਾਹਮਣੇ ਆਏ ਅਸਲ ਅੰਕੜੇ
ਡੀ. ਜੀ. ਪੀ. ਨੇ ਟਵੀਟ ਕਰਦਿਆਂ ਦੱਸਿਆ ਕਿ ਮਹੱਤਵਪੂਰਨ ਸਫ਼ਲਤਾ ਹਾਸਲ ਕਰਦੇ ਹੋਏ 22 ਜੁਲਾਈ ਨੂੰ ਏ. ਟੀ. ਐੱਸ. ਮੁੰਬਈ ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ 'ਤੇ ਆਪਰੇਸ਼ਨ ਦੌਰਾਨ ਨਿਹਾਵਾ ਸ਼ੇਵਾ ਪੋਰਟ ਮੁੰਬਈ 'ਚ 72.5 ਕਿੱਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਭਰ ਦੇ ਕਿਸਾਨਾਂ ਨੂੰ PAU ਦੀ ਸਲਾਹ, ਕਣਕ ਦਾ ਵੱਧ ਝਾੜ ਲੈਣ ਲਈ ਇਸ ਤਾਰੀਖ਼ ਤੱਕ ਕਰੋ ਬਿਜਾਈ
ਹੁਣ ਇਸ ਮਾਮਲੇ 'ਚ ਵਾਂਟੇਡ 3 ਹਾਈ ਪ੍ਰੋਫਾਈਲ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਤਸਕਰ ਵੱਡੇ ਪੱਧਰ 'ਤੇ ਪੰਜਾਬ 'ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ 'ਚ ਸਰਗਰਮ ਰੂਪ 'ਚ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ਼ ਮਹਿਕ (27), ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ਼ ਸੇਵਕ (25) ਅਤੇ ਅੰਮ੍ਰਿਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ਼ ਸੋਨੀ (34) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸਨ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਸ ਨੇ ਬੁੱਧਵਾਰ ਸ਼ਾਮ ਨੂੰ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮ੍ਰਿਤਸਰ-ਜੰਮੂ ਹਾਈਵੇਅ 'ਤੇ ਇੱਕ ਐੱਸ. ਯੂ. ਵੀ. ਮਹਿੰਦਰਾ ਥਾਰ (ਪੀ. ਬੀ. 46 ਏ. ਐੱਚ. 0003) ਨੂੰ ਰੋਕ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਪੁਲਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐੱਮ. ਐੱਮ. ਦੇ 6 ਜ਼ਿੰਦਾ ਕਾਰਤੂਸ ਅਤੇ .32 ਬੋਰ ਦੇ 6 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਮੁੰਬਈ ਏ. ਟੀ. ਐੱਸ. ਨੇ ਖੇਪ ਮੰਗਵਾਉਣ ਵਾਲੇ ਮੁਲਜ਼ਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ