ਗੁਰਦਾਸਪੁਰ ਪੁਲਸ ਨੇ ਚਲਾਇਆ ਆਪ੍ਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ''ਤੇ ਕੀਤੀ ਜਾਂਚ
Saturday, Apr 12, 2025 - 11:26 AM (IST)

ਗੁਰਦਾਸਪੁਰ(ਹਰਮਨ,ਵਿਨੋਦ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਦੇ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਸ ਵੱਲੋਂ ਬੀਤੀ ਰਾਤ ਨੂੰ ਆਪ੍ਰੇਸ਼ਨ ਚਲਾਇਆ ਗਿਆ। ਆਈ. ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ ਦੀ ਅਗਵਾਈ ਵਿੱਚ ਚੱਲੇ ਇਸ ਆਪ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਅਤੇ ਪੁਲਸ ਨਾਕਿਆਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸ਼ੱਕੀ ਵਾਹਨਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ʼਤੇ ਜਾ ਕੇ ਰਾਤ ਨੂੰ ਡਿਊਟੀ ਨਿਭਾ ਰਹੇ ਪੁਲਸ ਦੇ ਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਇਨ੍ਹਾਂ ਨਾਕਿਆਂ ਦੀ ਪੜਤਾਲ ਵੀ ਕੀਤੀ।
ਇਹ ਵੀ ਪੜ੍ਹੋ-ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਇਸ ਮੌਕੇ ਆਈ. ਜੀ. ਬਾਰਡਰ ਰੇਂਜ ਪਰਮਰਾਜ ਸਿੰਘ ਉਮਰਾਨੰਗਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਪੇਸ਼ਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਕਸਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਸਾਰੇ ਸੰਵੇਦਨਸ਼ੀਲ ਥਾਵਾਂ ਉੱਪਰ ਨਾਕੇ ਲਗਾਏ ਗਏ ਹਨ ਉਥੇ ਭਾਰਤ-ਪਾਕਿ ਅੰਤਰ-ਰਾਸ਼ਟਰੀ ਸਰਹੱਦ ਨਾਲ ਸੈਕਿੰਡ ਡੀਫੈਂਸ ਲਾਈਨ ਨੂੰ ਵੀ ਮਜ਼ਬੂਤ ਕਰਦੇ ਹੋਏ 10 ਵਿਸ਼ੇਸ਼ ਨਾਕੇ ਲਗਾਏ ਗਏ ਹਨ। ਉਮਰਾਨੰਗਲ ਨੇ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਆਦਿੱਤਯ ਨੇ ਦੱਸਿਆ ਕਿ ਪੁਲਸ ਵੱਲੋਂ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਕਤਾਰ ਦੀ ਮਜਬੂਤੀ ਦੇ ਨਾਲ-ਨਾਲ ਇਸ ਆਪ੍ਰੇਸ਼ਨ ਸਤਰਕ ਦੇ ਦੌਰਾਨ ਅੰਤਰ ਜ਼ਿਲ੍ਹਾ ਨਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਹੈ ਅਤੇ ਇੱਥੇ ਸੁਰੱਖਿਆ ਹੋਰ ਮਜ਼ਬੂਤ ਕੀਤੀ ਗਈ। ਇਸ ਤੋਂ ਬਿਨਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਦੀ ਜਾਂਚ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਵੀ ਜਾਂਚ ਪੜਤਾਲ ਕੀਤੀ ਗਈ। ਪੁਲਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਆਵਾਜਾਈ ਦੌਰਾਨ ਸ਼ੱਕੀ ਵਾਹਨਾਂ ਦੀ ਵੀ ਪੜਤਾਲ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਸ ਵੱਲੋਂ ਵੱਖ-ਵੱਖ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਪਰੇਸ਼ਨ ਸਤਰਕ ਚਲਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਜੁਗਰਾਜ ਸਿੰਘ ਤੇ ਹੋਰ ਪੁਲਸ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8