ਗੁਰਦੁਆਰਾ ਨਨਕਾਣਾ ਸਾਹਿਬ ''ਤੇ ਹਮਲੇ ਦਾ ਕੇਂਦਰ ਸਰਕਾਰ ਸਖ਼ਤ ਨੋਟਿਸ ਲਵੇ : ਪ੍ਰੋ. ਚੰਦੂਮਾਜਰਾ

01/04/2020 8:53:03 PM

ਪਟਿਆਲਾ,(ਬਲਜਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਨਨਕਾਣਾ ਸਾਹਿਬ 'ਤੇ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਪੱਥਰਬਾਜ਼ੀ ਅਤੇ ਸਿੱਖਾਂ ਨੂੰ ਦਿੱਤੀਆਂ ਗਈਆਂ ਧਮਕੀਆਂ ਦਾ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ । ਭਾਰਤ ਸਰਕਾਰ ਨੂੰ ਇਹ ਮਾਮਲਾ ਡਿਪਲੋਮੈÎਟਿਕ ਪੱਧਰ 'ਤੇ ਚੁੱਕ ਕੇ ਅੰਤਰਰਾਸ਼ਟਰੀ ਦਬਾਅ ਪਾਕਿਸਤਾਨ 'ਤੇ ਪਾ ਕੇ ਪ੍ਰਦਰਸ਼ਨਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲਾਂ ਵਿਚ ਸੁੱਟਣਾ ਚਾਹੀਦਾ ਹੈ ਤਾਂ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਲੋਕਾਂ ਵਿਚ ਫੈਲੇ ਸਹਿਮ ਨੂੰ ਘੱਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਰਹਿ ਰਹੇ ਘੱਟ ਗਿਣਤੀ ਵਰਗ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਿੱਖਾਂ ਨੂੰ ਉਜਾੜਨਾ ਕਿਸੇ ਵੀ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ। ਪ੍ਰੋ. ਚੰਦੂਮਾਜਰਾ ਨੇ ਪੀਲੀਭੀਤ ਵਿਚ ਨਗਰ ਕੀਰਤਨ ਸਜਾ ਰਹੇ ਸਿੱਖਾਂ ਦੇ ਖਿਲਾਫ ਕੇਸ ਦਰਜ ਕਰਨ ਦਾ ਮਾਮਲਾ ਨੂੰ ਵੱਡੇ ਪੱਧਰ 'ਤੇ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜਲਦ ਹੀ ਅਕਾਲੀ ਦਲ ਦਾ ਇਕ ਵਫਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆਨਾਥ ਯੋਗੀ ਨੂੰ ਮਿਲਣ ਲਈ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਨੂੰ ਮਿਲ ਕੇ ਸਿੱਖਾਂ ਦੇ ਖਿਲਾਫ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਕਰਵਾਇਆ ਜਾਵੇਗਾ।


Related News