ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਦੀ ਕਾਰ ਸੇਵਾ 16 ਮਾਰਚ ਤੋਂ ਹੋਵੇਗੀ ਸ਼ੁਰੂ : ਕਰਮਸਰ
Thursday, Mar 13, 2025 - 12:44 AM (IST)

ਅੰਮ੍ਰਿਤਸਰ (ਸਰਬਜੀਤ) : ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਸਰੋਵਰ ਦੀ ਕਾਰ ਸੇਵਾ 16 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕਰੀਬ 10 ਸਾਲ ਪਹਿਲਾਂ ਇਸ ਦੀ ਕਾਰ ਸੇਵਾ ਕੀਤੀ ਗਈ ਸੀ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕਾਰ ਸੇਵਾ ਸੰਪ੍ਰਦਾ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਨੂੰ ਇਹ ਸੇਵਾ ਸੌਂਪੀ ਗਈ ਹੈ, ਜਿਨ੍ਹਾਂ ਵੱਲੋਂ ਬਾਬਾ ਬਚਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਹ ਸੇਵਾ 16 ਮਾਰਚ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਇਸ ਮੌਕੇ ਅਨੇਕਾਂ ਸੰਪ੍ਰਦਾਵਾਂ ਤੋਂ ਸੰਤ-ਮਹਾਪੁਰਸ਼ ਅਤੇ ਪ੍ਰਤਿਸ਼ਠਿਤ ਸ਼ਖਸੀਅਤਾਂ ਮੌਜੂਦ ਰਹਿਣਗੀਆਂ।
ਇਹ ਵੀ ਪੜ੍ਹੋ : ਟਿਊਸ਼ਨ ਪੜ੍ਹਨ ਘਰੋਂ ਨਿਕਲਿਆ ਲੜਕਾ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ 10 ਸਾਲਾਂ ਦਾ ਸਮਾਂ ਹੋ ਚੁੱਕਾ ਹੈ ਅਤੇ ਦਿੱਲੀ ਵਿੱਚ ਧੂੜ ਮਿੱਟੀ ਬਹੁਤ ਜ਼ਿਆਦਾ ਹੋਣ ਕਰਕੇ ਕਮੇਟੀ ਨੇ ਮਹਿਸੂਸ ਕੀਤਾ ਕਿ ਸਰੋਵਰ ਦੀ ਕਾਰ ਸੇਵਾ ਹੋਣੀ ਚਾਹੀਦੀ ਹੈ ਤਾਂ ਜੋ ਸਰੋਵਰ ਵਿੱਚ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਹਾਲਾਂਕਿ, ਕਮੇਟੀ ਦੁਆਰਾ ਸਰੋਵਰ ਵਿੱਚ ਪਾਣੀ ਨੂੰ ਸ਼ੁੱਧ ਕਰਨ ਵਾਲੀਆਂ ਮਸ਼ੀਨਾਂ ਵੀ ਲਗਾਈਆਂ ਗਈਆਂ ਹਨ ਪਰ ਇਸਦੇ ਬਾਵਜੂਦ ਹੋਰ ਜ਼ਿਆਦਾ ਸਫ਼ਾਈ ਲਈ ਕਾਰ ਸੇਵਾ ਕਰਵਾਈ ਜਾ ਰਹੀ ਹੈ ਜਿਸ ਵਿੱਚ ਪੂਰੇ ਸਰੋਵਰ ਨੂੰ ਖਾਲੀ ਕਰਕੇ ਸਾਫ਼ ਕਰਨ ਤੋਂ ਬਾਅਦ ਫਿਰ ਪਾਣੀ ਭਰਿਆ ਜਾਵੇਗਾ। ਜਸਪ੍ਰੀਤ ਸਿੰਘ ਕਰਮਸਰ ਨੇ ਦਿੱਲੀ ਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਤੋਂ ਅਪੀਲ ਕੀਤੀ ਹੈ ਕਿ ਕਾਰ ਸੇਵਾ ਵਿੱਚ ਹਿਸਾ ਲੈ ਕੇ ਸੇਵਾ ਵਿੱਚ ਯੋਗਦਾਨ ਦਿਓ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8