ਪ੍ਰਸ਼ਾਸਨ ਵਲੋਂ ''ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ'' ''ਚ ਇਕੱਠ ਨਾ ਕਰਨ ਦੀਆਂ ਹਦਾਇਤਾਂ

03/19/2020 3:49:05 PM

ਪਟਿਆਲਾ (ਇੰਦਰਜੀਤ) : ਪੂਰੇ ਸੰਸਾਰ 'ਚ ਕਰੋਨਾ ਵਾਇਰਸ ਜਿੱਥੇ ਤੇਜ਼ੀ ਨਾਲ ਫੈਲ ਰਿਹਾ ਹੈ, ਉੱਥੇ ਇਸ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਧਾਰਮਿਕ ਸਥਾਨਾਂ 'ਤੇ ਜਾ ਕੇ ਕਮੇਟੀ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਧਾਰਮਿਕ ਸਥਾਨਾਂ 'ਤੇ ਜ਼ਿਆਦਾ ਇਕੱਠ ਨਾ ਕਰਨ ਦੀਆਂ ਹਦਾਇਤਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਣ ਸਾਹਿਬ  ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਸਥਾਨ 'ਤੇ ਜ਼ਿਆਦਾ ਇਕੱਠ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਮੌਜੂਦਗੀ ਵਿੱਚ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ. ਐੱਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਮੀਟਿੰਗ ਕੀਤੀ ਗਈ
ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਨੋਵਲ ਕਰੋਨਾ ਵਾਇਰਸ ਕੋਵਿਡ-19 ਤੋਂ ਬਚਾਅ ਲਈ ਅਤੇ ਇਸ ਦੇ ਪ੍ਰਭਾਵ ਨੂੰ ਰੋਕਣ ਦੇ ਮੱਦੇਨਜ਼ਰ ਮਨੁੱਖਤਾ ਦੀ ਭਲਾਈ ਨੂੰ ਧਿਆਨ 'ਚ ਰੱਖਦਿਆਂ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਸੰਗਤਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਇਹ ਫ਼ੈਸਲਾ ਕੀਤਾ ਗਿਆ ਕਿ ਇਸ ਸਥਾਨ ਤੇ ਹਰ ਮਹੀਨੇ ਪੰਚਮੀ ਦਾ ਦਿਹਾੜਾ ਜਾਂ ਹੋਰ ਵੱਡੇ ਸਮਾਗਮ ਨਾ ਕੀਤੇ ਜਾਣ ਤਾਂ ਜੋ ਇਸ ਕਰੋਨਾ ਵਾਇਰਸ ਦੇ ਸੰਕਟ ਤੋਂ ਬਚਿਆ ਜਾ ਸਕੇ।
ਉੱਥੇ ਦੂਜੇ ਪਾਸੇ ਇਸ ਮੀਟਿੰਗ ਦੇ ਸਬੰਧ 'ਚ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਸਥਾਨ 'ਤੇ ਵੱਡੇ ਇਕੱਠ 'ਚ ਸ਼ਾਮਲ ਨਾ ਹੋਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਸੰਗਤਾਂ ਦੀ ਸਿਹਤ ਦਾ ਵੀ ਧਿਆਨ ਰੱਖਿਆ ਜਾ ਸਕੇ। ਨਾਲ ਹੀ ਉਨ੍ਹਾ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਅਸਥਾਨ 'ਤੇ ਆ ਰਹੀਆਂ ਸੰਗਤਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਹੋਇਆਂ ਸਫ਼ਾਈ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਵੇਂ ਕਿ ਸੰਗਤਾਂ ਦੇ ਹੱਥ ਧੋਣ ਲਈ ਸਾਬਣ, ਸੈਨੇਟਾਈਜ਼ਰ ਆਦਿ ਤੋਂ ਇਲਾਵਾ ਕਈ ਹੋਰ ਸਹੂਲਤਾਂ ਵੀ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


Babita

Content Editor

Related News