ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ

Sunday, Apr 23, 2023 - 10:46 AM (IST)

ਅਰੁਣਾਚਲ ਪ੍ਰਦੇਸ਼ ’ਚ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)- ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ ਧਰਮ ਦੇ ਅਸਥਾਨ ਦੇ ਰੂਪ ਵਿਚ ਬਦਲ ਦਿੱਤਾ ਗਿਆ ਹੈ। ਲੰਘੀ 8 ਅਪ੍ਰੈਲ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ’ਤੇ ਆਪਣੇ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਹੁਣ ਇਸ ਸਿੱਖ ਅਸਥਾਨ ਨੂੰ ਬੋਧੀ ਅਸਥਾਨ ਵਜੋਂ ਤਬਦੀਲ ਕੀਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ- SGPC ਦਾ ਵੱਡਾ ਫ਼ੈਸਲਾ, ਸੰਗਤ ਨੂੰ ਰਹਿਤ ਮਰਿਆਦਾ ਦੀ ਜਾਣਕਾਰੀ ਦੇਣ ਲਈ ਚੁੱਕਣ ਜਾ ਰਹੀ ਇਹ ਕਦਮ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਹਰਕਤ ਨੂੰ ਸਿੱਖਾਂ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਧਰਮ ਅਸਥਾਨ ਨੂੰ ਹੋਰ ਧਰਮ ਦੇ ਕੇਂਦਰ ਵਿਚ ਤਬਦੀਲ ਕਰ ਦੇਣਾ ਸੰਵਿਧਾਨ ਦੀ ਧਾਰਾ 25 ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਦੇਸ਼ਾਂ ਦੀ ਧਾਰਮਿਕ ਯਾਤਰਾ ਕੀਤੀ ਸੀ, ਜਿਸ ਨੂੰ ਸਿੱਖ ਇਤਿਹਾਸ ਵਿਚ ਉਦਾਸੀਆਂ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸੇ ਤਹਿਤ ਹੀ ਗੁਰੂ ਸਾਹਿਬ ਦੇ ਮੇਚੁਕਾ ਵਿਖੇ ਵੀ ਜਾਣ ਦਾ ਹਵਾਲਾ ਮਿਲਦਾ ਹੈ।

ਇਹ ਵੀ ਪੜ੍ਹੋ- ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਵਿਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਨੂੰ ਤੁਰੰਤ ਦਖ਼ਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਵੱਖ-ਵੱਖ ਥਾਵਾਂ ’ਤੇ ਸਥਿਤ ਸਿੱਖਾਂ ਦੇ ਅਸਥਾਨਾਂ ਨਾਲ ਸਬੰਧਤ ਕਈ ਮਾਮਲੇ ਪਹਿਲਾਂ ਹੀ ਪੈਂਡਿੰਗ ਚਲੇ ਆ ਰਹੇ ਹਨ ਅਤੇ ਹੁਣ ਇਕ ਹੋਰ ਮਾਮਲਾ ਪੈਦਾ ਕਰ ਦਿੱਤਾ ਗਿਆ ਹੈ। ਇਹ ਸਿੱਖਾਂ ਨਾਲ ਵਿਤਕਰੇਬਾਜ਼ੀ ਦੀ ਇਕ ਹੋਰ ਮਿਸਾਲ ਹੈ, ਜਿਸ ’ਤੇ ਭਾਰਤ ਸਰਕਾਰ ਗੌਰ ਕਰੇ ਅਤੇ ਹੱਲ ਵੱਲ ਵਧੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਅਤੇ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਜਾਵੇਗੀ।

ਇਹ ਵੀ ਪੜ੍ਹੋ- ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਹਰ ਅੱਖ ਹੋਈ ਨਮ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News