ਗੁਰਦੁਆਰਾ ਗੁਰੂ ਅਰਜਨ ਦੇਵ ਜੀ ''ਤੇ ਹਮਲੇ ਦੀ ਜਥੇਦਾਰ ਵੱਲੋਂ ਨਿੰਦਾ, ਗੁ. ਕਮੇਟੀਆਂ ਨੂੰ ਦਿੱਤੇ ਇਹ ਹੁਕਮ
Tuesday, May 26, 2020 - 06:34 PM (IST)
ਤਲਵੰਡੀ ਸਾਬੋ (ਮੁਨੀਸ਼) : ਬੀਤੇ ਦਿਨੀਂ ਇੰਗਲੈਂਡ ਦੇ ਸ਼ਹਿਰ ਡਰਬੀ ਸਥਿਤ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਇਕ ਸਿਰਫਿਰੇ ਵਿਅਕਤੀ ਵੱਲੋਂ ਕੀਤੇ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਇੰਗਲੈਂਡ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਉਕਤ ਵਿਅਕਤੀ ਖਿਲਾਫ ਸਖਤ ਕਾਰਵਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਬ੍ਰਿਟੇਨ ਦੇ ਡਰਬੀ ਵਿਚ ਸੋਮਵਾਰ ਸਵੇਰੇ ਗੁਰੂ ਅਰਜਨ ਦੇਵ ਗੁਰਦੁਆਰਾ ਸਾਹਿਬ 'ਤੇ ਸਿਰਫਿਰੇ ਵਿਅਕਤੀ ਵਲੋਂ ਹਮਲਾ ਕਰ ਦਿੱਤਾ ਗਿਆ ਅਤੇ ਭੰਨ-ਤੋੜ ਕੀਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਦੌਰਾਨ ਕਿਸੇ ਨੂੰ ਸੱਟ ਤਾਂ ਨਹੀਂ ਲੱਗੀ ਪਰ ਸ਼ਖਸ ਵਲੋਂ ਗੁਰਦੁਆਰਾ ਸਾਹਿਬ 'ਚ ਲੱਗੇ ਸ਼ੀਸ਼ਿਆਂ ਨੂੰ ਤੋੜ ਦਿੱਤਾ ਗਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਲਾਕਡਾਊਨ ਕਾਰਨ ਗੁਰਦੁਆਰਾ ਸਾਹਿਬ ਕੁਝ ਸਮੇਂ ਲਈ ਬੰਦ ਕੀਤਾ ਗਿਆ ਹੈ ਪਰ ਰੋਜ਼ਾਨਾ ਅਰਦਾਸ ਲਾਈਵ ਸਟ੍ਰੀਮਿੰਗ ਜ਼ਰੀਏ ਕੀਤੀ ਜਾ ਰਹੀ ਹੈ। ਡਰਬੀ ਦਾ ਗੁਰੂ ਅਰਜਨ ਦੇਵ ਗੁਰਦੁਆਰਾ ਲੋੜਵੰਦਾਂ ਦੀ ਮਦਦ ਲਈ ਵੀ ਹਮੇਸ਼ਾ ਅੱਗੇ ਰਹਿੰਦਾ ਹੈ। ਘਟਨਾ ਤੋਂ ਬਾਅਦ ਗੁਰਦੁਆਰੇ ਵੱਲੋਂ ਬਿਆਨ ਜਾਰੀ ਕਰ ਕੇ ਦੱਸਿਆ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਉਨ੍ਹਾਂ ਦੀ ਸੇਵਾ-ਭਾਵਨਾ ਵਿਚ ਕਮੀ ਨਹੀਂ ਆਵੇਗੀ ਅਤੇ ਮਦਦ ਦਾ ਕੰਮ ਜਾਰੀ ਰਹੇਗਾ।