ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਲੱਖਾਂ ਦੀ ਗਿਣਤੀ 'ਚ ਸੰਗਤ ਹੋਈ ਨਤਮਸਤਕ

12/28/2018 12:26:29 PM

ਸ੍ਰੀ ਫਤਿਹਗੜ੍ਹ ਸਾਹਿਬ (ਜਗਦੇਵ)—ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਜੋੜ-ਮੇਲ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦੇ ਕੀਰਤਨ ਤੇ ਕਥਾ ਵਿਚਾਰਾਂ ਤੋਂ ਬਾਅਦ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ 'ਚ  ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ 'ਚ  ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

ਸਾਲਾਨਾ ਸ਼ਹੀਦੀ ਸਭਾ ਮੌਕੇ ਪੁੱਜੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੱਧਰ 'ਤੇ ਲੰਗਰਾਂ, ਮੈਡੀਕਲ ਡਿਸਪੈਂਸਰੀਆਂ, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਰਿਹਾਇਸ਼, ਟੈਂਟ, ਜੋੜੇ-ਘਰ, ਗੱਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਤੇ ਸੇਵਾ ਸੋਸਾਇਟੀਆਂ ਵੱਲੋਂ ਵੀ ਵੱਡੀ ਪੱਧਰ 'ਤੇ ਸੰਗਤ ਦੀ ਸੇਵਾ ਲਈ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਜੂਕੇਸ਼ਨ ਡਾਇਰੈਕਟੋਰੇਟ ਵੱਲੋਂ ਡਾ. ਜਤਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਵੀ ਆਯੋਜਿਤ ਕੀਤੇ ਗਏ।

ਇਸੇ ਦੌਰਾਨ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਖ ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹਾਜ਼ਰੀ ਭਰੀ। ਇਥੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ 'ਚ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ   ਸੁਖਬੀਰ ਸਿੰਘ ਬਾਦਲ, ਕੇਂਦਰੀ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ ਆਦਿ ਮੌਜੂਦ ਸਨ। ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੁਖਬੀਰ ਸਿੰਘ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਬੈਠ ਕੇ ਗੁਰਬਾਣੀ ਦਾ ਇਲਾਹੀ ਕੀਰਤਨ ਵੀ ਸਰਵਣ ਕੀਤਾ ਤੇ ਗੁਰੂ ਦਾ ਲੰਗਰ ਵੀ ਛਕਿਆ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਅੱਜ ਪ੍ਰੇਰਣਾ ਲੈਣ ਦੀ ਲੋੜ ਹੈ ਤੇ ਲੱਖਾਂ ਦੀ ਤਾਦਾਦ 'ਚ  ਆਉਣ ਵਾਲੀ ਸੰਗਤ ਪ੍ਰਣ ਕਰ ਕੇ ਜਾਵੇ ਦੇ ਗੁਰੂ ਦੇ ਦਰਸਾਏ ਮਾਰਗ ਤੇ ਚੱਲੇ । 

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਹਿੰਮਤ, ਅਣਖ, ਦਲੇਰੀ ਅਤੇ ਨਿਡਰਤਾ ਨਾਲ ਧਰਮ ਦੇ ਅਸੂਲਾਂ 'ਤੇ ਪਹਿਰਾ ਦੇਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ   ਰਣਧੀਰ ਸਿੰਘ ਚੀਮਾ, ਕਰਨੈਲ ਸਿੰਘ ਪੰਜੋਲੀ, ਭਾਈ ਅਮਰਜੀਤ ਸਿੰਘ ਚਾਵਲਾ,   ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ, ਗੁਰਪ੍ਰੀਤ ਸਿੰਘ ਝੱਬਰ,  ਭਗਵੰਤ ਸਿੰਘ ਸਿਆਲਕਾ, ਦਵਿੰਦਰ ਸਿੰਘ ਖੱਟੜਾ, ਬਲਦੇਵ ਸਿੰਘ ਚੂੰਘਾ, ਦੀਦਾਰ ਸਿੰਘ ਭੱਟੀ, ਦਰਬਾਰਾ ਸਿੰਘ ਗੁਰੂ, ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਮਨਪ੍ਰੀਤ ਕੌਰ ਹੁੰਦਲ, ਅਮਰਿੰਦਰ ਸਿੰਘ ਲਿਬੜਾ,  ਰਘਬੀਰ ਸਿੰਘ ਸਹਾਰਨਮਾਜਰਾ, ਸਵਰਨ ਸਿੰਘ ਚਨਾਰਥਲ, ਗੁਰਮੀਤ ਸਿੰਘ ਚੀਮਾ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਨਿੱਜੀ ਸਕੱਤਰ ਇੰਜ. ਸੁਖਮਿੰਦਰ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਦੀਪ ਸਿੰਘ ਇੰਚਾਰਜ ਅਮਲਾ, ਸਿਮਰਜੀਤ ਸਿੰਘ ਕੰਗ, ਕਰਮਜੀਤ ਸਿੰਘ ਭਗੜਾਣਾ, ਜਥੇ. ਮਨਜੀਤ ਸਿੰਘ ਚਨਾਰਥਲ,  ਮੈਨੇਜਰ ਅਮਰਜੀਤ ਸਿੰਘ, ਮੈਨੇਜਰ ਨੱਥਾ ਸਿੰਘ, ਐਡੀ. ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਕਰਮਜੀਤ ਸਿੰਘ, ਮੈਨੇਜਰ ਜੋਗਾ ਸਿੰਘ,  ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਤੇ ਦਰਸ਼ਨ ਸਿੰਘ ਪੀ. ਏ ਆਦਿ ਵੀ ਹਾਜ਼ਰ ਸਨ।

Shyna

This news is Content Editor Shyna